ਵਪਾਰੀਆਂ ਨੂੰ ਨਹੀਂ ਕਰੇਗਾ ਕੋਈ ਅਧਿਕਾਰੀ ਪ੍ਰੇਸ਼ਾਨ : ਵਿਧਾਇਕ ਅਮੋਲਕ ਸਿੰਘ ਦੀਵਾਲੀ ਖੁੱਲ੍ਹ ਕੇ ਮਨਾਓ, ਵਪਾਰੀਆਂ ਨੂੰ ਨਹੀਂ ਕਰੇਗਾ ਕੋਈ ਅਧਿਕਾਰੀ ਪ੍ਰੇਸ਼ਾਨ : ਵਿਧਾਇਕ ਅਮੋਲਕ ਸਿੰਘ
Publish Date: Tue, 03 Nov 2026 04:54 PM (IST)
Updated Date: Wed, 04 Nov 2026 04:02 AM (IST)
ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ, ਮਿਲਾਵਟ ਰਹਿਤ ਸਾਮਾਨ ਵੇਚਣ ਦੀ ਕੀਤੀ ਅਪੀਲ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਵਪਾਰੀ ਵਰਗ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਕਾਰੋਬਾਰੀਆਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਪ੍ਰਦੇਸ਼ ਵਪਾਰ ਮੰਡਲ ਅਤੇ ਕਰਿਆਨਾ ਐਸੋਸੀਏਸ਼ਨ ਵੱਲੋਂ ਸਥਾਨਕ ਕਰਿਆਨਾ ਭਵਨ ਵਿਖੇ ਸਾਂਝੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵੱਖ-ਵੱਖ ਵਪਾਰਕ ਜਥੇਬੰਦੀਆਂ ਦੇ ਅਹੁਦੇਦਾਰਾਂ, ਪ੍ਰਮੁੱਖ ਕਾਰੋਬਾਰੀਆਂ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦਿਆਂ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕੀਤੇ। ਮੀਟਿੰਗ ਵਿੱਚ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਮੌਕੇ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਗੁਲਦਸਤੇ ਭੇਟ ਕੀਤੇ ਗਏ। ਮੀਟਿੰਗ ਦੇ ਪ੍ਰਧਾਨਗੀ ਮੰਡਲ ਵਿੱਚ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਮੀਤ ਪ੍ਰਧਾਨ, ਪੰਜਾਬ ਕਰਿਆਨਾ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਇਕਾਈ ਜੈਤੋ ਦੇ ਪ੍ਰਧਾਨ, ਕਰਿਆਨਾ ਮਰਚੈਂਟਸ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਤੇ ਪੰਜਾਬ ਟਰੇਡ ਕਮਿਸ਼ਨ (ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ) ਵਿਧਾਨ ਸਭਾ ਹਲਕਾ ਜੈਤੋ ਦੇ ਚੇਅਰਮੈਨ ਗੋਪਾਲ ਕ੍ਰਿਸ਼ਨ ‘ਸ਼ੈਲੀ ਗਰਗ’, ਸ਼੍ਰੀ ਬਾਲਾ ਜੀ ਆਇਲ ਮਿਲਜ਼ (ਨੇੜੇ ਜਿੰਦਲ ਕਲੋਨੀ) ਜੈਤੋ ਦੇ ਐੱਮਡੀ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਉੱਪ ਪ੍ਰਧਾਨ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਜੈਤੋ ਦੇ ਚੇਅਰਮੈਨ ਤੇ ਅਰਗਵਾਲ ਵੈਲਫੇਅਰ ਬੋਰਡ ਦੇ ਚੇਅਰਮੈਨ ਨਰੇਸ਼ ਜਿੰਦਲ, ਉੱਘੇ ਵਪਾਰੀ ਤੇ ਸਮਾਜ ਸੇਵੀ ਰਾਕੇਸ਼ ਰੋਮਾਣਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਮੀਟਿੰਗ ਦੌਰਾਨ ਵਪਾਰਕ ਭਾਈਚਾਰੇ ਦੇ ਨੁਮਾਇੰਦਿਆਂ ਨੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨਾਲ ਆਪਣੇ ਕਾਰੋਬਾਰਾਂ ਨਾਲ ਸਬੰਧਤ ਵੱਖ-ਵੱਖ ਮਸਲੇ ਸਾਂਝੇ ਕੀਤੇ। ਖ਼ਾਸ ਤੌਰ ’ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਬਾਜ਼ਾਰਾਂ ਵਿੱਚ ਵਧਣ ਵਾਲੀਆਂ ਵਪਾਰਕ ਗਤੀਵਿਧੀਆਂ, ਦੁਕਾਨਦਾਰਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਅਤੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਵਪਾਰੀ ਵਰਗ ਨੂੰ ਦੀਵਾਲੀ ਦੀਆਂ ਅਗਾਊਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਉਦਯੋਗਪਤੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸੇ ਵੀ ਵਪਾਰੀ ਨੂੰ ਬਿਨਾਂ ਵਜ੍ਹਾ ਕੋਈ ਅਧਿਕਾਰੀ ਤੰਗ-ਪ੍ਰੇਸ਼ਾਨ ਨਹੀਂ ਕਰੇਗਾ। ਵਪਾਰੀ ਬਿਨਾਂ ਕਿਸੇ ਡਰ ਜਾਂ ਚਿੰਤਾ ਦੇ ਆਪਣਾ ਕਾਰੋਬਾਰ ਕਰਨ ਅਤੇ ਦੀਵਾਲੀ ਦਾ ਤਿਉਹਾਰ ਖੁੱਲ੍ਹ ਕੇ ਮਨਾਉਣ। ਉਨ੍ਹਾਂ ਕਿਹਾ ਕਿ ਛੋਟੇ ਦੁਕਾਨਦਾਰਾਂ ਤੋਂ ਲੈ ਕੇ ਵੱਡੇ ਉਦਯੋਗਪਤੀਆਂ ਤੱਕ ਹਰ ਵਰਗ ਦੀ ਤਰੱਕੀ ਅਤੇ ਖੁਸ਼ਹਾਲੀ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਦੀਵਾਲੀ ਖੁਸ਼ੀਆਂ, ਉਤਸ਼ਾਹ ਅਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਇਸ ਤਿਉਹਾਰ ਮੌਕੇ ਬਾਜ਼ਾਰਾਂ ਵਿੱਚ ਰੌਣਕ ਵਧਣ ਦੇ ਨਾਲ-ਨਾਲ ਵਪਾਰਕ ਸਰਗਰਮੀਆਂ ਨੂੰ ਵੀ ਹੁਲਾਰਾ ਮਿਲਦਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਹਲਵਾਈਆਂ ਨੂੰ ਕਿਹਾ ਕਿ ਦੀਵਾਲੀ ਸਮੇਤ ਹੋਰ ਖੁਸ਼ੀ ਦੇ ਮੌਕਿਆਂ ’ਤੇ ਮਠਿਆਈਆਂ ਦੀ ਮੰਗ ਵਧ ਜਾਂਦੀ ਹੈ, ਇਸ ਲਈ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਮਿਲਾਵਟ ਰਹਿਤ, ਤਾਜ਼ੀਆਂ ਅਤੇ ਸਾਫ਼-ਸੁਥਰੀਆਂ ਮਠਿਆਈਆਂ ਹੀ ਵੇਚੀਆਂ ਜਾਣ। ਇਸੇ ਤਰ੍ਹਾਂ ਪਟਾਕਿਆਂ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਨੂੰ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਅਤੇ ਨਿਰਧਾਰਤ ਨਿਯਮਾਂ ਅਨੁਸਾਰ ਹੀ ਕਾਰੋਬਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕਤਾ ਦੀ ਮਜ਼ਬੂਤ ਰੀੜ੍ਹ ਦੀ ਹੱਡੀ ਹੈ। ਵਪਾਰੀਆਂ ਨੂੰ ਕਾਰੋਬਾਰ ਲਈ ਸੁਖਾਵਾਂ ਮਾਹੌਲ ਮਿਲਣ ਨਾਲ ਨਾ ਸਿਰਫ਼ ਵਪਾਰਕ ਗਤੀਵਿਧੀਆਂ ਵਿੱਚ ਵਾਧਾ ਹੁੰਦਾ ਹੈ, ਸਗੋਂ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੁੰਦੇ ਹਨ। ਇਸ ਲਈ ਵਪਾਰੀਆਂ ਅਤੇ ਸਰਕਾਰੀ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਹੋਣਾ ਬੇਹੱਦ ਜ਼ਰੂਰੀ ਹੈ। ਮੀਟਿੰਗ ਦੇ ਅੰਤ ਵਿੱਚ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾਈ ਉਪ ਪ੍ਰਧਾਨ ਗੋਪਾਲ ਕ੍ਰਿਸ਼ਨ ਸ਼ੈਲੀ ਗਰਗ ਨੇ ਸਮੂਹ ਦੁਕਾਨਦਾਰਾਂ ਵੱਲੋਂ ਵਿਧਾਇਕ ਅਮੋਲਕ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਵਪਾਰੀ ਵਰਗ ਹਮੇਸ਼ਾ ਦੀ ਤਰ੍ਹਾਂ ਖਪਤਕਾਰਾਂ ਨੂੰ ਉੱਚ ਗੁਣਵੱਤਾ ਵਾਲੀਆਂ ਵਸਤਾਂ, ਪੂਰੀ ਸਫ਼ਾਈ ਅਤੇ ਵਾਜਬ ਕੀਮਤਾਂ ’ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡ. ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਮਾਂ ਚਿੰਤਪੁਰਨੀ ਆਇਲ ਮਿਲਜ਼ ਜੈਤੋ ਦੇ ਐੱਮਡੀ ਤੇ ਸ਼੍ਰੀ ਅਗਰਵਾਲ ਸਮਾਜ ਸਭਾ ਜੈਤੋ ਦੇ ਪ੍ਰਧਾਨ ਸੱਤਪਾਲ ਜਿੰਦਲ, ਸ਼੍ਰੀ ਬਾਲਾ ਜੀ ਟ੍ਰੇਡਰਜ਼, ਆਇਲ ਮਿਲਜ਼ ਜੈਤੋ ਦੇ ਐੱਮਡੀ ਭੀਮ ਸੈਨ ਜਿੰਦਲ, ਵਕੀਲ ਅਮਿਤ ਕੁਮਾਰ ‘ਗੋਲਡੂ ਮਿੱਤਲ’, ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ, ਸੁਰਿੰਦਰ ਗਰਗ (ਸੇਵਾ-ਮੁਕਤ ਆਰਏ), ਸਮੇਤ ਵੱਡੀ ਗਿਣਤੀ ਵਿੱਚ ਵਪਾਰੀ, ਕਾਰੋਬਾਰੀ ਅਤੇ ਪਤਵੰਤੇ ਹਜਿਰ ਸਨ।