- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਾਲੀ ਨੂੰ ਖੇਤਾਂ ਵਿੱਚ ਸੰਭਾਲਣਾ ਕਿਸਾਨਾਂ ਲਈ ਬਣ ਸਕਦੈ ਲਾਹੇਵੰਦ ਸੌਦਾ,

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਸ਼ਟ ਕਰਨ ਦੀ ਬਜਾਏ ਖੇਤਾਂ ਵਿੱਚ ਹੀ ਇਸ ਦਾ ਪ੍ਰਬੰਧਨ ਕਰਨਾ ਕਿਸਾਨਾਂ ਲਈ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਆਰਥਿਕ ਤੌਰ ’ਤੇ ਵੀ ਲਾਹੇਵੰਦ ਸਾਬਤ ਹੋ ਸਕਦਾ ਹੈ। ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਹਵਾ ਪ੍ਰਦੂਸ਼ਿਤ ਹੁੰਦੀ ਹੈ, ਉੱਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਵਾਲੇ ਜ਼ਰੂਰੀ ਤੱਤ ਵੀ ਨਸ਼ਟ ਹੋ ਜਾਂਦੇ ਹਨ। ਇਹ ਗੱਲ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਪਿੰਡ ਸੰਧਵਾਂ ਅਤੇ ਦੇਵੀਵਾਲਾ ਵਿਖੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਨ ਮੌਕੇ ਕਹੀ। ਡਿਪਟੀ ਕਮਿਸ਼ਨਰ ਨੇ ਖੇਤਾਂ ਵਿੱਚ ਚੱਲ ਰਹੀਆਂ ਪਰਾਲੀ ਪ੍ਰਬੰਧਨ ਦੀਆਂ ਵੱਖ-ਵੱਖ ਗਤੀਵਿਧੀਆਂ ਨੂੰ ਨੇੜਿਓਂ ਦੇਖਿਆ ਅਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਵੱਲੋਂ ਅਪਣਾਏ ਜਾ ਰਹੇ ਤਰੀਕਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਪਿੰਡ ਸੰਧਵਾਂ ਵਿੱਚ ਬੇਲਰ ਮਸ਼ੀਨ ਰਾਹੀਂ ਪਰਾਲੀ ਦੀਆਂ ਗੱਠਾਂ ਬਣਾਉਣ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ, ਜਦਕਿ ਦੇਵੀਵਾਲਾ ਵਿਖੇ ਮਲਚਰ ਅਤੇ ਪਲਾਓ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਉਣ ਦੇ ਤਰੀਕਿਆਂ ਨੂੰ ਦੇਖਿਆ ਗਿਆ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਵਿੱਚ ਮੌਜੂਦ ਲਾਹੇਵੰਦ ਤੱਤਾਂ ਦਾ ਨੁਕਸਾਨ ਹੁੰਦਾ ਹੈ, ਜਿਸ ਕਾਰਨ ਜ਼ਮੀਨ ਦੀ ਸਿਹਤ ਵਿਗੜਦੀ ਹੈ ਅਤੇ ਕਿਸਾਨਾਂ ਨੂੰ ਅਗਲੀਆਂ ਫ਼ਸਲਾਂ ਲਈ ਵਾਧੂ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ। ਇਸ ਦੇ ਉਲਟ ਜੇਕਰ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਦਿੱਤਾ ਜਾਵੇ ਤਾਂ ਇਹ ਕੁਦਰਤੀ ਖਾਦ ਵਜੋਂ ਕੰਮ ਕਰਦੀ ਹੈ। ਇਸ ਨਾਲ ਮਿੱਟੀ ਵਿੱਚ ਜੈਵਿਕ ਤੱਤਾਂ ਦੀ ਮਾਤਰਾ ਵਧਣ ਦੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਸੁਧਾਰ ਹੁੰਦਾ ਹੈ। ਇਸ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ, ਜੋ ਪਿਛਲੇ ਅੱਠ ਤੋਂ ਨੌਂ ਸਾਲਾਂ ਤੋਂ ਪਰਾਲੀ ਨੂੰ ਅੱਗ ਲਗਾਏ ਬਿਨਾਂ ਇਸ ਦਾ ਪ੍ਰਬੰਧਨ ਕਰ ਰਹੇ ਹਨ। ਉਨ੍ਹਾਂ ਇਨ੍ਹਾਂ ਕਿਸਾਨਾਂ ਦੇ ਤਜਰਬਿਆਂ ਅਤੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕਿਸਾਨ ਦੂਜਿਆਂ ਲਈ ਪ੍ਰੇਰਨਾਸ੍ਰੋਤ ਹਨ। ਹੋਰ ਕਿਸਾਨਾਂ ਨੂੰ ਵੀ ਆਧੁਨਿਕ ਖੇਤੀ ਮਸ਼ੀਨਰੀ ਅਤੇ ਵਿਗਿਆਨਕ ਤਕਨੀਕਾਂ ਅਪਣਾ ਕੇ ਪਰਾਲੀ ਦੀ ਸੰਭਾਲ ਕਰਨੀ ਚਾਹੀਦੀ ਹੈ। ਰਾਹੁਲ ਚਾਬਾ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਵੀ ਸੁਣੇ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਨੂੰ ਕਿਸਾਨ ਵਾਤਾਵਰਨ ਦੀ ਜ਼ਿੰਮੇਵਾਰੀ ਦੇ ਨਾਲ ਆਪਣੀ ਜ਼ਮੀਨ ਦੀ ਲੰਬੇ ਸਮੇਂ ਦੀ ਸਿਹਤ ਨਾਲ ਜੋੜ ਕੇ ਦੇਖਣ। ਇਸ ਨਾਲ ਖੇਤੀ ਲਾਗਤ ਘਟਾਉਣ ਅਤੇ ਭਵਿੱਖ ਵਿੱਚ ਫ਼ਸਲਾਂ ਦਾ ਵਧੀਆ ਝਾੜ ਲੈਣ ਵਿੱਚ ਮਦਦ ਮਿਲ ਸਕਦੀ ਹੈ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਕੋਟਕਪੂਰਾ ਰਜਿੰਦਰ ਸਿੰਘ, ਪਰਾਲੀ ਪ੍ਰਬੰਧਨ ਦੇ ਨੋਡਲ ਅਫ਼ਸਰ ਡਾ. ਗੁਰਪ੍ਰੀਤ ਸਿੰਘ, ਖੇਤੀਬਾੜੀ ਅਫ਼ਸਰ, ਬਲਾਕ ਖੇਤੀਬਾੜੀ ਅਫ਼ਸਰ ਅਤੇ ਹੋਰ ਅਧਿਕਾਰੀ ਤੇ ਕਿਸਾਨ ਮੌਜੂਦ ਸਨ।