ਮਿਸ਼ਨ ਰਫ਼ਤਾਰ ਤਹਿਤ ਜ਼ਿਲ੍ਹਾ ਪੱਧਰੀ ਟੈਕ ਫੇਅਰ 18 ਨਵੰਬਰ ਨੂੰ ਮਿਸ਼ਨ ਰਫ਼ਤਾਰ ਤਹਿਤ 18 ਨਵੰਬਰ ਨੂੰ ਫ਼ਰੀਦਕੋਟ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਟੈਕ ਫੇਅਰ
Publish Date: Thu, 05 Nov 2026 03:34 PM (IST)
Updated Date: Thu, 05 Nov 2026 03:35 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਤਕਨੀਕੀ ਸਿੱਖਿਆ, ਡਿਜੀਟਲ ਸਾਖਰਤਾ ਅਤੇ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਚਲਾਏ ਜਾ ਰਹੇ ਮਿਸ਼ਨ ਰਫ਼ਤਾਰ ਤਹਿਤ ਫ਼ਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਫੇਅਰ–ਟੈਕ ਫੇਅਰ 2026-27 ਦਾ ਆਯੋਜਨ 18 ਨਵੰਬਰ ਨੂੰ ਕੀਤਾ ਜਾ ਰਿਹਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਫ਼ਰੀਦਕੋਟ ਵਿਖੇ ਲੱਗਣ ਵਾਲੇ ਇਸ ਮੇਲੇ ਵਿੱਚ ਵਿਦਿਆਰਥੀ ਆਪਣੀਆਂ ਤਕਨੀਕੀ ਖੋਜਾਂ, ਕਾਰਜਸ਼ੀਲ ਮਾਡਲਾਂ ਅਤੇ ਨਵੀਨਤਾਕਾਰੀ ਵਿਚਾਰਾਂ ਦਾ ਪ੍ਰਦਰਸ਼ਨ ਕਰਨਗੇ। ਇਹ ਮੇਲਾ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਸਾਹਮਣੇ ਲਿਆਉਣ ਅਤੇ ਵਿਹਾਰਕ ਗਿਆਨ ਦਾ ਪ੍ਰਦਰਸ਼ਨ ਕਰਨ ਲਈ ਵਿਸ਼ੇਸ਼ ਮੰਚ ਪ੍ਰਦਾਨ ਕਰੇਗਾ। ਮਿਸ਼ਨ ਰਫ਼ਤਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਰਵਾਇਤੀ ਸਿੱਖਿਆ ਦੇ ਨਾਲ ਆਧੁਨਿਕ ਤਕਨਾਲੋਜੀ ਨੂੰ ਜੋੜਨ ਦੀ ਅਹਿਮ ਪਹਿਲਕਦਮੀ ਹੈ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.), ਰੋਬੋਟਿਕਸ ਅਤੇ ਇੰਟਰਨੈੱਟ ਆਫ਼ ਥਿੰਗਜ਼ (ਆਈ.ਓ.ਟੀ.) ਵਰਗੀਆਂ ਉੱਭਰ ਰਹੀਆਂ ਤਕਨੀਕਾਂ ਨਾਲ ਜਾਣੂ ਕਰਵਾਉਣਾ ਅਤੇ ਉਨ੍ਹਾਂ ਵਿੱਚ ਸਮੱਸਿਆਵਾਂ ਦੇ ਹੱਲ ਲੱਭਣ, ਤਰਕਸ਼ੀਲ ਸੋਚ, ਸਿਰਜਣਾਤਮਕਤਾ ਤੇ ਖੋਜੀ ਰੁਚੀ ਦਾ ਵਿਕਾਸ ਕਰਨਾ ਹੈ। ਇਸ ਪਹਿਲਕਦਮੀ ਰਾਹੀਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਤਕਨੀਕਾਂ ਦੀ ਵਿਹਾਰਕ ਵਰਤੋਂ ਸਿੱਖਣ ਦੇ ਮੌਕੇ ਦਿੱਤੇ ਜਾ ਰਹੇ ਹਨ। ਇਸ ਮਿਸ਼ਨ ਤਹਿਤ ਸਰਕਾਰੀ ਸਕੂਲਾਂ ਵਿੱਚ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਾਈਬਰ ਸੇਫਟੀ ਕਲੱਬ ਸਥਾਪਤ ਕੀਤੇ ਗਏ ਹਨ। ਇਨ੍ਹਾਂ ਰਾਹੀਂ ਵਿਦਿਆਰਥੀਆਂ ਨੂੰ ਆਨਲਾਈਨ ਧੋਖਾਧੜੀ, ਸਾਈਬਰ ਅਪਰਾਧਾਂ ਅਤੇ ਇੰਟਰਨੈੱਟ ਦੀ ਸੁਰੱਖਿਅਤ ਵਰਤੋਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਚੁਣੇ ਗਏ ਸਕੂਲਾਂ ਨੂੰ ਲਗਭਗ 50 ਹਜ਼ਾਰ ਰੁਪਏ ਦੀ ਲਾਗਤ ਵਾਲੀਆਂ ਏ.ਆਈ. ਅਤੇ ਆਈ.ਓ.ਟੀ. ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਨ੍ਹਾਂ ਦੀ ਮਦਦ ਨਾਲ ਵਿਦਿਆਰਥੀ ਵੱਖ-ਵੱਖ ਤਕਨੀਕੀ ਪ੍ਰਯੋਗ ਕਰਨ ਦੇ ਨਾਲ ਆਪਣੇ ਮਾਡਲ ਅਤੇ ਪ੍ਰੋਜੈਕਟ ਤਿਆਰ ਕਰ ਰਹੇ ਹਨ। ਮਿਸ਼ਨ ਦੀ ਸਫਲਤਾ ਲਈ ਅਧਿਆਪਕਾਂ ਨੂੰ ਵੀ ਆਧੁਨਿਕ ਤਕਨੀਕਾਂ ਦੀ ਸਿਖਲਾਈ ਦਿੱਤੀ ਗਈ ਹੈ। ਇਸ ਸਬੰਧੀ ਦੇਸ਼ ਦੀਆਂ ਨਾਮਵਰ ਸਿੱਖਿਆ ਅਤੇ ਤਕਨੀਕੀ ਸੰਸਥਾਵਾਂ ਦੇ ਮਾਹਿਰਾਂ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਏ ਗਏ ਹਨ। ਇਨ੍ਹਾਂ ਵਿੱਚ ਆਈ.ਆਈ.ਟੀ. ਦਿੱਲੀ, ਇੰਡੀਅਨ ਇੰਸਟੀਚਿਊਟ ਆਫ ਸਾਇੰਸ ਕਰਨਾਟਕਾ, ਨੈਸ਼ਨਲ ਇੰਸਟੀਚਿਊਟ ਆਫ ਟੀਚਰਜ਼ ਟ੍ਰੇਨਿੰਗ ਐਂਡ ਰਿਸਰਚ ਚੰਡੀਗੜ੍ਹ, ਨੈਸ਼ਨਲ ਇੰਸਟੀਚਿਊਟ ਆਫ ਇਲੈਕਟ੍ਰੋਨਿਕਸ ਐਂਡ ਇਨਫਰਮੇਸ਼ਨ ਟੈਕਨੋਲੋਜੀ ਰੋਪੜ, ਐਨ.ਆਈ.ਟੀ. ਜਲੰਧਰ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਮਾਹਿਰਾਂ ਨੇ ਅਧਿਆਪਕਾਂ ਦਾ ਮਾਰਗਦਰਸ਼ਨ ਕੀਤਾ ਹੈ। ਫ਼ਰੀਦਕੋਟ ਵਿਖੇ ਕਰਵਾਏ ਜਾ ਰਹੇ ਇਸ ਟੈਕ ਫੇਅਰ ਵਿੱਚ ਵਿਦਿਆਰਥੀ ਏ.ਆਈ., ਰੋਬੋਟਿਕਸ, ਆਈ.ਓ.ਟੀ. ਅਤੇ ਹੋਰ ਡਿਜੀਟਲ ਤਕਨੀਕਾਂ ਤੇ ਆਧਾਰਿਤ ਆਪਣੇ ਪ੍ਰੋਜੈਕਟ ਪੇਸ਼ ਕਰਨਗੇ। ਇਨ੍ਹਾਂ ਪ੍ਰੋਜੈਕਟਾਂ ਰਾਹੀਂ ਵਿਦਿਆਰਥੀ ਰੋਜ਼ਾਨਾ ਜੀਵਨ ਨਾਲ ਜੁੜੀਆਂ ਸਮੱਸਿਆਵਾਂ ਦੇ ਤਕਨੀਕੀ ਹੱਲ ਵੀ ਪੇਸ਼ ਕਰ ਸਕਣਗੇ। ਮੇਲੇ ਦੀ ਖ਼ਾਸ ਗੱਲ ਇਹ ਹੈ ਕਿ ਇਸ ਵਿੱਚ ਮਿਸ਼ਨ ਰਫ਼ਤਾਰ ਅਧੀਨ ਚੁਣੇ ਗਏ ਸਕੂਲਾਂ ਤੋਂ ਇਲਾਵਾ ਫ਼ਰੀਦਕੋਟ ਜ਼ਿਲ੍ਹੇ ਦੇ ਸਮੂਹ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀ ਵੀ ਭਾਗ ਲੈ ਸਕਣਗੇ। ਇਸ ਨਾਲ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਪਣੀ ਯੋਗਤਾ ਅਤੇ ਨਵੇਂ ਵਿਚਾਰਾਂ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲੇਗਾ। ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਲਈ ਮੇਲੇ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ। ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਨੂੰ 3,100 ਰੁਪਏ, ਦੂਜਾ ਸਥਾਨ ਹਾਸਲ ਕਰਨ ਵਾਲੇ ਨੂੰ 2,100 ਰੁਪਏ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਨੂੰ 1,100 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਹ ਇਨਾਮ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਨਵੇਂ ਤਕਨੀਕੀ ਪ੍ਰਯੋਗਾਂ ਲਈ ਪ੍ਰੇਰਿਤ ਕਰਨਗੇ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਰੀਦਕੋਟ ਅੰਜਨਾ ਕੌਂਸਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਾਵਨ ਕੁਮਾਰ ਨੇ ਕਿਹਾ ਕਿ ਅਜੋਕੇ ਤਕਨੀਕੀ ਦੌਰ ਵਿੱਚ ਵਿਦਿਆਰਥੀਆਂ ਨੂੰ ਆਧੁਨਿਕ ਗਿਆਨ ਅਤੇ ਹੁਨਰਾਂ ਨਾਲ ਲੈਸ ਕਰਨਾ ਸਮੇਂ ਦੀ ਲੋੜ ਹੈ। ਅਜਿਹੇ ਮੇਲੇ ਵਿਦਿਆਰਥੀਆਂ ਦੀ ਛੁਪੀ ਪ੍ਰਤਿਭਾ ਨੂੰ ਨਿਖਾਰਨ, ਆਤਮ-ਵਿਸ਼ਵਾਸ ਵਧਾਉਣ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਮੂਹ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਮੇਲੇ ਵਿੱਚ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ ਕੀਤੀ। ਜ਼ਿਲ੍ਹਾ ਰਿਸੋਰਸ ਪਰਸਨ ਅਤੇ ਮਿਸ਼ਨ ਰਫ਼ਤਾਰ ਦੇ ਜ਼ਿਲ੍ਹਾ ਨੋਡਲ ਅਫ਼ਸਰ ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਇਹ ਮੇਲਾ ਵਿਦਿਆਰਥੀਆਂ ਨੂੰ ਆਪਣੇ ਪ੍ਰੋਜੈਕਟਾਂ ਦੀ ਪ੍ਰਦਰਸ਼ਨੀ ਕਰਨ, ਮਾਹਿਰਾਂ ਤੋਂ ਮਾਰਗਦਰਸ਼ਨ ਲੈਣ ਅਤੇ ਹੋਰਨਾਂ ਦੇ ਨਵੀਨਤਾਕਾਰੀ ਵਿਚਾਰਾਂ ਤੋਂ ਸਿੱਖਣ ਦਾ ਵਿਸ਼ੇਸ਼ ਮੌਕਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਵਿੱਚ ਟੀਮ ਵਰਕ, ਵਿਹਾਰਕ ਗਿਆਨ, ਸਹਿਯੋਗ ਅਤੇ ਸਮੱਸਿਆਵਾਂ ਦੇ ਨਵੇਂ ਹੱਲ ਲੱਭਣ ਦੀ ਸਮਰੱਥਾ ਨੂੰ ਹੁਲਾਰਾ ਮਿਲੇਗਾ।