- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਨੂੰ ਬਚਾਉਣਾ ਹੈ ਤਾਂ ਕਾਂਗਰਸ ਦੀ ਸਰਕਾਰ ਲਿਆਉਣਾ ਜ਼ਰੂਰੀ : ਅਵਤਾਰ ਸੰਧਵਾਂ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਅਵਤਾਰ ਸਿੰਘ ਸੰਧਵਾਂ ਨੇ ਪੰਜਾਬ ਦੀ ਮੌਜੂਦਾ ਸਿਆਸੀ, ਆਰਥਿਕ ਅਤੇ ਸਮਾਜਿਕ ਸਥਿਤੀ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਨੂੰ ਮੌਜੂਦਾ ਚੁਣੌਤੀਆਂ ਅਤੇ ਸੰਕਟਾਂ ਵਿੱਚੋਂ ਬਾਹਰ ਕੱਢ ਕੇ ਮੁੜ ਤਰੱਕੀ ਅਤੇ ਖ਼ੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਉਣ ਲਈ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਖ-ਵੱਖ ਸਰਕਾਰਾਂ ਨੂੰ ਮੌਕੇ ਦਿੱਤੇ ਹਨ, ਪਰ ਅੱਜ ਵੀ ਸੂਬਾ ਕਈ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਸੰਤੁਸ਼ਟ ਨਹੀਂ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਕਾਂਗਰਸ ਦੇ ਹੱਕ ਵਿੱਚ ਫ਼ਤਵਾ ਦੇਣਗੇ। ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਪਾਰਟੀ ਦੀ ਰਣਨੀਤੀ ਬਾਰੇ ਗੱਲ ਕਰਦਿਆਂ ਐਡਵੋਕੇਟ ਸੰਧਵਾਂ ਨੇ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਕਾਂਗਰਸ ਪਾਰਟੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ 70 ਤੋਂ ਵੱਧ ਸੀਟਾਂ ਜਿੱਤ ਕੇ ਸੂਬੇ ਵਿੱਚ ਮਜ਼ਬੂਤ ਸਰਕਾਰ ਬਣਾਏਗੀ। ਉਨ੍ਹਾਂ ਅਨੁਸਾਰ ਪੰਜਾਬ ਦੇ ਲੋਕ ਬਿਹਤਰ ਪ੍ਰਸ਼ਾਸਨ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ, ਵਪਾਰੀਆਂ ਲਈ ਸੁਖਾਵਾਂ ਮਾਹੌਲ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਦੀ ਆਸ ਰੱਖਦੇ ਹਨ। ਪੰਜਾਬ ਕਾਂਗਰਸ ਦੀ ਲੀਡਰਸ਼ਿਪ ਅਤੇ ਪਾਰਟੀ ਅੰਦਰੂਨੀ ਮੱਤਭੇਦਾਂ ਸਬੰਧੀ ਚੱਲ ਰਹੀਆਂ ਚਰਚਾਵਾਂ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਕਿਸੇ ਵੀ ਸੀਨੀਅਰ ਆਗੂ ਨਾਲ ਕੋਈ ਨਿੱਜੀ ਲੜਾਈ ਜਾਂ ਮਤਭੇਦ ਨਹੀਂ ਹੈ। ਸਾਰੇ ਆਗੂਆਂ ਦਾ ਸਾਂਝਾ ਉਦੇਸ਼ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨਾ ਅਤੇ ਪਾਰਟੀ ਨੂੰ ਮਜ਼ਬੂਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਵੱਲੋਂ ਲਏ ਜਾਂਦੇ ਫ਼ੈਸਲਿਆਂ ਅਤੇ ਜਥੇਬੰਦਕ ਤਬਦੀਲੀਆਂ ਦਾ ਸਾਰੇ ਆਗੂ ਸਤਿਕਾਰ ਕਰਦੇ ਹਨ। ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਜ਼ਮੀਨੀ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਅਤੇ ਸਮਰਪਿਤ ਵਰਕਰ ਹੁੰਦੇ ਹਨ, ਜੋ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਚਿਤ ਮੰਚਾਂ ਤੱਕ ਪਹੁੰਚਾਉਂਦੇ ਹਨ। ਅੰਤ ਵਿੱਚ ਐਡਵੋਕੇਟ ਅਵਤਾਰ ਸਿੰਘ ਸੰਧਵਾਂ ਨੇ ਕਾਂਗਰਸੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਸੀ ਏਕਤਾ, ਅਨੁਸ਼ਾਸਨ ਅਤੇ ਪੂਰੇ ਤਾਲਮੇਲ ਨਾਲ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸੁਨਹਿਰੀ ਭਵਿੱਖ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।