- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਪਰਮਿੰਦਰ ਤੱਗੜ ਵੱਲੋਂ ਪ੍ਰਦੂਸ਼ਣ ਮੁਕਤ ‘ਗ੍ਰੀਨ ਦੀਵਾਲੀ’ ਮਨਾਉਣ ਦੀ ਅਪੀਲ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਯੂਨੀਵਰਸਿਟੀ ਕਾਲਜ ਜੈਤੋ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਪਰਮਿੰਦਰ ਸਿੰਘ ਤੱਗੜ ਨੇ ਪੰਜਾਬ ਸਮੇਤ ਦੇਸ਼ ਭਰ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਅਤੇ ਇਸ ਕਾਰਨ ਪੈਦਾ ਹੋ ਰਹੀਆਂ ਗੰਭੀਰ ਸਿਹਤ ਸਮੱਸਿਆਵਾਂ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਸਮੂਹ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਅਤੇ ਵਾਤਾਵਰਨ ਪੱਖੀ ‘ਗ੍ਰੀਨ ਦੀਵਾਲੀ’ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੀ ਖੁਸ਼ੀ ਮਨਾਉਂਦਿਆਂ ਸਾਨੂੰ ਆਪਣੇ ਵਾਤਾਵਰਨ, ਮਨੁੱਖੀ ਸਿਹਤ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਵੀ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਡਾ. ਪਰਮਿੰਦਰ ਸਿੰਘ ਤੱਗੜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਨੁੱਖਤਾ ਅਤੇ ਵਾਤਾਵਰਨ ਦੀ ਭਲਾਈ ਨੂੰ ਮੁੱਖ ਰੱਖਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਬਜਾਏ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਉਪਲਬਧ ਖੇਤੀਬਾੜੀ ਤਕਨੀਕਾਂ ਅਨੁਸਾਰ ਇਸ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਣਾ ਚਾਹੀਦਾ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਵਿੱਚ ਜ਼ਹਿਰੀਲੀਆਂ ਗੈਸਾਂ ਅਤੇ ਧੂੰਏਂ ਦੀ ਮਾਤਰਾ ਵਧਦੀ ਹੈ, ਜਿਸ ਦਾ ਸਿੱਧਾ ਅਸਰ ਮਨੁੱਖਾਂ, ਪਸ਼ੂ-ਪੰਛੀਆਂ ਅਤੇ ਸਮੁੱਚੇ ਜੀਵ-ਜਗਤ ਉੱਤੇ ਪੈਂਦਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਦਿਨਾਂ ਵਿੱਚ ਵੱਡੀ ਮਾਤਰਾ ਵਿੱਚ ਚਲਾਏ ਜਾਂਦੇ ਪਟਾਕੇ ਹਵਾ ਪ੍ਰਦੂਸ਼ਣ ਵਿੱਚ ਹੋਰ ਵਾਧਾ ਕਰਦੇ ਹਨ। ਇਸ ਨਾਲ ਸਾਹ ਸਬੰਧੀ ਬਿਮਾਰੀਆਂ, ਫੇਫੜਿਆਂ ਦੀਆਂ ਸਮੱਸਿਆਵਾਂ ਅਤੇ ਹੋਰ ਗੰਭੀਰ ਸਿਹਤ ਸਮੱਸਿਆਵਾਂ ਦਾ ਖ਼ਤਰਾ ਵਧ ਜਾਂਦਾ ਹੈ। ਇਸ ਲਈ ਖੁਸ਼ੀਆਂ ਦੇ ਇਸ ਤਿਉਹਾਰ ਨੂੰ ਪਟਾਕਿਆਂ ਦੇ ਧੂੰਏਂ ਅਤੇ ਸ਼ੋਰ ਦੀ ਬਜਾਏ ਆਪਸੀ ਪਿਆਰ, ਸਾਂਝ ਅਤੇ ਸਾਦਗੀ ਨਾਲ ਮਨਾਉਣ ਦੀ ਲੋੜ ਹੈ। ਡਾ. ਪਰਮਿੰਦਰ ਸਿੰਘ ਤੱਗੜ ਨੇ ਨੇ ਦੇਸ਼ ਦੇ ਹੋਰਨਾਂ ਸੂਬਿਆਂ ਦੇ ਲੋਕਾਂ ਨੂੰ ਵੀ ਵਾਤਾਵਰਨ ਦੀ ਸੰਭਾਲ ਲਈ ਸਾਂਝੇ ਯਤਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਹਰੇਕ ਵਿਅਕਤੀ ਨੂੰ ਘੱਟੋ-ਘੱਟ ਇੱਕ ਬੂਟਾ ਲਗਾਉਣਾ ਚਾਹੀਦਾ ਹੈ ਅਤੇ ਉਸ ਦੀ ਨਿਯਮਤ ਦੇਖਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਭ ਤੋਂ ਵੱਡੀ ਸੌਗਾਤ ਹੈ। ਜੇਕਰ ਅਸੀਂ ਅੱਜ ਵੀ ਵਾਤਾਵਰਨ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਾ ਸਮਝੀਆਂ ਤਾਂ ਭਵਿੱਖ ਦੀਆਂ ਪੀੜ੍ਹੀਆਂ ਸਾਨੂੰ ਕਦੇ ਮੁਆਫ਼ ਨਹੀਂ ਕਰਨਗੀਆਂ। ਇਸ ਲਈ ਸਮੇਂ ਦੀ ਮੁੱਖ ਲੋੜ ਹੈ ਕਿ ਹਰ ਮਨੁੱਖ ਵਾਤਾਵਰਨ ਦੀ ਰਾਖੀ ਨੂੰ ਆਪਣਾ ਨੈਤਿਕ ਫਰਜ਼ ਸਮਝਦਿਆਂ ਇਸ ਦੀ ਸੰਭਾਲ ਲਈ ਅੱਗੇ ਆਵੇ।