ਪਟਾਕਿਆਂ ਨੂੰ ਨਾਂਹ ਕਹਿ ਕੇ ਗਰੀਨ ਦੀਵਾਲੀ ਮਨਾਓ : ਸੰਤ ਰਿਸ਼ੀ ਰਾਮ ਜੀ ਪਟਾਕਿਆਂ ਨੂੰ ਨਾਂਹ ਕਹਿ ਕੇ ਗਰੀਨ ਦੀਵਾਲੀ ਮਨਾਓ : ਸੰਤ ਰਿਸ਼ੀ ਰਾਮ ਜੀ
Publish Date: Wed, 04 Nov 2026 03:40 PM (IST)
Updated Date: Wed, 04 Nov 2026 03:41 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ (ਰਜਿ.) ਚੈਨਾ ਰੋਡ ਜੈਤੋ ਦੇ ਪ੍ਰਧਾਨ, ਮਾਤਾ ਅਮਰ ਕੌਰ ਅੱਖਾਂ ਦੇ ਹਸਪਤਾਲ ਚੈਨਾ ਰੋਡ ਜੈਤੋ ਦੇ ਸੰਚਾਲਕ, ਨਿਊ ਗੰਗਸਰ ਸਪੋਰਟਸ ਕਲੱਬ ਜੈਤੋ ਦੇ ਸਰਪ੍ਰਸਤ ਅਤੇ ਮਾਨਵ ਕਲਿਆਣ ਸੇਵਾ ਸੰਮਤੀ ਜੈਤੋ ਦੇ ਸਰਪ੍ਰਸਤ ਸੰਤ ਰਿਸ਼ੀ ਰਾਮ ਜੀ ਜਲਾਲ ਵਾਲਿਆਂ ਨੇ ਲੋਕਾਂ ਨੂੰ ਦੀਵਾਲੀ ਦਾ ਪਵਿੱਤਰ ਤਿਉਹਾਰ ਪਟਾਕਿਆਂ ਤੋਂ ਬਿਨਾਂ ਮਨਾਉਣ ਅਤੇ ਗਰੀਨ ਦੀਵਾਲੀ ਦਾ ਸੰਦੇਸ਼ ਦਿੱਤਾ ਹੈ। ਇੱਥੇ ਗੱਲਬਾਤ ਕਰਦਿਆਂ ਸੰਤ ਰਿਸ਼ੀ ਰਾਮ ਜੀ ਨੇ ਕਿਹਾ ਕਿ ਦੀਵਾਲੀ ਦਾ ਪਵਿੱਤਰ ਤਿਉਹਾਰ ਪੂਰੇ ਭਾਰਤ ਵਿੱਚ ਹਰ ਧਰਮ ਦੇ ਲੋਕਾਂ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਲੋਕ ਆਪਣੇ ਘਰਾਂ ਨੂੰ ਦੀਵਿਆਂ, ਮੋਮਬੱਤੀਆਂ ਅਤੇ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਉਂਦੇ ਹਨ। ਦੇਸੀ ਘਿਓ ਅਤੇ ਤੇਲ ਦੇ ਦੀਵੇ ਜਗਾ ਕੇ ਖੁਸ਼ੀਆਂ ਸਾਂਝੀਆਂ ਕਰਦੇ ਹਨ, ਪਰ ਇਸ ਖੁਸ਼ੀ ਦੇ ਮੌਕੇ ਵੱਡੀ ਮਾਤਰਾ ਵਿੱਚ ਕੀਤੀ ਜਾਂਦੀ ਆਤਿਸ਼ਬਾਜ਼ੀ ਵਾਤਾਵਰਨ ਲਈ ਗੰਭੀਰ ਸਮੱਸਿਆ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਕਰੋੜਾਂ ਰੁਪਏ ਦੇ ਪਟਾਕੇ ਚਲਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਹਵਾ ਨੂੰ ਦੂਸ਼ਿਤ ਕਰਨ ਦੇ ਨਾਲ-ਨਾਲ ਮਨੁੱਖੀ ਸਿਹਤ ਤੇ ਵੀ ਮਾੜਾ ਅਸਰ ਪਾਉਂਦਾ ਹੈ। ਇਸ ਨਾਲ ਸਾਹ ਲੈਣ ਵਿੱਚ ਤਕਲੀਫ਼, ਫੇਫੜਿਆਂ ਦੀਆਂ ਬਿਮਾਰੀਆਂ, ਅੱਖਾਂ ਵਿੱਚ ਜਲਣ ਅਤੇ ਦਿਲ ਦੇ ਰੋਗਾਂ ਦਾ ਖ਼ਤਰਾ ਵਧ ਸਕਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਪਟਾਕਿਆਂ ਦੇ ਧੂੰਏਂ ਤੋਂ ਵਿਸ਼ੇਸ਼ ਤੌਰ ਤੇ ਬਚਾਉਣ ਦੀ ਲੋੜ ਹੈ। ਸੰਤ ਰਿਸ਼ੀ ਰਾਮ ਜੀ ਨੇ ਕਿਹਾ ਕਿ ਪਟਾਕੇ ਚਲਾਉਣ ਸਮੇਂ ਕਈ ਵਾਰ ਅੱਗ ਲੱਗਣ ਅਤੇ ਹੋਰ ਭਿਆਨਕ ਹਾਦਸੇ ਵਾਪਰ ਜਾਂਦੇ ਹਨ, ਜਿਸ ਕਾਰਨ ਜਿੱਥੇ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ, ਉੱਥੇ ਲੋਕਾਂ ਦਾ ਭਾਰੀ ਮਾਲੀ ਨੁਕਸਾਨ ਵੀ ਹੁੰਦਾ ਹੈ। ਇਸ ਲਈ ਸਾਨੂੰ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪਟਾਕਿਆਂ ਤੋਂ ਦੂਰੀ ਬਣਾਉਣੀ ਚਾਹੀਦੀ ਹੈ। ਅੰਤ ਵਿੱਚ ਸੰਤ ਰਿਸ਼ੀ ਰਾਮ ਜੀ ਨੇ ਸਮੂਹ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਆਓ, ਇਸ ਦੀਵਾਲੀ ਤੇ ਪਟਾਕਿਆਂ ਨੂੰ ਨਾਂਹ ਕਹਿ ਕੇ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਕਰੀਏ। ਘਰਾਂ ਅਤੇ ਆਲੇ-ਦੁਆਲੇ ਸੁੰਦਰ ਫੁੱਲਾਂ, ਫਲਦਾਰ ਅਤੇ ਛਾਂਦਾਰ ਬੂਟੇ ਲਗਾਈਏ, ਤਾਂ ਜੋ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੁਦਰਤ ਦੀ ਸੰਭਾਲ ਕਰਨਾ ਹੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ ਅਤੇ ਸੁਰੱਖਿਅਤ ਭਵਿੱਖ ਦੇਣ ਦਾ ਸੱਚਾ ਉਪਰਾਲਾ ਹੈ।