- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
12 ਸਾਲ ਤੋਂ ਪੁਰਾਣੀਆਂ ਨਗਰ ਕੌਂਸਲ ਦੀਆਂ ਦੁਕਾਨਾਂ ’ਤੇ ਕਾਬਜ਼ ਦੁਕਾਨਦਾਰਾਂ ਨੂੰ ਮਿਲ ਸਕੇਗੀ ਮਾਲਕੀ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਨਗਰ ਕੌਂਸਲਾਂ ਦੀਆਂ ਦੁਕਾਨਾਂ ਵਿੱਚ ਸਾਲਾਂ ਤੋਂ ਕਾਰੋਬਾਰ ਕਰ ਰਹੇ ਦੁਕਾਨਦਾਰਾਂ ਨੂੰ ਹੁਣ ਆਪਣੀ ਦੁਕਾਨ ਦਾ ਮਾਲਕ ਬਣਨ ਦਾ ਮੌਕਾ ਮਿਲ ਸਕਦਾ ਹੈ। ਪੰਜਾਬ ਸਰਕਾਰ ਦੀ ‘ਮੇਰੀ ਦੁਕਾਨ ਮੇਰਾ ਨਾਮ’ ਸਕੀਮ ਤਹਿਤ ਯੋਗ ਕਿਰਾਏਦਾਰਾਂ ਅਤੇ ਕਾਬਜ਼ਕਾਰਾਂ ਨੂੰ ਰਿਆਇਤੀ ਦਰਾਂ ’ਤੇ ਦੁਕਾਨਾਂ ਦੀ ਮਾਲਕੀ ਦੇਣ ਲਈ ਫ਼ਰੀਦਕੋਟ ਜ਼ਿਲ੍ਹੇ ਵਿੱਚ ਪ੍ਰਸ਼ਾਸਨ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਕੀਮ ਦਾ ਲਾਭ ਵੱਧ ਤੋਂ ਵੱਧ ਯੋਗ ਦੁਕਾਨਦਾਰਾਂ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਦਫ਼ਤਰ ਦੇ ਕਾਨਫਰੰਸ ਹਾਲ ਵਿੱਚ ਹੋਈ ਮੀਟਿੰਗ ਦੌਰਾਨ ਸਕੀਮ ਨੂੰ ਲਾਗੂ ਕਰਨ ਦੀ ਪ੍ਰਗਤੀ ਅਤੇ ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਪ੍ਰੋ. ਆਸ਼ੂਤੋਸ਼ ਦੱਤ, ਪੀਡੀਸੀ ਮੈਂਬਰ ਅਤੇ ਟੀਮ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਕੇਸ਼ਬ ਗੋਇਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਉਨ੍ਹਾਂ ਦੁਕਾਨਦਾਰਾਂ ਨੂੰ ਮਿਲ ਸਕਦਾ ਹੈ, ਜਿਨ੍ਹਾਂ ਦਾ ਸਬੰਧਤ ਨਗਰ ਕੌਂਸਲ ਦੀ ਦੁਕਾਨ ’ਤੇ ਪਹਿਲੀ ਅਪ੍ਰੈਲ 2020 ਤੱਕ 12 ਸਾਲ ਤੋਂ ਵੱਧ ਸਮੇਂ ਦਾ ਕਬਜ਼ਾ ਰਿਹਾ ਹੈ। ਇਸ ਲਈ ਸਿਰਫ਼ ਕਿਰਾਏਦਾਰੀ ਹੀ ਨਹੀਂ, ਸਗੋਂ ਨਿਰਧਾਰਤ ਸਮੇਂ ਤੋਂ ਦੁਕਾਨ ’ਤੇ ਲਗਾਤਾਰ ਕਬਜ਼ਾ ਹੋਣ ਦੇ ਸਬੂਤ ਵੀ ਪੇਸ਼ ਕਰਨੇ ਲਾਜ਼ਮੀ ਹੋਣਗੇ। ਇਸ ਮਕਸਦ ਲਈ ਦੁਕਾਨਦਾਰਾਂ ਨੂੰ ਬਿਜਲੀ ਕੁਨੈਕਸ਼ਨ, ਪਾਣੀ ਅਤੇ ਸੀਵਰੇਜ ਕੁਨੈਕਸ਼ਨ ਨਾਲ ਸਬੰਧਤ ਦਸਤਾਵੇਜ਼, ਸੇਲ ਟੈਕਸ ਜਾਂ ਜੀਐੱਸਟੀ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਹੋਰ ਸਰਕਾਰੀ ਰਿਕਾਰਡ ਅਰਜ਼ੀ ਨਾਲ ਨੱਥੀ ਕਰਨ ਲਈ ਕਿਹਾ ਗਿਆ ਹੈ। ਯੋਗ ਦੁਕਾਨਦਾਰ ਆਪਣੇ ਬਿਨੈ-ਪੱਤਰ ਸਬੰਧਤ ਨਗਰ ਕੌਂਸਲ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਪ੍ਰਸ਼ਾਸਨ ਵੱਲੋਂ ਦੁਕਾਨਦਾਰਾਂ ਨੂੰ ਸਕੀਮ ਬਾਰੇ ਜਾਣੂ ਕਰਵਾਉਣ ਲਈ ਸ਼ਹਿਰ ਵਿੱਚ ਮੁਨਾਦੀ ਵੀ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਦੁਕਾਨਦਾਰ ਜਾਣਕਾਰੀ ਦੀ ਘਾਟ ਕਾਰਨ ਇਸ ਮੌਕੇ ਤੋਂ ਵਾਂਝਾ ਨਾ ਰਹੇ ਅਤੇ ਅਰਜ਼ੀਆਂ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਇਆ ਜਾਵੇ। ਮੀਟਿੰਗ ਵਿੱਚ ਐੱਸਡੀਐੱਮ ਕੋਟਕਪੂਰਾ ਰਜਿੰਦਰ ਸਿੰਘ, ਐੱਸਡੀਐੱਮ ਜੈਤੋ ਵਿਕਰਮਜੀਤ ਸਿੰਘ, ਨਗਰ ਕੌਂਸਲ ਫ਼ਰੀਦਕੋਟ ਅਤੇ ਕੋਟਕਪੂਰਾ ਦੇ ਕਾਰਜਸਾਧਕ ਅਫ਼ਸਰ ਅੰਮ੍ਰਿਤ ਲਾਲ, ਜੈਤੋ ਦੇ ਕਾਰਜਸਾਧਕ ਅਫ਼ਸਰ ਮਨਿੰਦਰਪਾਲ ਸਿੰਘ, ਡੀਡੀਪੀਓ ਸ਼ਮਿੰਦਰ ਸਿੰਘ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।