ਨੌਜਵਾਨਾਂ ਦੀ ਗ੍ਰਿਫ਼ਤਾਰੀ ਵਿਰੁੱਧ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਅੱਜ ਨੌਜਵਾਨਾਂ ਦੀ ਗ੍ਰਿਫ਼ਤਾਰੀ ਵਿਰੁੱਧ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਅੱਜ
Publish Date: Wed, 04 Nov 2026 03:59 PM (IST)
Updated Date: Wed, 04 Nov 2026 04:02 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਮਾਨਸਾ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਨਾਲ ਸਬੰਧਤ ਨੌਜਵਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਅਤੇ ਉਨ੍ਹਾਂ ਵਿਰੁੱਧ ਦਰਜ ਕੀਤੇ ਗਏ ਕਥਿਤ ਝੂਠੇ ਪੁਲਿਸ ਕੇਸਾਂ ਦੇ ਵਿਰੋਧ ਵਿੱਚ ਅੱਜ 5 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਵਿਧਾਨ ਸਭਾ ਹਲਕਾ ਜੈਤੋ ਤੋਂ ਇੰਚਾਰਜ ਬੀਬੀ ਸਨਦੀਪ ਕੌਰ ਖ਼ਾਲਸਾ ਵੱਲੋਂ ਪੰਜਾਬ ਵਾਸੀਆਂ ਨੂੰ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਘਿਰਾਓ ਦਾ ਮੁੱਖ ਮਕਸਦ ਮਾਨਸਾ ਮੋਰਚੇ ਨਾਲ ਜੁੜੇ ਨੌਜਵਾਨ ਆਗੂ ਲੱਖਾ ਸਿੰਘ ਸਿਧਾਣਾ, ਮੋਹਨਜੀਤ ਸਿੰਘ ਸ਼ੇਰੋਂ ਅਤੇ ਹੋਰਨਾਂ ਦੀ ਰਿਹਾਈ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਵਿਰੁੱਧ ਦਰਜ ਕੀਤੇ ਗਏ ਮਾਮਲਿਆਂ ਨੂੰ ਰੱਦ ਕਰਵਾਉਣ ਦੀ ਮੰਗ ਉਠਾਉਣਾ ਹੈ। ਅਕਾਲੀ ਆਗੂਆਂ ਨੇ ਇਨ੍ਹਾਂ ਪੁਲਿਸ ਕੇਸਾਂ ਨੂੰ ਕਥਿਤ ਤੌਰ ’ਤੇ ਝੂਠੇ ਅਤੇ ਬੇਬੁਨਿਆਦ ਕਰਾਰ ਦਿੰਦਿਆਂ ਸਰਕਾਰ ਦੀ ਕਾਰਵਾਈ ’ਤੇ ਸਵਾਲ ਉਠਾਏ ਹਨ। ਜ਼ਿਕਰਯੋਗ ਹੈ ਕਿ ਮਾਨਸਾ ਵਿਖੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਚੱਲ ਰਹੇ ਮੋਰਚੇ ਦੌਰਾਨ ਵੱਖ-ਵੱਖ ਜਥੇਬੰਦੀਆਂ ਵੱਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਇਸੇ ਸੰਘਰਸ਼ ਨਾਲ ਜੁੜੇ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਤੋਂ ਬਾਅਦ ਇਹ ਮਾਮਲਾ ਹੋਰ ਚਰਚਾ ਵਿੱਚ ਆ ਗਿਆ ਹੈ। ਭਾਈ ਸਰਬਜੀਤ ਸਿੰਘ ਖ਼ਾਲਸਾ ਅਤੇ ਬੀਬੀ ਸਨਦੀਪ ਕੌਰ ਖ਼ਾਲਸਾ ਨੇ ਪੰਜਾਬ ਦੇ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਸਮਾਜਿਕ ਜਥੇਬੰਦੀਆਂ ਨੂੰ ਵੱਡੀ ਗਿਣਤੀ ਵਿੱਚ ਸੰਗਰੂਰ ਪਹੁੰਚਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹੱਕਾਂ ਅਤੇ ਇਨਸਾਫ਼ ਦੀ ਮੰਗ ਲਈ ਲੋਕਾਂ ਦਾ ਇਕਜੁੱਟ ਹੋਣਾ ਜ਼ਰੂਰੀ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਹ ਰੋਸ ਪ੍ਰਦਰਸ਼ਨ ਸ਼ਾਂਤਮਈ ਅਤੇ ਜਮਹੂਰੀ ਢੰਗ ਨਾਲ ਕੀਤਾ ਜਾਵੇਗਾ। ਲੋਕਾਂ ਨੂੰ ਅਨੁਸ਼ਾਸਨ ਬਣਾਈ ਰੱਖਣ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਆਪਣਾ ਵਿਰੋਧ ਦਰਜ ਕਰਵਾਉਣ ਦੀ ਅਪੀਲ ਵੀ ਕੀਤੀ ਗਈ ਹੈ। ਇਸ ਘਿਰਾਓ ਰਾਹੀਂ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ, ਮਾਮਲਿਆਂ ਦੀ ਨਿਰਪੱਖ ਜਾਂਚ ਅਤੇ ਮਾਨਸਾ ਮੋਰਚੇ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਦਾ ਧਿਆਨ ਖਿੱਚਣ ਦਾ ਯਤਨ ਕੀਤਾ ਜਾਵੇਗਾ।