- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਜੈਤੋ ਟਰੈਫ਼ਿਕ ਪੁਲਿਸ ਵੱਲੋਂ ਸਖ਼ਤ ਚੈਕਿੰਗ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਤਿਉਹਾਰਾਂ ਦੇ ਸੀਜ਼ਨ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਮਕਸਦ ਨਾਲ ਜੈਤੋ ਟਰੈਫ਼ਿਕ ਪੁਲਿਸ ਨੇ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੌਕਸੀ ਵਧਾ ਦਿੱਤੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਹੁਕਮਾਂ, ਜ਼ਿਲ੍ਹਾ ਫ਼ਰੀਦਕੋਟ ਦੇ ਸੀਨੀਅਰ ਪੁਲਿਸ ਕਪਤਾਨ ਗੁਰਬੰਸ ਸਿੰਘ ਬੈਂਸ (ਪੀਪੀਐੱਸ) ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਬ-ਡਵੀਜ਼ਨ ਜੈਤੋ ਦੇ ਡੀਐੱਸਪੀ ਇਕਬਾਲ ਸਿੰਘ ਸੰਧੂ ਤੇ ਥਾਣਾ ਜੈਤੋ ਦੇ ਐੱਸਐੱਚਓ ਇੰਸਪੈਕਟਰ ਨਵਪ੍ਰੀਤ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਵਿਸ਼ੇਸ਼ ਵਾਹਨ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੈਤੋ ਟਰੈਫ਼ਿਕ ਪੁਲਿਸ ਦੇ ਇੰਚਾਰਜ ਏਐੱਸਆਈ ਬਲਰਾਜ ਸਿੰਘ ਭੁੱਲਰ ਢੈਪਈ ਨੇ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਾਕਾਬੰਦੀ ਕੀਤੀ ਗਈ ਹੈ। ਇਸ ਮੁਹਿੰਮ ਦੌਰਾਨ ਜੈਤੋ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚੋਂ ਲੰਘਣ ਵਾਲੇ ਹਰ ਤਰ੍ਹਾਂ ਦੇ ਵਾਹਨਾਂ ਦੀ ਬਾਰੀਕੀ ਨਾਲ ਪੜਤਾਲ ਹੋ ਰਹੀ ਹੈ। ਵਾਹਨ ਚਾਲਕਾਂ ਦੇ ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ ਦੇ ਨਾਲ-ਨਾਲ ਸ਼ੱਕੀ ਜਾਪਣ ਵਾਲੇ ਵਾਹਨਾਂ ਦੀ ਤਲਾਸ਼ੀ ਵੀ ਲਈ ਜਾਂਦੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਦੋਪਹੀਆ, ਚਾਰ ਪਹੀਆ ਅਤੇ ਹੋਰ ਵਾਹਨਾਂ ਨੂੰ ਜਾਂਚ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ। ਵਾਹਨਾਂ ਦੀ ਰਜਿਸਟ੍ਰੇਸ਼ਨ, ਡਰਾਈਵਿੰਗ ਲਾਇਸੈਂਸ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਦੀ ਪੜਤਾਲ ਤੋਂ ਇਲਾਵਾ ਦੋਪਹੀਆ ਵਾਹਨ ਚਾਲਕਾਂ ਵੱਲੋਂ ਹੈਲਮੇਟ ਦੀ ਵਰਤੋਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸ਼ੱਕੀ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੀਆਂ ਡਿੱਕੀਆਂ ਅਤੇ ਹੋਰ ਹਿੱਸਿਆਂ ਦੀ ਤਲਾਸ਼ੀ ਲਈ ਜਾਂਦੀ ਹੈ। ਏਐੱਸਆਈ ਬਲਰਾਜ ਸਿੰਘ ਭੁੱਲਰ ਨੇ ਦੱਸਿਆ ਕਿ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ ਜੈਤੋ-ਬਠਿੰਡਾ, ਜੈਤੋ-ਕੋਟਕਪੂਰਾ, ਜੈਤੋ-ਸ੍ਰੀ ਮੁਕਤਸਰ ਸਾਹਿਬ ਅਤੇ ਜੈਤੋ-ਬਰਨਾਲਾ ਮੁੱਖ ਮਾਰਗਾਂ ’ਤੇ ਨਾਕਾਬੰਦੀ ਕੀਤੀ ਗਈ। ਇਸ ਤੋਂ ਇਲਾਵਾ ਸਥਾਨਕ ਬੱਸ ਸਟੈਂਡ ਚੌਕ, ਚੌਕ ਨੰਬਰ-1, ਚੌਕ ਨੰਬਰ-2, ਚੌਕ ਨੰਬਰ-3, ਰਾਮਲੀਲ੍ਹਾ ਗਰਾਊਂਡ ਅਤੇ ਬਿਸ਼ਨੰਦੀ ਫਾਟਕ ਵਿਖੇ ਵੀ ਪੁਲਿਸ ਮੁਲਾਜ਼ਮਾਂ ਨੇ ਮੋਰਚਾ ਸੰਭਾਲਦਿਆਂ ਵਾਹਨਾਂ ਦੀ ਜਾਂਚ ਕੀਤੀ। ਇਨ੍ਹਾਂ ਥਾਵਾਂ ਤੋਂ ਲੰਘਣ ਵਾਲੇ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੇ ਕਾਗਜ਼ਾਤ ਚੈੱਕ ਕੀਤੇ ਗਏ ਅਤੇ ਸ਼ੱਕੀ ਪਾਏ ਜਾਣ ਵਾਲੇ ਵਾਹਨਾਂ ਦੀ ਲੋੜ ਅਨੁਸਾਰ ਤਲਾਸ਼ੀ ਲਈ ਗਈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੋਟਰ ਵਹੀਕਲ ਐਕਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਆਪਣੇ ਵਾਹਨਾਂ ਦੇ ਸਾਰੇ ਲੋੜੀਂਦੇ ਦਸਤਾਵੇਜ਼ ਮੁਕੰਮਲ ਰੱਖਣ। ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਦੀ ਵਰਤੋਂ ਜ਼ਰੂਰ ਕਰਨ ਅਤੇ ਆਵਾਜਾਈ ਨਿਯਮਾਂ ਦੀ ਅਣਦੇਖੀ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਸੁਰੱਖਿਅਤ ਆਵਾਜਾਈ ਦੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਦਦ ਮਿਲ ਸਕਦੀ ਹੈ। ਇਸ ਮੌਕੇ ਏਐੱਸਆਈ ਭੋਲਾ ਸਿੰਘ ਬਾਠ ਕਰੀਰਵਾਲੀ, ਟਰੈਫ਼ਿਕ ਮਾਰਸ਼ਲ ਸੁਖਮੰਦਰ ਸਿੰਘ ਢੁੱਡੀ ਆਦਿ ਮੌਜੂਦ ਸਨ।