ਸਿਹਤ ਵਿਭਾਗ ਵੱਲੋਂ ਤਿਉਹਾਰੀ ਸੀਜ਼ਨ ਲਈ ਐਡਵਾਈਜ਼ਰੀ ਜਾਰੀ ਸਿਹਤ ਵਿਭਾਗ ਵੱਲੋਂ ਤਿਉਹਾਰੀ ਸੀਜ਼ਨ ਲਈ ਐਡਵਾਈਜ਼ਰੀ ਜਾਰੀ
Publish Date: Fri, 06 Nov 2026 04:10 PM (IST)
Updated Date: Fri, 06 Nov 2026 04:11 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਤਿਉਹਾਰਾਂ ਦੇ ਸੀਜ਼ਨ ਦੌਰਾਨ ਬਾਜ਼ਾਰਾਂ ਵਿੱਚ ਖਰੀਦਦਾਰੀ ਕਰਨ ਵਾਲੇ ਲੋਕਾਂ ਦੀ ਭੀੜ ਵਧਣ ਦੇ ਨਾਲ-ਨਾਲ ਵੱਖ-ਵੱਖ ਸਿਹਤ ਸਮੱਸਿਆਵਾਂ ਅਤੇ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਇਸ ਦੇ ਮੱਦੇਨਜ਼ਰ ਆਮ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਸਿਹਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਸੀਨੀਅਰ ਮੈਡੀਕਲ ਅਫ਼ਸਰ (ਐੱਸ.ਐੱਮ.ਓ.) ਡਾ. ਵਰਿੰਦਰ ਕੁਮਾਰ ਨੇ ਜੈਤੋ ਇਲਾਕਾ ਵਾਸੀਆਂ ਨੂੰ ਤਿਉਹਾਰਾਂ ਦੌਰਾਨ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਸੁਰੱਖਿਆ ਸਬੰਧੀ ਸਾਵਧਾਨੀਆਂ ਅਪਣਾਉਣ ਦੀ ਅਪੀਲ ਕੀਤੀ ਹੈ। ਡਾ. ਵਰਿੰਦਰ ਕੁਮਾਰ ਨੇ ਦੱਸਿਆ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਲੋਕਾਂ ਦੀ ਆਵਾਜਾਈ ਅਤੇ ਇਕੱਠ ਵਧਣ ਕਾਰਨ ਭੀੜ-ਭੜੱਕੇ ਵਾਲੀਆਂ ਥਾਵਾਂ, ਮੇਲਿਆਂ ਅਤੇ ਹੋਰ ਜਨਤਕ ਸਮਾਗਮਾਂ ਵਿੱਚ ਜਾਣ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣੀ ਚਾਹੀਦੀ ਹੈ। ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਦਾ ਖ਼ਾਸ ਧਿਆਨ ਰੱਖਿਆ ਜਾਵੇ, ਕਿਉਂਕਿ ਇਸ ਸਮੇਂ ਉਨ੍ਹਾਂ ਨੂੰ ਵਧੇਰੇ ਦੇਖਭਾਲ ਦੀ ਲੋੜ ਹੁੰਦੀ ਹੈ। ਜਿੱਥੋਂ ਤੱਕ ਸੰਭਵ ਹੋਵੇ, ਬੇਲੋੜੀ ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਸਫ਼ਾਈ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਖਾਣ-ਪੀਣ ਸਬੰਧੀ ਸਾਵਧਾਨੀਆਂ ਬਾਰੇ ਦੱਸਦਿਆਂ ਕਿਹਾ ਕਿ ਤਿਉਹਾਰਾਂ ਮੌਕੇ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਵਰਤੋਂ ਵਧ ਜਾਂਦੀ ਹੈ। ਇਸ ਲਈ ਹਮੇਸ਼ਾ ਸਾਫ਼-ਸੁਥਰੇ ਅਤੇ ਤਾਜ਼ੇ ਭੋਜਨ ਦੀ ਵਰਤੋਂ ਕੀਤੀ ਜਾਵੇ। ਜ਼ਿਆਦਾ ਮਿੱਠੀਆਂ ਅਤੇ ਤਲੀਆਂ ਹੋਈਆਂ ਚੀਜ਼ਾਂ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਖ਼ਾਸ ਕਰਕੇ ਦਿਲ, ਸ਼ੂਗਰ ਅਤੇ ਬਲੱਡ ਪ੍ਰੈਸ਼ਰ ਤੋਂ ਪੀੜਤ ਵਿਅਕਤੀਆਂ ਨੂੰ ਆਪਣੇ ਖਾਣ-ਪੀਣ ਵਿੱਚ ਵਿਸ਼ੇਸ਼ ਸੰਜਮ ਰੱਖਣਾ ਚਾਹੀਦਾ ਹੈ। ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਨੂੰ ਬੇਲੋੜੀ ਭੀੜ ਤੋਂ ਦੂਰ ਰੱਖਿਆ ਜਾਵੇ। ਪਟਾਕਿਆਂ ਦੀ ਵਰਤੋਂ ਸਮੇਂ ਸੁਰੱਖਿਆ ਸਬੰਧੀ ਹਦਾਇਤਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਪਟਾਕਿਆਂ ਨੂੰ ਅੱਗ ਲਗਾਉਂਦੇ ਸਮੇਂ ਉਨ੍ਹਾਂ ਤੋਂ ਢੁੱਕਵੀਂ ਦੂਰੀ ਬਣਾ ਕੇ ਰੱਖੀ ਜਾਵੇ। ਅੱਖਾਂ ਨੂੰ ਪਟਾਕਿਆਂ ਦੀ ਤੇਜ਼ ਰੌਸ਼ਨੀ ਅਤੇ ਉੱਡਦੇ ਕਣਾਂ ਤੋਂ ਬਚਾਇਆ ਜਾਵੇ। ਬੱਚਿਆਂ ਨੂੰ ਪਟਾਕੇ ਚਲਾਉਣ ਸਮੇਂ ਇਕੱਲੇ ਨਾ ਛੱਡਿਆ ਜਾਵੇ ਅਤੇ ਉਨ੍ਹਾਂ ਨੂੰ ਤਿੱਖੀਆਂ ਜਾਂ ਨੁਕੀਲੀਆਂ ਵਸਤਾਂ ਖੇਡਣ ਲਈ ਨਾ ਦਿੱਤੀਆਂ ਜਾਣ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਅੰਤ ਵਿੱਚ ਐੱਸ.ਐੱਮ.ਓ. ਡਾ. ਵਰਿੰਦਰ ਕੁਮਾਰ ਨੇ ਜੈਤੋ ਇਲਾਕੇ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰਾਂ ਦੀਆਂ ਖੁਸ਼ੀਆਂ ਮਨਾਉਣ ਦੇ ਨਾਲ-ਨਾਲ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਤੇ ਸੁਰੱਖਿਆ ਦਾ ਵੀ ਪੂਰਾ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਥੋੜ੍ਹੀ ਜਿਹੀ ਸਾਵਧਾਨੀ ਅਤੇ ਜਾਗਰੂਕਤਾ ਨਾਲ ਅਸੀਂ ਤਿਉਹਾਰਾਂ ਨੂੰ ਸੁਰੱਖਿਅਤ, ਸਿਹਤਮੰਦ ਅਤੇ ਖੁਸ਼ੀਆਂ ਭਰਿਆ ਬਣਾ ਸਕਦੇ ਹਾਂ।