ਕਿਸੇ ਨੂੰ ਵੀ ਅਮਨ ਭੰਗ ਕਰਨ ਦੀ ਇਜਾਜ਼ਤ ਨਹੀਂ : ਐੱਸਐੱਚਓ ਨਵਪ੍ਰੀਤ ਸੰਧੂ ਕਿਸੇ ਨੂੰ ਵੀ ਅਮਨ ਭੰਗ ਕਰਨ ਦੀ ਇਜਾਜ਼ਤ ਨਹੀਂ : ਐੱਸਐੱਚਓ ਨਵਪ੍ਰੀਤ ਸੰਧੂ
Publish Date: Fri, 06 Nov 2026 04:08 PM (IST)
Updated Date: Fri, 06 Nov 2026 04:08 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੁਲਿਸ ਆਮ ਲੋਕਾਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਹਮੇਸ਼ਾ ਵਚਨਬੱਧ ਹੈ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਪੁਲਿਸ ਵਿਭਾਗ ਦੀ ਮੁੱਢਲੀ ਜ਼ਿੰਮੇਵਾਰੀ ਹੈ। ਜੈਤੋ ਇਲਾਕੇ ਵਿੱਚ ਅਮਨ-ਸ਼ਾਂਤੀ, ਕਾਨੂੰਨ ਵਿਵਸਥਾ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਪੁਲਿਸ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਜਾਂ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਥਾਣਾ ਜੈਤੋ ਦੇ ਐੱਸਐੱਚਓ ਇੰਸਪੈਕਟਰ ਨਵਪ੍ਰੀਤ ਸਿੰਘ ਸੰਧੂ ਨੇ ਇੱਥੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਹੁਕਮਾਂ, ਜ਼ਿਲ੍ਹਾ ਫ਼ਰੀਦਕੋਟ ਦੇ ਸੀਨੀਅਰ ਪੁਲਿਸ ਕਪਤਾਨ ਗੁਰਬੰਸ ਸਿੰਘ ਬੈਂਸ (ਪੀਪੀਐੱਸ) ਦੀਆਂ ਹਦਾਇਤਾਂ ਅਤੇ ਸਬ-ਡਵੀਜ਼ਨ ਜੈਤੋ ਦੇ ਡੀਐੱਸਪੀ ਇਕਬਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਖ਼ਾਸ ਕਰਕੇ ਚਿੱਟੇ ਅਤੇ ਹੋਰ ਨਸ਼ਿਆਂ ਦੀ ਤਸਕਰੀ ਨੂੰ ਰੋਕਣਾ ਪੁਲਿਸ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਨਸ਼ਿਆਂ ਦੀ ਸਮੱਸਿਆ ਤੇ ਚਿੰਤਾ ਪ੍ਰਗਟ ਕਰਦਿਆਂ ਇੰਸਪੈਕਟਰ ਨਵਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਬੁਰਾਈ ਹੈ, ਜੋ ਨਸ਼ਾ ਕਰਨ ਵਾਲੇ ਵਿਅਕਤੀ ਦੇ ਨਾਲ-ਨਾਲ ਉਸ ਦੇ ਪੂਰੇ ਪਰਿਵਾਰ ਨੂੰ ਪ੍ਰਭਾਵਿਤ ਕਰਦੀ ਹੈ। ਨਸ਼ਿਆਂ ਕਾਰਨ ਘਰਾਂ ਵਿੱਚ ਲੜਾਈ-ਝਗੜੇ, ਆਰਥਿਕ ਤੰਗੀ ਅਤੇ ਪਰਿਵਾਰਕ ਰਿਸ਼ਤਿਆਂ ਵਿੱਚ ਕੁੜੱਤਣ ਪੈਦਾ ਹੁੰਦੀ ਹੈ। ਕਈ ਪਰਿਵਾਰ ਇਸ ਬੁਰਾਈ ਕਾਰਨ ਉੱਜੜ ਰਹੇ ਹਨ ਅਤੇ ਛੋਟੀ ਉਮਰ ਵਿੱਚ ਔਰਤਾਂ ਨੂੰ ਵਿਧਵਾ ਹੋਣ ਵਰਗੇ ਦੁੱਖ ਸਹਿਣੇ ਪੈ ਰਹੇ ਹਨ। ਨਸ਼ੇ ਦੀ ਪੂਰਤੀ ਲਈ ਕਈ ਆਦੀ ਵਿਅਕਤੀ ਚੋਰੀਆਂ ਅਤੇ ਹੋਰ ਅਪਰਾਧਾਂ ਵੱਲ ਵੀ ਮੁੜ ਜਾਂਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕੀਮਤੀ ਸਮਾਂ ਪੜ੍ਹਾਈ, ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ। ਮਾਪਿਆਂ ਨੂੰ ਵੀ ਆਪਣੇ ਬੱਚਿਆਂ ਦੀ ਸੰਗਤ ਅਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਪੇਟ ਵਿੱਚ ਆਏ ਵਿਅਕਤੀਆਂ ਨੂੰ ਨਫ਼ਰਤ ਕਰਨ ਦੀ ਬਜਾਏ ਇਲਾਜ ਅਤੇ ਮੁੜ ਵਸੇਬੇ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇੰਸਪੈਕਟਰ ਨਵਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਨਸ਼ਾ ਤਸਕਰਾਂ ਜਾਂ ਨਸ਼ਾ ਕਰਨ ਵਾਲੇ ਵਿਅਕਤੀਆਂ ਸਬੰਧੀ ਜਾਣਕਾਰੀ ਦੇਣ ਲਈ 75270-17026 ਅਤੇ 75270-17036 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਗ਼ੈਰ-ਕਾਨੂੰਨੀ ਕਾਰੋਬਾਰ ਬੰਦ ਕਰ ਦੇਣ, ਨਹੀਂ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਮਨ-ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਕਲੈਰੀਕਲ ਯੂਨੀਅਨ ਜੈਤੋ ਦੇ ਪ੍ਰਧਾਨ ਅਤੇ ਉੱਘੇ ਕ੍ਰਿਕਟ ਖਿਡਾਰੀ ਕੋਮਲ ਕੁਮਾਰ ਸੋਨੂੰ ਸ਼ਰਮਾ ਵੀ ਮੌਜੂਦ ਸਨ।