ਕਾਂਗਰਸ ਦੇ ਲੋਕ-ਪੱਖੀ ਕੰਮਾਂ ਨੂੰ ਲੋਕ ਅੱਜ ਵੀ ਕਰ ਰਹੇ ਹਨ ਯਾਦ : ਰਾਜਦੀਪ ਔਲਖ ਕਾਂਗਰਸ ਦੇ ਲੋਕ-ਪੱਖੀ ਕੰਮਾਂ ਨੂੰ ਲੋਕ ਅੱਜ ਵੀ ਕਰ ਰਹੇ ਹਨ ਯਾਦ : ਰਾਜਦੀਪ ਔਲਖ
Publish Date: Mon, 02 Nov 2026 04:56 PM (IST)
Updated Date: Mon, 02 Nov 2026 04:59 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਦੇ ਲੋਕ ਅੱਜ ਵੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲਾਗੂ ਕੀਤੀਆਂ ਲੋਕ-ਪੱਖੀ ਭਲਾਈ ਨੀਤੀਆਂ ਨੂੰ ਯਾਦ ਕਰ ਰਹੇ ਹਨ। ਕਾਂਗਰਸ ਸਰਕਾਰ ਦੇ ਸਮੇਂ ਸਿੱਖਿਆ, ਸਿਹਤ, ਕਿਸਾਨੀ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਚੁੱਕੇ ਗਏ ਕਦਮਾਂ ਦਾ ਪ੍ਰਭਾਵ ਅੱਜ ਵੀ ਲੋਕਾਂ ਦੇ ਮਨਾਂ ਵਿੱਚ ਮੌਜੂਦ ਹੈ। ਇਹ ਪ੍ਰਗਟਾਵਾ ਦਿ ਟਰੱਕ ਆਪਰੇਟਰਜ਼ ਐਸੋਸੀਏਸ਼ਨ ਜੈਤੋ ਦੇ ਸਾਬਕਾ ਪ੍ਰਧਾਨ, ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਰਾਮੇਆਣਾ ਦੇ ਸਰਪੰਚ ਰਾਜਦੀਪ ਸਿੰਘ ਔਲਖ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦੀ ਕਾਰਗੁਜ਼ਾਰੀ ਦਾ ਅਸਲ ਮੁਲਾਂਕਣ ਉਸ ਵੱਲੋਂ ਕੀਤੇ ਵਾਅਦਿਆਂ ਦੀ ਬਜਾਏ ਲੋਕਾਂ ਦੀ ਜ਼ਿੰਦਗੀ ਵਿੱਚ ਲਿਆਂਦੀ ਗਈ ਤਬਦੀਲੀ ਅਤੇ ਕੀਤੇ ਗਏ ਵਿਕਾਸ ਕਾਰਜਾਂ ਦੇ ਆਧਾਰ ਤੇ ਹੁੰਦਾ ਹੈ। ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਅਹਿਮ ਫ਼ੈਸਲੇ ਲਏ ਗਏ ਸਨ। ਇਨ੍ਹਾਂ ਫ਼ੈਸਲਿਆਂ ਰਾਹੀਂ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ, ਕਿਸਾਨੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਸੀ। ਸਰਪੰਚ ਰਾਜਦੀਪ ਸਿੰਘ ਔਲਖ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਵੱਖ-ਵੱਖ ਸਰਕਾਰਾਂ ਦੇ ਕੰਮਕਾਜ ਦੀ ਤੁਲਨਾ ਕਰ ਰਹੇ ਹਨ। ਲੋਕਾਂ ਨੂੰ ਉਮੀਦ ਹੈ ਕਿ ਸਰਕਾਰਾਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਜ਼ਮੀਨੀ ਪੱਧਰ ਤੇ ਪ੍ਰਭਾਵਸ਼ਾਲੀ ਕਦਮ ਚੁੱਕਣ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਪੰਜਾਬ ਦੇ ਹੱਕਾਂ, ਲੋਕ-ਮੁੱਦਿਆਂ ਅਤੇ ਸੂਬੇ ਦੀ ਤਰੱਕੀ ਲਈ ਆਪਣੀ ਲੜਾਈ ਜਾਰੀ ਰੱਖੇਗੀ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦੇ ਆਗੂ ਅਤੇ ਵਰਕਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਬਣਾ ਰਹੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਉਨ੍ਹਾਂ ਨੂੰ ਉੱਚ ਪੱਧਰ ਤੱਕ ਪਹੁੰਚਾਉਣ ਲਈ ਯਤਨਸ਼ੀਲ ਹਨ। ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ, ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ਕਰਨਾ, ਸਿਹਤ ਅਤੇ ਸਿੱਖਿਆ ਸਹੂਲਤਾਂ ਵਿੱਚ ਸੁਧਾਰ ਲਿਆਉਣਾ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਮੇਂ ਦੀਆਂ ਅਹਿਮ ਲੋੜਾਂ ਹਨ। ਅੰਤ ਵਿੱਚ ਸਰਪੰਚ ਰਾਜਦੀਪ ਸਿੰਘ ਔਲਖ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲੋਕ ਵਿਕਾਸ, ਲੋਕ-ਭਲਾਈ ਅਤੇ ਜਨਤਕ ਮੁੱਦਿਆਂ ਨੂੰ ਮੁੱਖ ਰੱਖਦਿਆਂ ਆਪਣਾ ਫ਼ੈਸਲਾ ਸੁਣਾਉਣਗੇ ਅਤੇ ਕਾਂਗਰਸ ਪਾਰਟੀ ਨੂੰ ਵੱਡਾ ਜਨ-ਸਮਰਥਨ ਮਿਲੇਗਾ।