- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫ਼ਰੀਦਕੋਟ ਵਿੱਚ ਪਰਾਲੀ ਸਾੜਨ ਦੀਆਂ 79 ਘਟਨਾਵਾਂ ਦਰਜ, ਪ੍ਰਸ਼ਾਸਨ ਨੇ ਪਿੰਡ-ਪਿੰਡ ਜਾ ਕੇ ਵਿੱਢੀ ਜਾਗਰੂਕਤਾ ਮੁਹਿੰਮ

ਡੀਸੀ ਰਾਹੁਲ ਚਾਬਾ ਨੇ ਖੁਦ ਟਰੈਕਟਰ ਚਲਾ ਕੇ ਕਿਸਾਨਾਂ ਨੂੰ ਪਰਾਲੀ ਖੇਤਾਂ ’ਚ ਵਾਹੁਣ ਲਈ ਕੀਤਾ ਪ੍ਰੇਰਿਤ
ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਫ਼ਰੀਦਕੋਟ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ’ਤੇ ਪਿੰਡ-ਪਿੰਡ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਬਾਵਜੂਦ 5 ਨਵੰਬਰ ਤੱਕ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ 79 ਘਟਨਾਵਾਂ ਸੈਟੇਲਾਈਟ ਰਾਹੀਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 67 ਥਾਵਾਂ ਦਾ ਖੇਤਰੀ ਨਿਰੀਖਣ ਕੀਤਾ ਗਿਆ ਅਤੇ 20 ਖੇਤਾਂ ਵਿੱਚ ਪਰਾਲੀ ਸਾੜਨ ਦੇ ਨਿਸ਼ਾਨ ਮਿਲੇ ਹਨ। ਇਨ੍ਹਾਂ ਮਾਮਲਿਆਂ ਵਿੱਚ 16 ਥਾਵਾਂ ’ਤੇ ਕੁੱਲ 75 ਹਜ਼ਾਰ ਰੁਪਏ ਵਾਤਾਵਰਨ ਮੁਆਵਜ਼ਾ ਲਗਾਇਆ ਗਿਆ ਹੈ, ਪਰ ਸਰਕਾਰੀ ਰਿਪੋਰਟ ਅਨੁਸਾਰ ਹਾਲੇ ਤੱਕ ਇਸ ਦੀ ਕੋਈ ਵਸੂਲੀ ਨਹੀਂ ਹੋਈ। ਇਸ ਦੌਰਾਨ 6 ਨਵੰਬਰ ਨੂੰ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਫ਼ਰੀਦਕੋਟ ਦੇ ਦਿਹਾਤੀ ਖੇਤਰਾਂ ਦਾ ਦੌਰਾ ਕਰਕੇ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਲਈ ਅਪਣਾਏ ਜਾ ਰਹੇ ਤਰੀਕਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਖੇਤਾਂ ਵਿੱਚ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਰਤੀ ਜਾ ਰਹੀ ਖੇਤੀ ਮਸ਼ੀਨਰੀ ਅਤੇ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੁਦ ਟਰੈਕਟਰ ਚਲਾ ਕੇ ਖੇਤਾਂ ਵਿੱਚ ਪਰਾਲੀ ਵਾਹੁਣ ਦੀ ਪ੍ਰਕਿਰਿਆ ਵਿੱਚ ਹਿੱਸਾ ਲਿਆ ਅਤੇ ਕਿਸਾਨਾਂ ਨੂੰ ਸੰਦੇਸ਼ ਦਿੱਤਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਵਾਹਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ। ਇਸੇ ਮੁਹਿੰਮ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਵੱਲੋਂ ਜੈਤੋ ਦਿਹਾਤੀ ਅਤੇ ਬਾਜਾਖਾਨਾ ਦੇ ਵੱਖ-ਵੱਖ ਪਿੰਡਾਂ ਵਿੱਚ ਅਚਨਚੇਤ ਦੌਰੇ ਕੀਤੇ ਗਏ। ਉਨ੍ਹਾਂ ਕਿਸਾਨਾਂ ਨਾਲ ਸਿੱਧਾ ਸੰਪਰਕ ਕਰਕੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ। ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਗਏ ਤਰੀਕੇ ਅਪਣਾਉਣ ਅਤੇ ਉਪਲਬਧ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ।
ਐੱਸਐੱਸਪੀ ਦੀ ਅਗਵਾਈ ਹੇਠ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਸਾਂਝੀ ਮੁਹਿੰਮ
ਦੂਜੇ ਪਾਸੇ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਮੁੱਖ ਥਾਣਾ ਅਫ਼ਸਰਾਂ, ਚੌਕੀ ਇੰਚਾਰਜਾਂ ਅਤੇ ਪੁਲਿਸ ਮੁਲਾਜ਼ਮਾਂ ਵੱਲੋਂ ਸਿਵਲ ਪ੍ਰਸ਼ਾਸਨ ਦੇ ਕਲੱਸਟਰ ਅਧਿਕਾਰੀਆਂ ਦੇ ਸਹਿਯੋਗ ਨਾਲ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ। ਇਨ੍ਹਾਂ ਦੌਰਾਨ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਧੂੰਆਂ ਹਵਾ ਨੂੰ ਪ੍ਰਦੂਸ਼ਿਤ ਕਰਦਾ ਹੈ ਅਤੇ ਸਾਹ ਦੀਆਂ ਬਿਮਾਰੀਆਂ ਸਮੇਤ ਕਈ ਸਿਹਤ ਸਮੱਸਿਆਵਾਂ ਦਾ ਖ਼ਤਰਾ ਵਧਾਉਂਦਾ ਹੈ। ਇਸ ਨਾਲ ਮਿੱਟੀ ਵਿੱਚ ਮੌਜੂਦ ਲਾਭਦਾਇਕ ਸੂਖਮ ਜੀਵ ਵੀ ਨਸ਼ਟ ਹੁੰਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਪੰਚਾਇਤਾਂ, ਨੌਜਵਾਨਾਂ ਅਤੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨੂੰ ਵੀ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਜਾ ਰਿਹਾ ਹੈ।
15 ਐੱਫਆਈਆਰ ਤੇ 15 ਖੇਤਾਂ ’ਚ ਰੈੱਡ ਐਂਟਰੀਆਂ
ਸਰਕਾਰੀ ਅੰਕੜਿਆਂ ਅਨੁਸਾਰ ਫ਼ਰੀਦਕੋਟ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਸਬੰਧੀ ਭਾਰਤੀ ਨਿਆਏ ਸੰਹਿਤਾ ਦੀ ਧਾਰਾ 223 ਤਹਿਤ 15 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 15 ਮਾਮਲਿਆਂ ਵਿੱਚ ਸਬੰਧਤ ਖੇਤਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ। ਨੋਡਲ ਅਤੇ ਸੁਪਰਵਾਈਜ਼ਰੀ ਅਧਿਕਾਰੀਆਂ ਨੂੰ ਛੇ ਚੇਤਾਵਨੀ ਅਤੇ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ। ਜ਼ਿਲ੍ਹੇ ਵਿੱਚ ਝੋਨੇ ਦਾ ਕੁੱਲ ਰਕਬਾ 1.158 ਲੱਖ ਹੈਕਟੇਅਰ ਹੈ, ਜਿਸ ਵਿੱਚੋਂ 89 ਫ਼ੀਸਦੀ ਰਕਬੇ ਦੀ ਕਟਾਈ ਹੋ ਚੁੱਕੀ ਹੈ।
16 ਮਾਮਲਿਆਂ ’ਚ 75 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ
ਸਰਕਾਰੀ ਅੰਕੜਿਆਂ ਅਨੁਸਾਰ ਫ਼ਰੀਦਕੋਟ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵਾਤਾਵਰਨ ਮੁਆਵਜ਼ੇ ਵਜੋਂ ਕੁੱਲ 75 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਇਹ ਕਾਰਵਾਈ 16 ਮਾਮਲਿਆਂ ਵਿੱਚ ਕੀਤੀ ਗਈ ਹੈ, ਪਰ ਹੈਰਾਨੀ ਦੀ ਗੱਲ ਹੈ ਕਿ 5 ਨਵੰਬਰ ਤੱਕ ਜੁਰਮਾਨੇ ਦੀ ਰਕਮ ਵਿੱਚੋਂ ਇਕ ਵੀ ਰੁਪਇਆ ਵਸੂਲ ਨਹੀਂ ਕੀਤਾ ਜਾ ਸਕਿਆ। ਇਸ ਤਰ੍ਹਾਂ ਜੁਰਮਾਨਾ ਲਗਾਉਣ ਦੇ ਬਾਵਜੂਦ ਵਸੂਲੀ ਨਾ ਹੋਣਾ ਪ੍ਰਸ਼ਾਸਨ ਦੀ ਕਾਰਵਾਈ ਅਤੇ ਜੁਰਮਾਨਿਆਂ ਦੀ ਅਦਾਇਗੀ ਸਬੰਧੀ ਸਥਿਤੀ ਨੂੰ ਦਰਸਾਉਂਦਾ ਹੈ। ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ 79 ਘਟਨਾਵਾਂ ਦਰਜ ਹੋਣ ਦੇ ਬਾਵਜੂਦ ਹੁਣ ਤੱਕ ਸਿਰਫ਼ 16 ਮਾਮਲਿਆਂ ਵਿੱਚ ਹੀ ਵਾਤਾਵਰਨ ਮੁਆਵਜ਼ਾ ਲਗਾਇਆ ਗਿਆ ਹੈ। ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਹੈ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਕੌਮੀ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਪ੍ਰਸ਼ਾਸਨ ਦਾ ਦਾਅਵਾ ਹੈ ਕਿ ਸਾਂਝੇ ਯਤਨਾਂ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਦਰਜ ਕੀਤੀ ਗਈ ਹੈ। ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਾਕੀ ਰਹਿੰਦੀ ਝੋਨੇ ਦੀ ਕਟਾਈ ਦੌਰਾਨ ਵੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਵਾਹੁਣ ਅਤੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।