- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਢੈਪਈ ਦੇ ਦੋਵੇਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸੁਖਬੀਰ ਸਿੰਘ ਫੌਜੀ ਨੇ ਬੂਟ ਕੀਤੇ ਦਾਨ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸਮਾਜ ਸੇਵਾ ਅਤੇ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਪਾਉਣ ਦੀ ਭਾਵਨਾ ਨਾਲ ਪਿੰਡ ਢੈਪਈ ਦੇ ਸਾਬਕਾ ਵਿਦਿਆਰਥੀ ਸੁਖਬੀਰ ਸਿੰਘ ਫੌਜੀ ਪੁੱਤਰ ਠਾਣਾ ਸਿੰਘ ਨੇ ਸ਼ਲਾਘਾਯੋਗ ਉਪਰਾਲਾ ਕਰਦਿਆਂ ਪਿੰਡ ਦੇ ਦੋਵੇਂ ਸਰਕਾਰੀ ਸਕੂਲਾਂ ਦੇ ਸਮੂਹ ਵਿਦਿਆਰਥੀਆਂ ਨੂੰ ਵਰਦੀ ਦੇ ਨਾਲ ਪਹਿਨਣ ਲਈ ਕਾਲੇ ਰੰਗ ਦੇ ਬੂਟ ਦਾਨ ਕੀਤੇ। ਸ਼ਹੀਦ ਹਵਾਲਦਾਰ ਅੰਮ੍ਰਿਤਪਾਲ ਸਿੰਘ ਸਰਕਾਰੀ ਹਾਈ ਸਕੂਲ ਢੈਪਈ ਦੇ ਸਾਬਕਾ ਵਿਦਿਆਰਥੀ ਵੱਲੋਂ ਇਹ ਉਪਰਾਲਾ ਆਉਣ ਵਾਲੇ ਸਰਦੀ ਦੇ ਮੌਸਮ ਦੌਰਾਨ ਬੱਚਿਆਂ ਨੂੰ ਸਹੂਲਤ ਪ੍ਰਦਾਨ ਕਰਨ ਦੇ ਮਕਸਦ ਨਾਲ ਕੀਤਾ ਗਿਆ। ਇਸ ਤਹਿਤ ਸਰਕਾਰੀ ਹਾਈ ਸਕੂਲ ਢੈਪਈ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢੈਪਈ ਦੇ ਸਾਰੇ ਵਿਦਿਆਰਥੀਆਂ ਨੂੰ ਬੂਟ ਭੇਟ ਕੀਤੇ ਗਏ। ਇਸ ਸੇਵਾ ਕਾਰਜ ਵਿੱਚ ਸੁਖਬੀਰ ਸਿੰਘ ਬਰਾੜ ਅਤੇ ਹਰਸਿਮਰਨ ਸਿੰਘ ਨੇ ਵੀ ਭਰਪੂਰ ਸਹਿਯੋਗ ਦਿੱਤਾ। ਬੂਟ ਪ੍ਰਾਪਤ ਕਰਕੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਵਿੱਚ ਖੁਸ਼ੀ ਦੇਖਣ ਨੂੰ ਮਿਲੀ। ਇਸ ਮੌਕੇ ਸੁਖਬੀਰ ਸਿੰਘ ਫੌਜੀ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਸੇਵਾ ਆਪਣੀ ਖੁਸ਼ੀ ਅਤੇ ਮਨ ਦੀ ਸੰਤੁਸ਼ਟੀ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖ਼ੁਦ ਇਨ੍ਹਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰਕੇ ਆਪਣੇ ਜੀਵਨ ਦਾ ਸਫ਼ਰ ਸ਼ੁਰੂ ਕੀਤਾ ਅਤੇ ਸਿੱਖਿਆ ਦੇ ਸਹਾਰੇ ਆਪਣੇ ਪੈਰਾਂ ’ਤੇ ਖੜ੍ਹੇ ਹੋਏ। ਅੱਜ ਉਹ ਭਾਰਤੀ ਫ਼ੌਜ ਵਿੱਚ ਸੇਵਾਵਾਂ ਨਿਭਾ ਕੇ ਦੇਸ਼ ਦੀ ਰੱਖਿਆ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਇਸ ਲਈ ਆਪਣੇ ਪਿੰਡ ਅਤੇ ਉਨ੍ਹਾਂ ਸਿੱਖਿਆ ਸੰਸਥਾਵਾਂ ਪ੍ਰਤੀ ਉਨ੍ਹਾਂ ਦੇ ਮਨ ਵਿੱਚ ਵਿਸ਼ੇਸ਼ ਸਤਿਕਾਰ ਹੈ, ਜਿਨ੍ਹਾਂ ਨੇ ਉਨ੍ਹਾਂ ਦੇ ਜੀਵਨ ਨੂੰ ਸਹੀ ਦਿਸ਼ਾ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇੱਛਾ ਹੈ ਕਿ ਪਿੰਡ ਦੇ ਬੱਚੇ ਪੜ੍ਹ-ਲਿਖ ਕੇ ਉੱਚੇ ਅਹੁਦਿਆਂ ’ਤੇ ਪਹੁੰਚਣ ਅਤੇ ਆਪਣੇ ਮਾਪਿਆਂ, ਪਿੰਡ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਬੁਰੀਆਂ ਆਦਤਾਂ ਤੋਂ ਦੂਰ ਰਹਿਣ, ਪੜ੍ਹਾਈ ਅਤੇ ਖੇਡਾਂ ਵੱਲ ਧਿਆਨ ਦੇਣ ਅਤੇ ਜ਼ਿੰਦਗੀ ਵਿੱਚ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਨੇਕ ਉਪਰਾਲੇ ਲਈ ਸ਼ਹੀਦ ਹਵਾਲਦਾਰ ਅੰਮ੍ਰਿਤਪਾਲ ਸਿੰਘ ਸਰਕਾਰੀ ਹਾਈ ਸਕੂਲ ਦੀ ਮੁੱਖ ਅਧਿਆਪਕਾ ਅਮਨਦੀਪ ਕੌਰ ਅਤੇ ਸਮੂਹ ਸਟਾਫ਼ ਨੇ ਸੁਖਬੀਰ ਸਿੰਘ ਫੌਜੀ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁੱਖ ਅਧਿਆਪਕ ਹੁਕਮ ਚੰਦ ਅਤੇ ਸਮੂਹ ਸਟਾਫ਼ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਦੋਵਾਂ ਸਕੂਲਾਂ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਪਿੰਡ ਵਾਸੀਆਂ ਵੱਲੋਂ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਆਪਣੇ ਪੜ੍ਹੇ ਸਕੂਲਾਂ ਨੂੰ ਯਾਦ ਰੱਖਦਿਆਂ ਉੱਥੇ ਪੜ੍ਹ ਰਹੇ ਬੱਚਿਆਂ ਦੀ ਸਹੂਲਤ ਲਈ ਅੱਗੇ ਆਉਣਾ ਹੋਰਨਾਂ ਸਾਬਕਾ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ।