- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਾਲੀ ਸੰਭਾਲ ਕੇ ਕਣਕ ਦੀ ਬਿਜਾਈ ਕਰਵਾ ਰਿਹੈ ਖੇਤੀ ਵਿਰਾਸਤ ਮਿਸ਼ਨ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਦੀ ਰਵਾਇਤ ਨੂੰ ਉਤਸ਼ਾਹਿਤ ਕਰਨ ਲਈ ਖੇਤੀ ਵਿਰਾਸਤ ਮਿਸ਼ਨ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਆਰੀਸੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਪ੍ਰੋਜੈਕਟ ਊਰਜਾ ਤਹਿਤ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਆਧੁਨਿਕ ਅਤੇ ਵਾਤਾਵਰਣ ਪੱਖੀ ਤਰੀਕਿਆਂ ਨਾਲ ਜੋੜਨਾ, ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣਾ ਅਤੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਨੂੰ ਘਟਾਉਣ ਵਿੱਚ ਯੋਗਦਾਨ ਪਾਉਣਾ ਹੈ। 25 ਅਕਤੂਬਰ ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ 120 ਪਿੰਡਾਂ ਵਿੱਚ ਆਧੁਨਿਕ ਖੇਤੀ ਮਸ਼ੀਨਰੀ ਦੀ ਸਹਾਇਤਾ ਨਾਲ ਪਰਾਲੀ ਨੂੰ ਖੇਤਾਂ ਵਿੱਚ ਸੰਭਾਲ ਕੇ ਕਣਕ ਦੀ ਬਿਜਾਈ ਕਰਵਾਈ ਜਾ ਰਹੀ ਹੈ। ਖੇਤੀ ਵਿਰਾਸਤ ਮਿਸ਼ਨ ਦੇ ਫੀਲਡ ਟ੍ਰੇਨਰ ਗੋਰਾ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਖੇਤਾਂ ਵਿੱਚ ਹੀ ਸੰਭਾਲਣਾ ਕਿਸਾਨਾਂ, ਖੇਤੀਬਾੜੀ ਅਤੇ ਵਾਤਾਵਰਣ ਤਿੰਨਾਂ ਲਈ ਲਾਹੇਵੰਦ ਹੈ। ਪਰਾਲੀ ਸਾੜਨ ਨਾਲ ਜਿੱਥੇ ਹਵਾ ਵਿੱਚ ਪ੍ਰਦੂਸ਼ਣ ਫੈਲਦਾ ਹੈ, ਉੱਥੇ ਹੀ ਮਿੱਟੀ ਵਿੱਚ ਮੌਜੂਦ ਲਾਭਦਾਇਕ ਜੀਵਾਣੂਆਂ ਅਤੇ ਜੈਵਿਕ ਤੱਤਾਂ ਨੂੰ ਵੀ ਨੁਕਸਾਨ ਪਹੁੰਚਦਾ ਹੈ। ਇਸ ਦੇ ਉਲਟ ਪਰਾਲੀ ਨੂੰ ਖੇਤਾਂ ਵਿੱਚ ਸੰਭਾਲਣ ਨਾਲ ਮਿੱਟੀ ਵਿੱਚ ਜੈਵਿਕ ਮਾਦੇ ਦੀ ਮਾਤਰਾ ਵਧਾਉਣ, ਨਮੀ ਬਰਕਰਾਰ ਰੱਖਣ ਅਤੇ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਕਿਸਾਨਾਂ ਨੂੰ ਸਿਰਫ਼ ਪਰਾਲੀ ਨਾ ਸਾੜਨ ਦੀ ਅਪੀਲ ਹੀ ਨਹੀਂ ਕੀਤੀ ਜਾ ਰਹੀ, ਸਗੋਂ ਉਨ੍ਹਾਂ ਨੂੰ ਖੇਤਾਂ ਵਿੱਚ ਪਰਾਲੀ ਦੀ ਸੁਚੱਜੀ ਸੰਭਾਲ ਨਾਲ ਕਣਕ ਦੀ ਸਿੱਧੀ ਬਿਜਾਈ ਕਰਨ ਦੇ ਵਿਹਾਰਕ ਤਰੀਕੇ ਵੀ ਸਿਖਾਏ ਜਾ ਰਹੇ ਹਨ। ਇਸ ਮੰਤਵ ਲਈ ਆਧੁਨਿਕ ਖੇਤੀ ਮਸ਼ੀਨਾਂ ਦੀ ਵਰਤੋਂ ਕਰਵਾਈ ਜਾ ਰਹੀ ਹੈ, ਤਾਂ ਜੋ ਕਿਸਾਨ ਇਨ੍ਹਾਂ ਤਕਨੀਕਾਂ ਨੂੰ ਆਪਣੇ ਖੇਤਾਂ ਵਿੱਚ ਅਪਣਾ ਸਕਣ। ਪ੍ਰੋਜੈਕਟ ਊਰਜਾ ਤਹਿਤ ਇਸ ਮੁਹਿੰਮ ਦਾ ਇੱਕ ਅਹਿਮ ਪਹਿਲੂ ਮਿੱਟੀ ਦੀ ਸਿਹਤ ਉੱਤੇ ਪਰਾਲੀ ਪ੍ਰਬੰਧਨ ਦੇ ਪ੍ਰਭਾਵਾਂ ਦਾ ਵਿਗਿਆਨਕ ਅਧਿਐਨ ਕਰਨਾ ਵੀ ਹੈ। ਇਸ ਸਬੰਧੀ ਚੁਣੇ ਗਏ ਖੇਤਾਂ ਵਿੱਚ ਕਣਕ ਦੀ ਬਿਜਾਈ ਤੋਂ ਪਹਿਲਾਂ ਮਿੱਟੀ ਦੇ ਨਮੂਨੇ ਇਕੱਠੇ ਕੀਤੇ ਜਾ ਰਹੇ ਹਨ। ਫ਼ਸਲੀ ਚੱਕਰ ਦੇ ਲਗਭਗ ਛੇ ਮਹੀਨੇ ਪੂਰੇ ਹੋਣ ਉਪਰੰਤ ਇਨ੍ਹਾਂ ਖੇਤਾਂ ਵਿੱਚੋਂ ਮੁੜ ਮਿੱਟੀ ਦੇ ਨਮੂਨੇ ਲਏ ਜਾਣਗੇ। ਦੋਵਾਂ ਪੜਾਵਾਂ ਦੀਆਂ ਜਾਂਚ ਰਿਪੋਰਟਾਂ ਦੀ ਤੁਲਨਾ ਕਰਕੇ ਮਿੱਟੀ ਦੇ ਪੌਸ਼ਟਿਕ ਤੱਤਾਂ, ਜੈਵਿਕ ਮਾਦੇ ਅਤੇ ਸਿਹਤ ਵਿੱਚ ਆਉਣ ਵਾਲੀਆਂ ਤਬਦੀਲੀਆਂ ਦਾ ਅਧਿਐਨ ਕੀਤਾ ਜਾਵੇਗਾ। ਇਨ੍ਹਾਂ ਜਾਂਚਾਂ ਦੇ ਨਤੀਜੇ ਕਿਸਾਨਾਂ ਨਾਲ ਵੀ ਸਾਂਝੇ ਕੀਤੇ ਜਾਣਗੇ, ਤਾਂ ਜੋ ਉਹ ਆਪਣੀ ਜ਼ਮੀਨ ਦੀ ਅਸਲ ਸਥਿਤੀ ਬਾਰੇ ਵਿਗਿਆਨਕ ਜਾਣਕਾਰੀ ਪ੍ਰਾਪਤ ਕਰ ਸਕਣ। ਇਸ ਤੋਂ ਇਲਾਵਾ ਕਿਸਾਨਾਂ ਨੂੰ ਜੈਵਿਕ ਦਵਾਈਆਂ ਅਤੇ ਕੁਦਰਤੀ ਖੇਤੀ ਵਿੱਚ ਵਰਤੀਆਂ ਜਾਣ ਵਾਲੀਆਂ ਸਮੱਗਰੀਆਂ ਦੀ ਸਹੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦਾ ਮਕਸਦ ਕਣਕ ਦੀ ਫ਼ਸਲ ਨੂੰ ਕੀੜਿਆਂ ਅਤੇ ਬਿਮਾਰੀਆਂ ਤੋਂ ਬਚਾਉਣ ਲਈ ਢੁੱਕਵੇਂ ਤਰੀਕਿਆਂ ਬਾਰੇ ਜਾਗਰੂਕ ਕਰਨਾ ਅਤੇ ਬੇਲੋੜੀਆਂ ਰਸਾਇਣਕ ਦਵਾਈਆਂ ਦੀ ਵਰਤੋਂ ਘਟਾਉਣ ਲਈ ਪ੍ਰੇਰਿਤ ਕਰਨਾ ਹੈ। ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਸਫ਼ਲ ਬਣਾਉਣ ਲਈ ਵੱਖ-ਵੱਖ ਪਿੰਡਾਂ ਵਿੱਚ ਕਿਸਾਨ ਖੇਤ ਸਿਖਲਾਈ ਸਕੂਲ ਵੀ ਲਗਾਏ ਜਾ ਰਹੇ ਹਨ। ਇਨ੍ਹਾਂ ਸਿਖਲਾਈ ਕੈਂਪਾਂ ਵਿੱਚ ਕਿਸਾਨਾਂ ਨੂੰ ਪਰਾਲੀ ਦੀ ਮਹੱਤਤਾ, ਮਿੱਟੀ ਦੀ ਸਿਹਤ, ਆਧੁਨਿਕ ਖੇਤੀ ਮਸ਼ੀਨਰੀ ਅਤੇ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਬਾਰੇ ਵਿਹਾਰਕ ਜਾਣਕਾਰੀ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਖੇਤੀ ਦੇ ਅਜਿਹੇ ਤਰੀਕੇ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨਾਲ ਕੁਦਰਤੀ ਸਰੋਤਾਂ ਦੀ ਸੰਭਾਲ ਦੇ ਨਾਲ-ਨਾਲ ਖੇਤੀ ਦੀ ਉਤਪਾਦਕਤਾ ਵੀ ਬਰਕਰਾਰ ਰਹਿ ਸਕੇ। ਖੇਤੀ ਵਿਰਾਸਤ ਮਿਸ਼ਨ ਦੀ ਇਹ ਪਹਿਲ ਪਰਾਲੀ ਨੂੰ ਬੇਕਾਰ ਰਹਿੰਦ-ਖੂੰਹਦ ਸਮਝਣ ਦੀ ਬਜਾਏ ਖੇਤਾਂ ਲਈ ਇੱਕ ਕੀਮਤੀ ਕੁਦਰਤੀ ਸਰੋਤ ਵਜੋਂ ਵਰਤਣ ਦੀ ਸੋਚ ਨੂੰ ਉਤਸ਼ਾਹਿਤ ਕਰ ਰਹੀ ਹੈ। ਪ੍ਰੋਜੈਕਟ ਊਰਜਾ ਰਾਹੀਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਪ੍ਰੇਰਿਤ ਕਰਦਿਆਂ ਮਿੱਟੀ, ਪਾਣੀ ਅਤੇ ਹਵਾ ਦੀ ਰੱਖਿਆ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਵਾਤਾਵਰਣ ਅਤੇ ਟਿਕਾਊ ਖੇਤੀ ਪ੍ਰਣਾਲੀ ਕਾਇਮ ਰੱਖਣ ਦੇ ਯਤਨ ਕੀਤੇ ਜਾ ਰਹੇ ਹਨ।