- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌੜ ਦੇ ਛੱਪੜ ਦੀ ਨਿਕਾਸੀ ਲਈ 40 ਲੱਖ ਦੀ ਪਾਈਪਲਾਈਨ ਵਿਛਾਈ, ਮੀਂਹ ਦੇ ਪਾਣੀ ਤੋਂ ਮਿਲੇਗੀ ਨਿਜਾਤ

ਜਗਮੀਤ ਸਿੰਘ, ਪੰਜਾਬੀ ਜਾਗਰਣ, ਕੋਟਕਪੂਰਾ : ਪਿੰਡ ਮੌੜ ਵਿੱਚ ਛੱਪੜ ਦੇ ਪਾਣੀ ਦੀ ਨਿਕਾਸੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦੇ ਹੱਲ ਲਈ 40 ਲੱਖ ਰੁਪਏ ਦੀ ਲਾਗਤ ਨਾਲ ਪਾਈਪਲਾਈਨ ਵਿਛਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਵਿੱਚ ਬੱਸ ਸਟੈਂਡ ਅਤੇ ਛੱਪੜ ਦੇ ਪਾਣੀ ਦੀ ਨਿਕਾਸੀ ਲਈ ਕੀਤੇ ਜਾ ਰਹੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਸੰਧਵਾਂ ਨੇ ਕਿਹਾ ਕਿ ਪਿੰਡ ਦੇ ਛੱਪੜ ਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਾਰਨ ਬਰਸਾਤ ਦੇ ਮੌਸਮ ਵਿੱਚ ਪਾਣੀ ਓਵਰਫਲੋ ਹੋ ਕੇ ਗਰੀਬ ਪਰਿਵਾਰਾਂ ਦੇ ਘਰਾਂ ਤੱਕ ਪਹੁੰਚ ਜਾਂਦਾ ਸੀ। ਇਸ ਕਾਰਨ ਲੋਕਾਂ ਨੂੰ ਨਾ ਸਿਰਫ਼ ਘਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ, ਸਗੋਂ ਆਵਾਜਾਈ ਵਿੱਚ ਵੀ ਦਿੱਕਤਾਂ ਆਉਂਦੀਆਂ ਸਨ। ਇਸ ਸਮੱਸਿਆ ਦੇ ਸਥਾਈ ਹੱਲ ਲਈ 40 ਲੱਖ ਰੁਪਏ ਦੀ ਲਾਗਤ ਨਾਲ ਨਿਕਾਸੀ ਪਾਈਪਲਾਈਨ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਕੰਮ ਦੇ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਬਰਸਾਤ ਦੇ ਦਿਨਾਂ ਵਿੱਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪਿੰਡ ਮੌੜ ਨਾਲ ਉਨ੍ਹਾਂ ਦਾ ਲੰਬੇ ਸਮੇਂ ਤੋਂ ਨਾਤਾ ਹੈ ਅਤੇ ਉਹ ਪਿਛਲੇ ਕਰੀਬ ਦਸ ਸਾਲਾਂ ਤੋਂ ਵਿਧਾਇਕ ਵਜੋਂ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ। ਪਿੰਡ ਦੀ ਪੰਚਾਇਤ ਅਤੇ ਸਰਪੰਚ ਵੱਲੋਂ ਵੀ ਇਸ ਸਮੱਸਿਆ ਨੂੰ ਲਗਾਤਾਰ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆਂ ਮੁਸ਼ਕਲਾਂ ਦਾ ਹੱਲ ਕਰਨਾ ਹੀ ਵਿਕਾਸ ਕਾਰਜਾਂ ਦਾ ਅਸਲ ਮਕਸਦ ਹੈ। ਇਸ ਮੌਕੇ ਪਿੰਡ ਦੀ ਸਰਪੰਚ ਗੁਰਮੀਤ ਕੌਰ ਮਾਨ, ਪੰਚ ਕਰਮਜੀਤ ਕੌਰ, ਸੁਖਮਨ ਕੌਰ, ਜਗਦੇਵ ਸਿੰਘ, ਸੁਖਪਿੰਦਰ ਸਿੰਘ, ਸੁਖਮੰਦਰ ਸਿੰਘ, ਜਗਤਾਰ ਸਿੰਘ, ਜਸਪ੍ਰੀਤ ਕੌਰ, ਮਨਜੀਤ ਕੌਰ ਅਤੇ ਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।