- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ : ਦਲੇਰ ਸਿੰਘ ਡੋਰ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢ ਕੇ ਸਹੀ ਦਿਸ਼ਾ ਦੇਣਾ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਜੇਕਰ ਅਸੀਂ ਆਪਣੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਵਿੱਚ ਸਫਲ ਨਾ ਹੋਏ ਤਾਂ ਇਸ ਦਾ ਖਮਿਆਜ਼ਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਭੁਗਤਣਾ ਪਵੇਗਾ। ਇਹ ਗੱਲ ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਵਾਰਸ ਪੰਜਾਬ ਦੇ ਉਮੀਦਵਾਰ ਦਲੇਰ ਸਿੰਘ ਡੋਰ ਨੇ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਕਿਸੇ ਵੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ, ਪਰ ਪਿਛਲੇ ਸਮੇਂ ਦੌਰਾਨ ਨਸ਼ਿਆਂ ਦੇ ਵਧਦੇ ਪ੍ਰਭਾਵ, ਬੇਰੁਜ਼ਗਾਰੀ ਅਤੇ ਨੌਜਵਾਨਾਂ ਲਈ ਸਹੀ ਮੌਕਿਆਂ ਦੀ ਘਾਟ ਨੇ ਇਸ ਤਾਕਤ ਨੂੰ ਕਮਜ਼ੋਰ ਕੀਤਾ ਹੈ। ਅੱਜ ਲੋੜ ਹੈ ਕਿ ਨੌਜਵਾਨਾਂ ਨੂੰ ਸਿਰਫ਼ ਨਸ਼ਿਆਂ ਤੋਂ ਦੂਰ ਰਹਿਣ ਦੀਆਂ ਨਸੀਹਤਾਂ ਹੀ ਨਾ ਦਿੱਤੀਆਂ ਜਾਣ, ਸਗੋਂ ਉਨ੍ਹਾਂ ਨੂੰ ਰੁਜ਼ਗਾਰ, ਸਿੱਖਿਆ, ਖੇਡਾਂ ਅਤੇ ਸਵੈ-ਰੁਜ਼ਗਾਰ ਦੇ ਢੁੱਕਵੇਂ ਮੌਕੇ ਵੀ ਮੁਹੱਈਆ ਕਰਵਾਏ ਜਾਣ। ਦਲੇਰ ਸਿੰਘ ਡੋਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਖ-ਵੱਖ ਸਮੇਂ ’ਤੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਮੌਕੇ ਦੇ ਕੇ ਦੇਖ ਲਏ ਹਨ, ਪਰ ਆਮ ਲੋਕਾਂ ਦੀਆਂ ਮੁਸ਼ਕਲਾਂ ਅਜੇ ਵੀ ਬਰਕਰਾਰ ਹਨ। ਚੋਣਾਂ ਸਮੇਂ ਕੀਤੇ ਜਾਣ ਵਾਲੇ ਵਾਅਦਿਆਂ ਦੀ ਬਜਾਏ ਹੁਣ ਲੋਕਾਂ ਨੂੰ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੀ ਸਿਆਸਤ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿਆਸਤ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਬਲਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਸਮਾਜ ਨੂੰ ਬਿਹਤਰ ਬਣਾਉਣਾ ਹੋਣਾ ਚਾਹੀਦਾ ਹੈ। ਉਨ੍ਹਾਂ ਨਸ਼ਾ ਤਸਕਰੀ ਦੇ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਨੂੰ ਨਫ਼ਰਤ ਜਾਂ ਸਮਾਜਿਕ ਬਾਈਕਾਟ ਦੀ ਬਜਾਏ ਇਲਾਜ, ਸਹਿਯੋਗ ਅਤੇ ਮੁੜ ਵਸੇਬੇ ਦੇ ਮੌਕੇ ਦੇਣੇ ਚਾਹੀਦੇ ਹਨ। ਨੌਜਵਾਨਾਂ ਨੂੰ ਬਚਾਉਣ ਲਈ ਪਰਿਵਾਰਾਂ, ਸਮਾਜਿਕ ਜਥੇਬੰਦੀਆਂ ਅਤੇ ਸਰਕਾਰ ਨੂੰ ਸਾਂਝੇ ਤੌਰ ’ਤੇ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਫ਼ਰੀਦਕੋਟ ਹਲਕੇ ਦੇ ਵਿਕਾਸ ਸਬੰਧੀ ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ, ਸਿੱਖਿਆ, ਸਾਫ਼ ਪੀਣ ਵਾਲੇ ਪਾਣੀ, ਸੀਵਰੇਜ, ਸੜਕਾਂ ਅਤੇ ਰੁਜ਼ਗਾਰ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਲੋੜ ਹੈ। ਪਿੰਡਾਂ ਅਤੇ ਸ਼ਹਿਰਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨਾ ਸਮੇਂ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਅਤੇ ਖੇਡ ਸਹੂਲਤਾਂ ਨੂੰ ਵੀ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਦਲੇਰ ਸਿੰਘ ਡੋਰ ਨੇ ਕਿਹਾ ਕਿ ਉਹ ਪੰਜਾਬ ਦੀ ਜਵਾਨੀ, ਪੰਜਾਬ ਦੀ ਹੋਂਦ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਨੂੰ ਮੁੱਖ ਮੁੱਦਾ ਮੰਨਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਭਵਿੱਖ ਅਤੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੁਚੇਤ ਹੋ ਕੇ ਫ਼ੈਸਲਾ ਲੈਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਸਭ ਤੋਂ ਪਹਿਲਾਂ ਇਸ ਦੀ ਜਵਾਨੀ ਨੂੰ ਬਚਾਉਣਾ ਅਤੇ ਉਸ ਨੂੰ ਸਹੀ ਰਾਹ ਦਿਖਾਉਣਾ ਜ਼ਰੂਰੀ ਹੈ।