ਪੰਜਾਬ ਨੂੰ ਕਰਜ਼ੇ ਤੇ ਨਸ਼ਿਆਂ ਤੋਂ ਮੁਕਤ ਕਰਨ ਲਈ ਭਾਜਪਾ ਦੀ ਸਰਕਾਰ ਜ਼ਰੂਰੀ : ਟੋਨੀ ਸ਼ਰਮਾ ਪੰਜਾਬ ਨੂੰ ਕਰਜ਼ੇ ਅਤੇ ਨਸ਼ਿਆਂ ਤੋਂ ਮੁਕਤ ਕਰਨ ਲਈ ਭਾਜਪਾ ਦੀ ਸਰਕਾਰ ਜ਼ਰੂਰੀ : ਟੋਨੀ ਸ਼ਰਮਾ
Publish Date: Tue, 03 Nov 2026 04:12 PM (IST)
Updated Date: Wed, 04 Nov 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰਨੀ ਮੈਂਬਰ ਅਤੇ ‘ਮਨ ਕੀ ਬਾਤ’ ਪੰਜਾਬ ਦੇ ਸਹਿ-ਸੰਯੋਜਕ ਸੰਦੀਪ ਕੁਮਾਰ ‘ਟੋਨੀ ਸ਼ਰਮਾ’ ਨੇ ਕਿਹਾ ਕਿ ਪੰਜਾਬ ਅੱਜ ਵਧਦੇ ਕਰਜ਼ੇ, ਨਸ਼ਿਆਂ, ਬੇਰੁਜ਼ਗਾਰੀ ਅਤੇ ਕਾਨੂੰਨ-ਵਿਵਸਥਾ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਨੂੰ ਇਨ੍ਹਾਂ ਸਮੱਸਿਆਵਾਂ ਵਿੱਚੋਂ ਬਾਹਰ ਕੱਢ ਕੇ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਉਣ ਲਈ ਠੋਸ ਨੀਤੀਆਂ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਰਜ਼ੇ ਅਤੇ ਨਸ਼ਿਆਂ ਤੋਂ ਮੁਕਤ ਕਰਨ ਲਈ ਭਾਜਪਾ ਦੀ ਸਰਕਾਰ ਜ਼ਰੂਰੀ ਹੈ। ਸੰਦੀਪ ਕੁਮਾਰ ‘ਟੋਨੀ ਸ਼ਰਮਾ’ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਕਈ ਵਾਅਦੇ ਅਜੇ ਤੱਕ ਪੂਰੀ ਤਰ੍ਹਾਂ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਲੋਕਾਂ ਨੇ ਬਿਹਤਰ ਭਵਿੱਖ, ਰੁਜ਼ਗਾਰ, ਨਸ਼ਾ ਮੁਕਤ ਸਮਾਜ ਅਤੇ ਆਰਥਿਕ ਖ਼ੁਸ਼ਹਾਲੀ ਦੀ ਉਮੀਦ ਨਾਲ ਸਰਕਾਰ ਨੂੰ ਸੱਤਾ ਸੌਂਪੀ ਸੀ, ਪਰ ਅੱਜ ਵੀ ਕਈ ਬੁਨਿਆਦੀ ਸਮੱਸਿਆਵਾਂ ਬਰਕਰਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਵਧ ਰਿਹਾ ਕਰਜ਼ਾ ਸੂਬੇ ਦੇ ਭਵਿੱਖ ਲਈ ਚਿੰਤਾ ਦਾ ਵਿਸ਼ਾ ਹੈ। ਸਰਕਾਰ ਨੂੰ ਆਮਦਨ ਦੇ ਸਰੋਤ ਵਧਾਉਣ, ਸਰਕਾਰੀ ਖ਼ਰਚਿਆਂ ਨੂੰ ਨਿਯੰਤਰਿਤ ਕਰਨ, ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਭਾਜਪਾ ਆਗੂ ਸੰਦੀਪ ਕੁਮਾਰ ‘ਟੋਨੀ ਸ਼ਰਮਾ’ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ ਨੌਜਵਾਨਾਂ ਲਈ ਖੇਡਾਂ, ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕੀਤੇ ਜਾਣ। ਨਸ਼ਿਆਂ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵੀ ਢੁੱਕਵੇਂ ਪ੍ਰਬੰਧ ਹੋਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਕਰਨਾ, ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਵਪਾਰ ਤੇ ਉਦਯੋਗ ਲਈ ਸੁਖਾਵਾਂ ਮਾਹੌਲ ਸਿਰਜਣਾ ਵੀ ਬੇਹੱਦ ਜ਼ਰੂਰੀ ਹੈ। ਇਸ ਦੇ ਨਾਲ ਹੀ ਖੇਤੀਬਾੜੀ, ਸਿੱਖਿਆ, ਸਿਹਤ ਅਤੇ ਉਦਯੋਗਿਕ ਖੇਤਰਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।