ਝੋਨੇ ਦੀ ਖਰੀਦ 4.40 ਲੱਖ ਮੀਟਰਿਕ ਟਨ ਤੋਂ ਪਾਰ : ਡੀਸੀ ਫ਼ਰੀਦਕੋਟ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ 4.40 ਲੱਖ ਮੀਟਰਿਕ ਟਨ ਤੋਂ ਪਾਰ, ਕਿਸਾਨਾਂ ਨੂੰ 914 ਕਰੋੜ ਦੀ ਅਦਾਇਗੀ
Publish Date: Tue, 03 Nov 2026 07:43 PM (IST)
Updated Date: Wed, 04 Nov 2026 04:06 AM (IST)
ਕਿਸਾਨਾਂ ਨੂੰ 914 ਕਰੋੜ ਦੀ ਅਦਾਇਗੀ ਹੁਣ ਤੱਕ 2.92 ਲੱਖ ਮੀਟਰਿਕ ਟਨ ਦੀ ਲਿਫਟਿੰਗ ਜਗਮੀਤ ਸਿੰਘ ਪੰਜਾਬੀ ਜਾਗਰਣ, ਫ਼ਰੀਦਕੋਟ : ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ। ਕਿਸਾਨਾਂ ਵੱਲੋਂ ਲਿਆਂਦੀ ਜਾ ਰਹੀ ਫ਼ਸਲ ਦੀ ਖਰੀਦ ਦੇ ਨਾਲ-ਨਾਲ ਲਿਫਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਵੀ ਜਾਰੀ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 4,40,518 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਦਕਿ ਕਿਸਾਨਾਂ ਦੇ ਖਾਤਿਆਂ ਵਿੱਚ 914.90 ਕਰੋੜ ਰੁਪਏ ਦੀ ਅਦਾਇਗੀ ਆਨਲਾਈਨ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 4,62,902 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਸੀ। ਇਸ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਅਤੇ ਨਿੱਜੀ ਵਪਾਰੀਆਂ ਵੱਲੋਂ 4,40,518 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖਰੀਦੀ ਗਈ ਫ਼ਸਲ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜਾਰੀ ਹੈ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਖਰੀਦ ਏਜੰਸੀਆਂ ਵੱਲੋਂ ਰਕਮ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਨਮੀ ਵਾਲਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਕਿਸਾਨਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕਰਨ ਲਈ ਵੀ ਕਿਹਾ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੁਰਜੀਤ ਸਿੰਘ ਦਿਓਲ ਨੇ ਖਰੀਦ ਏਜੰਸੀਆਂ ਦੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ ਸਭ ਤੋਂ ਵੱਧ 1,68,289 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈੱਡ ਨੇ 1,26,174 ਮੀਟਰਿਕ ਟਨ, ਪਨਸਪ ਨੇ 89,045.51 ਮੀਟਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 52,529 ਮੀਟਰਿਕ ਟਨ ਝੋਨਾ ਖਰੀਦਿਆ ਹੈ। ਇਸ ਤੋਂ ਇਲਾਵਾ ਨਿੱਜੀ ਵਪਾਰੀਆਂ ਵੱਲੋਂ 4,480 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 2,92,017 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚੋਂ ਖਰੀਦੀ ਗਈ ਫ਼ਸਲ ਨੂੰ ਚੁੱਕਣ ਦਾ ਕੰਮ ਜਾਰੀ ਹੈ।