ਧਰਮਜੀਤ ਰਾਮੇਆਣਾ ਤੇ ਡਾ. ਲਛਮਣ ਭਗਤੂਆਣਾ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਧਰਮਜੀਤ ਰਾਮੇਆਣਾ ਤੇ ਡਾ. ਲਛਮਣ ਭਗਤੂਆਣਾ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
Publish Date: Fri, 06 Nov 2026 04:10 PM (IST)
Updated Date: Fri, 06 Nov 2026 04:11 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਦਿਨੋ-ਦਿਨ ਵਧ ਰਹੇ ਵਾਤਾਵਰਨ ਪ੍ਰਦੂਸ਼ਣ ਅਤੇ ਇਸ ਦੇ ਮਨੁੱਖੀ ਸਿਹਤ ਤੇ ਪੈ ਰਹੇ ਮਾੜੇ ਪ੍ਰਭਾਵਾਂ ਨੂੰ ਦੇਖਦਿਆਂ ਜਲ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਧਰਮਜੀਤ ਸਿੰਘ ਰਾਮੇਆਣਾ ਨੇ ਜੈਤੋ ਹਲਕੇ ਦੇ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦਾ ਰੁਝਾਨ ਵਾਤਾਵਰਨ ਲਈ ਗੰਭੀਰ ਚੁਣੌਤੀ ਬਣਦਾ ਜਾ ਰਿਹਾ ਹੈ, ਜਿਸ ਕਾਰਨ ਹਵਾ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਲੋਕਾਂ ਨੂੰ ਸਾਹ ਅਤੇ ਹੋਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਮਜੀਤ ਸਿੰਘ ਰਾਮੇਆਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਰਾਹੀਂ ਆਧੁਨਿਕ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਵੱਖ-ਵੱਖ ਪੱਧਰਾਂ ਤੇ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਜਿੱਥੇ ਵੱਡੀ ਮਾਤਰਾ ਵਿੱਚ ਧੂੰਆਂ ਫੈਲਦਾ ਹੈ, ਉੱਥੇ ਹੀ ਅੱਗ ਕਾਰਨ ਜ਼ਮੀਨ ਵਿੱਚ ਮੌਜੂਦ ਲਾਭਦਾਇਕ ਜੀਵਾਣੂ ਅਤੇ ਜ਼ਰੂਰੀ ਪੌਸ਼ਟਿਕ ਤੱਤ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਫੈਲਣ ਵਾਲਾ ਧੂੰਆਂ ਬੱਚਿਆਂ, ਬਜ਼ੁਰਗਾਂ ਅਤੇ ਨੌਜਵਾਨਾਂ ਦੀ ਸਿਹਤ ਲਈ ਵਿਸ਼ੇਸ਼ ਤੌਰ ਤੇ ਨੁਕਸਾਨਦੇਹ ਹੈ। ਮਨੁੱਖ ਨੂੰ ਸਿਹਤਮੰਦ ਜੀਵਨ ਜਿਊਣ ਲਈ ਸ਼ੁੱਧ ਹਵਾ ਅਤੇ ਸਾਫ਼ ਵਾਤਾਵਰਨ ਦੀ ਸਭ ਤੋਂ ਵੱਧ ਲੋੜ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਧੁਨਿਕ ਖੇਤੀ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਅਤੇ ਮੀਤ ਪ੍ਰਧਾਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਪ੍ਰਦੂਸ਼ਣ ਦੀ ਸਮੱਸਿਆ ਸਿਰਫ਼ ਵਾਤਾਵਰਨ ਅਤੇ ਪੌਣ-ਪਾਣੀ ਤੱਕ ਸੀਮਤ ਨਹੀਂ ਰਹੀ, ਸਗੋਂ ਇਸ ਦਾ ਸਿੱਧਾ ਅਸਰ ਮਨੁੱਖੀ ਸਿਹਤ ਤੇ ਵੀ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਦੇ ਕਈ ਕਾਰਨ ਹਨ ਅਤੇ ਮਨੁੱਖ ਆਪਣੀਆਂ ਲੋੜਾਂ ਦੀ ਪੂਰਤੀ ਕਰਦਿਆਂ ਕਈ ਵਾਰ ਕੁਦਰਤੀ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਅਣਗੌਲਿਆ ਕਰ ਦਿੰਦਾ ਹੈ। ਪ੍ਰਦੂਸ਼ਣ ਦਾ ਇਹ ਵਧਦਾ ਪ੍ਰਭਾਵ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਲਈ ਵੀ ਚਿੰਤਾ ਦਾ ਵਿਸ਼ਾ ਹੈ। ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣ ਕੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਅਤੇ ਨੌਜਵਾਨਾਂ ਦੇ ਸਿਹਤਮੰਦ ਭਵਿੱਖ ਲਈ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਦੀ ਸੰਭਾਲ ਲਈ ਸਰਕਾਰ ਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ।