ਰਾਹੁਲ ਗਾਂਧੀ ਦੀ ਆਮਦ ਨਾਲ ਪੰਜਾਬ ਕਾਂਗਰਸ ’ਚ ਵਧੇਗਾ ਜੋਸ਼ ਰਾਹੁਲ ਗਾਂਧੀ ਦੀ ਆਮਦ ਨਾਲ ਪੰਜਾਬ ਕਾਂਗਰਸ ’ਚ ਵਧੇਗਾ ਜੋਸ਼
Publish Date: Tue, 03 Nov 2026 04:07 PM (IST)
Updated Date: Wed, 04 Nov 2026 04:02 AM (IST)
ਕਾਂਗਰਸੀ ਆਗੂਆਂ ਨੇ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਆਮਦ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕਾਂਗਰਸੀ ਆਗੂਆਂ ਦਾ ਮੰਨਣਾ ਹੈ ਕਿ ਰਾਹੁਲ ਗਾਂਧੀ ਦਾ ਇਹ ਦੌਰਾ ਪੰਜਾਬ ਦੀ ਸਿਆਸਤ ਵਿੱਚ ਨਵੀਂ ਹਲਚਲ ਪੈਦਾ ਕਰਨ ਦੇ ਨਾਲ-ਨਾਲ ਕਾਂਗਰਸੀ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਭਰੇਗਾ। ਉਨ੍ਹਾਂ ਅਨੁਸਾਰ ਇਸ ਆਮਦ ਨਾਲ ਸੂਬੇ ਦੇ ਲੋਕਾਂ ਨਾਲ ਜੁੜੇ ਭਖਦੇ ਮਸਲਿਆਂ ਨੂੰ ਕੌਮੀ ਪੱਧਰ ’ਤੇ ਉਠਾਉਣ ਅਤੇ ਪੰਜਾਬ ਦੀ ਰਾਜਨੀਤਿਕ ਸਥਿਤੀ ਬਾਰੇ ਪ੍ਰਭਾਵਸ਼ਾਲੀ ਢੰਗ ਨਾਲ ਆਵਾਜ਼ ਬੁਲੰਦ ਕਰਨ ਦਾ ਮੌਕਾ ਮਿਲੇਗਾ। ਇਸ ਸਬੰਧੀ ਪੰਜਾਬ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਪਵਨ ਗੋਇਲ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਪ੍ਰੀਤਪਾਲ ਸਿੰਘ ਭਲੂਰੀਆ (ਸਾਬਕਾ ਸਰਪੰਚ ਬਰਗਾੜੀ), ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਮਿਹਰ ਸਿੰਘ (ਸਾਬਕਾ ਸਰਪੰਚ ਕਰੀਰਵਾਲੀ), ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ (ਸਾਬਕਾ ਸਰਪੰਚ ਮੜ੍ਹਾਕ), ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਮਨਬੀਰ ਸਿੰਘ ‘ਬੱਬੂ ਬਰਾੜ’ ਮੱਤਾ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ ਦਵਿੰਦਰਬੀਰ ਸਿੰਘ ਬਰਾੜ ਮੱਤਾ ਅਤੇ ਬਲਾਕ ਸੰਮਤੀ ਕੋਟਕਪੂਰਾ ਦੇ ਸਾਬਕਾ ਵਾਈਸ ਚੇਅਰਮੈਨ ਸੁਖਜੀਤ ਸਿੰਘ ਧਾਲੀਵਾਲ (ਸਾਬਕਾ ਸਰਪੰਚ ਕੋਠੇ ਹਵਾਨਾ) ਨੇ ਸਾਂਝੇ ਤੌਰ ’ਤੇ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਚੁਣੌਤੀਆਂ ਨਾਲ ਜੂਝ ਰਿਹਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਵੱਡੀ ਆਸ ਨਾਲ ‘ਆਪ’ ਨੂੰ ਸੱਤਾ ਸੌਂਪੀ ਸੀ, ਪਰ ਅੱਜ ਲੋਕ ਸਰਕਾਰ ਤੋਂ ਆਪਣੇ ਵਾਅਦਿਆਂ ਦਾ ਹਿਸਾਬ ਮੰਗ ਰਹੇ ਹਨ। ਸੂਬੇ ਵਿੱਚ ਨਸ਼ਿਆਂ ਦਾ ਵਧਦਾ ਪ੍ਰਸਾਰ, ਭ੍ਰਿਸ਼ਟਾਚਾਰ, ਗੁੰਡਾਗਰਦੀ, ਬੇਰੁਜ਼ਗਾਰੀ ਅਤੇ ਅਮਨ-ਕਾਨੂੰਨ ਦੀ ਸਥਿਤੀ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਵੱਡਾ ਅੰਤਰ ਨਜ਼ਰ ਆ ਰਿਹਾ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਲਈ ਅਮਨ-ਕਾਨੂੰਨ ਦੀ ਮਜ਼ਬੂਤ ਵਿਵਸਥਾ ਪਹਿਲੀ ਸ਼ਰਤ ਹੁੰਦੀ ਹੈ। ਜੇਕਰ ਆਮ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਾ ਕਰੇ ਤਾਂ ਵਿਕਾਸ ਅਤੇ ਖੁਸ਼ਹਾਲੀ ਦੇ ਦਾਅਵਿਆਂ ਦਾ ਕੋਈ ਅਰਥ ਨਹੀਂ ਰਹਿ ਜਾਂਦਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ਼ਤਿਹਾਰਬਾਜ਼ੀ ਦੀ ਬਜਾਏ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਦਿੱਤਾ ਜਾਵੇ ਅਤੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਦੀ ਪੂਰਤੀ ਬਾਰੇ ਜਨਤਾ ਨੂੰ ਜਵਾਬ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਸੰਗਰੂਰ ਆਮਦ ਕਾਂਗਰਸ ਪਾਰਟੀ ਦੀਆਂ ਆਉਣ ਵਾਲੀਆਂ ਰਾਜਨੀਤਿਕ ਸਰਗਰਮੀਆਂ ਲਈ ਅਹਿਮ ਸਾਬਤ ਹੋਵੇਗੀ। ਪਾਰਟੀ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਪਾਰੀਆਂ ਅਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਕੇ ਲੋਕਾਂ ਦੀ ਆਵਾਜ਼ ਬਣੇਗੀ। ਕਿਸਾਨਾਂ ਦੀਆਂ ਫ਼ਸਲਾਂ ਦੇ ਉਚਿਤ ਭਾਅ, ਵਧਦੀਆਂ ਖੇਤੀ ਲਾਗਤਾਂ, ਨੌਜਵਾਨਾਂ ਦੀ ਬੇਰੁਜ਼ਗਾਰੀ ਅਤੇ ਵਪਾਰਕ ਵਰਗ ਦੀਆਂ ਮੁਸ਼ਕਲਾਂ ਵਰਗੇ ਮੁੱਦੇ ਪਾਰਟੀ ਦੇ ਏਜੰਡੇ ਦਾ ਅਹਿਮ ਹਿੱਸਾ ਹੋਣਗੇ। ਅੰਤ ਵਿੱਚ ਕਾਂਗਰਸੀ ਆਗੂਆਂ ਨੇ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਸੀ ਮਤਭੇਦ ਭੁਲਾ ਕੇ ਇਕਜੁੱਟਤਾ ਨਾਲ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰਨ ਅਤੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਸਮਰਪਿਤ ਵਰਕਰ ਹੁੰਦੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਆਮਦ ਕਾਂਗਰਸੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਭਰੇਗੀ ਅਤੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਤੇਜ਼ੀ ਲਿਆਉਣ ਦਾ ਆਧਾਰ ਬਣੇਗੀ। ।