- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
600 ਵਿਦਿਆਰਥੀਆਂ ਨੇ ਸੰਭਾਲੀ ਵਾਤਾਵਰਨ ਦੀ ਜ਼ਿੰਮੇਵਾਰੀ, ਸ਼ਹਿਰ ਦੀਆਂ ਸੜਕਾਂ 'ਤੇ ਉਤਰ ਕੇ ਲੋਕਾਂ ਨੂੰ ਕੀਤਾ ਜਾਗਰੂਕ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਪਰਾਲੀ ਨੂੰ ਅੱਗ ਲਗਾਉਣ ਨਾਲ ਉੱਠਣ ਵਾਲਾ ਧੂੰਆਂ ਹੋਵੇ ਜਾਂ ਦਿਵਾਲੀ ਮੌਕੇ ਚੱਲਣ ਵਾਲੇ ਪਟਾਕੇ, ਇਨ੍ਹਾਂ ਤੋਂ ਪੈਦਾ ਹੋਣ ਵਾਲਾ ਪ੍ਰਦੂਸ਼ਣ ਸਿੱਧੇ ਤੌਰ 'ਤੇ ਮਨੁੱਖੀ ਸਿਹਤ ਅਤੇ ਵਾਤਾਵਰਨ ਨੂੰ ਪ੍ਰਭਾਵਿਤ ਕਰਦਾ ਹੈ। ਇਸ ਸਮੱਸਿਆ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਕੂਲ ਆਫ਼ ਐਮੀਨੈਂਸ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਖੁਦ ਜ਼ਿੰਮੇਵਾਰੀ ਸੰਭਾਲਦਿਆਂ ਸ਼ਹਿਰ ਦੀਆਂ ਸੜਕਾਂ 'ਤੇ ਉਤਰ ਕੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ। ਸਕੂਲ ਵੱਲੋਂ ਪਰਾਲੀ ਪ੍ਰਬੰਧਨ ਅਤੇ ਪ੍ਰਦੂਸ਼ਣ ਰਹਿਤ ਗ੍ਰੀਨ ਦਿਵਾਲੀ ਸਬੰਧੀ ਕਰਵਾਏ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਵਿੱਚ ਕਰੀਬ 600 ਵਿਦਿਆਰਥੀਆਂ ਅਤੇ 40 ਸਟਾਫ਼ ਮੈਂਬਰਾਂ ਨੇ ਭਾਗ ਲਿਆ। ਪ੍ਰੋਗਰਾਮ ਦੀ ਅਗਵਾਈ ਪ੍ਰਿੰਸੀਪਲ-ਕਮ-ਜ਼ਿਲ੍ਹਾ ਨੋਡਲ ਅਫ਼ਸਰ ਪਰਾਲੀ ਜਾਗਰੂਕਤਾ ਮਨਿੰਦਰ ਕੌਰ ਨੇ ਕੀਤੀ, ਜਦਕਿ ਸਕੂਲ ਇੰਚਾਰਜ ਕਮਲਜੀਤ ਸਿੰਘ ਦੀ ਸਰਪ੍ਰਸਤੀ ਹੇਠ ਸਮੁੱਚੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਨੋਡਲ ਅਫ਼ਸਰ ਪਰਾਲੀ ਪ੍ਰਬੰਧਨ ਡਾ. ਗੁਰਪ੍ਰੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਡਾ. ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਇਸ ਦੇ ਨਿਪਟਾਰੇ ਦਾ ਹੱਲ ਨਹੀਂ ਹੈ। ਇਸ ਦੀ ਬਜਾਏ ਆਧੁਨਿਕ ਅਤੇ ਵਿਗਿਆਨਕ ਤਰੀਕਿਆਂ ਨਾਲ ਖੇਤਾਂ ਵਿੱਚ ਹੀ ਪ੍ਰਬੰਧਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਬੇਕਾਰ ਸਮਝ ਕੇ ਸਾੜਨ ਦੀ ਬਜਾਏ ਇਸ ਨੂੰ ਖੇਤੀਬਾੜੀ ਅਤੇ ਉਦਯੋਗਿਕ ਖੇਤਰ ਲਈ ਲਾਹੇਵੰਦ ਸਰੋਤ ਵਜੋਂ ਵਰਤਿਆ ਜਾ ਸਕਦਾ ਹੈ। ਇਸ ਨਾਲ ਜਿੱਥੇ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ, ਉੱਥੇ ਹੀ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿੱਚ ਵੀ ਮਦਦ ਮਿਲਦੀ ਹੈ। ਪ੍ਰਿੰਸੀਪਲ ਮਨਿੰਦਰ ਕੌਰ ਨੇ ਕਿਹਾ ਕਿ ਵਾਤਾਵਰਨ ਦੀ ਰਾਖੀ ਲਈ ਸਿਰਫ਼ ਸਰਕਾਰੀ ਪੱਧਰ 'ਤੇ ਕੀਤੇ ਜਾ ਰਹੇ ਯਤਨ ਕਾਫ਼ੀ ਨਹੀਂ ਹਨ, ਸਗੋਂ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਪਵੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਪਰਿਵਾਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਪਰਾਲੀ ਨਾ ਸਾੜਨ ਅਤੇ ਪਟਾਕਿਆਂ ਤੋਂ ਰਹਿਤ ਦਿਵਾਲੀ ਮਨਾਉਣ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ। ਸਮਾਗਮ ਤੋਂ ਬਾਅਦ ਮਨਿੰਦਰ ਕੌਰ ਨੇ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਵਿਦਿਆਰਥੀਆਂ ਨੇ ਹੱਥਾਂ ਵਿੱਚ ਵਾਤਾਵਰਨ ਸੰਭਾਲ ਸਬੰਧੀ ਤਖ਼ਤੀਆਂ ਅਤੇ ਪਲੈਕਾਰਡ ਫੜ ਕੇ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ, ਗਲੀਆਂ ਅਤੇ ਬਾਜ਼ਾਰਾਂ ਵਿੱਚ ਰੈਲੀ ਕੱਢੀ। ਇਸ ਦੌਰਾਨ ਉਨ੍ਹਾਂ ਨੇ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਣੂ ਕਰਵਾਉਂਦਿਆਂ ਗ੍ਰੀਨ ਦਿਵਾਲੀ ਮਨਾਉਣ ਦੀ ਅਪੀਲ ਕੀਤੀ। ਵਿਦਿਆਰਥੀਆਂ ਦਾ ਉਦੇਸ਼ ਲੋਕਾਂ ਨੂੰ ਇਹ ਸਮਝਾਉਣਾ ਸੀ ਕਿ ਤਿਉਹਾਰਾਂ ਦੀ ਖੁਸ਼ੀ ਪਟਾਕਿਆਂ ਦੇ ਧੂੰਏਂ ਦੀ ਮੁਥਾਜ ਨਹੀਂ ਅਤੇ ਰੌਸ਼ਨੀ ਦਾ ਤਿਉਹਾਰ ਵਾਤਾਵਰਨ ਨੂੰ ਨੁਕਸਾਨ ਪਹੁੰਚਾਏ ਬਿਨਾਂ ਵੀ ਮਨਾਇਆ ਜਾ ਸਕਦਾ ਹੈ।
ਪੋਸਟਰਾਂ ਤੇ ਭਾਸ਼ਣਾਂ ਰਾਹੀਂ ਵਿਦਿਆਰਥੀਆਂ ਨੇ ਦਿਖਾਈ ਪ੍ਰਤਿਭਾ
ਵਾਤਾਵਰਨ ਸੰਭਾਲ ਦੇ ਵਿਸ਼ੇ ਨੂੰ ਵਿਦਿਆਰਥੀਆਂ ਦੀ ਸਿਰਜਣਾਤਮਕ ਸੋਚ ਨਾਲ ਜੋੜਦਿਆਂ ਪੋਸਟਰ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਪੋਸਟਰ ਮੁਕਾਬਲੇ ਵਿੱਚ ਅਮਨ ਨੇ ਪਹਿਲਾ, ਗੁਰ ਕਰਨ ਕੌਰ ਨੇ ਦੂਜਾ ਅਤੇ ਯੂਵਰਾਜ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਭਾਸ਼ਣ ਮੁਕਾਬਲੇ ਵਿੱਚ ਮਨਵੀਰ ਕੌਰ, ਮਨਪ੍ਰੀਤ ਕੌਰ, ਮਨਰੀਤ ਕੌਰ ਅਤੇ ਜੈ ਕਿਰਨ ਨੇ ਮੋਹਰੀ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਜੇਤੂਆਂ ਨੂੰ ਮੁੱਖ ਮਹਿਮਾਨ ਡਾ. ਗੁਰਪ੍ਰੀਤ ਸਿੰਘ, ਪ੍ਰਿੰਸੀਪਲ ਮਨਿੰਦਰ ਕੌਰ ਅਤੇ ਸਕੂਲ ਸਟਾਫ਼ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਪ੍ਰਬੰਧਾਂ ਵਿੱਚ ਨੋਡਲ ਅਧਿਆਪਕਾ ਗੁਰਪਿੰਦਰ ਕੌਰ ਨੇ ਅਹਿਮ ਭੂਮਿਕਾ ਨਿਭਾਈ ਅਤੇ ਮੰਚ ਸੰਚਾਲਨ ਨਿਰਮਲ ਸਿੰਘ ਨੇ ਕੀਤਾ। ਸਮਾਗਮ ਦੀ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਨਵਦੀਪ ਕੌਰ ਅਤੇ ਰੇਨੂ ਨੇ ਕੀਤੀ। ਇਸ ਮੌਕੇ ਮੈਡਮ ਨੀਟਾ, ਮਨਪ੍ਰੀਤ ਕੌਰ, ਨਰਿੰਦਰ ਪਾਲ ਕੌਰ, ਨਵਦੀਪ ਕੌਰ, ਨਵਕਿਰਨ ਕੌਰ, ਮੋਨਿਕਾ, ਮਨਿੰਦਰ ਕੌਰ, ਅਮਨਦੀਪ ਕੌਰ ਬਾਜਵਾ, ਰਚਨਾ, ਰੇਨੂ ਅਤੇ ਗੁਰਜੀਤ ਕੌਰ ਸਮੇਤ ਸਕੂਲ ਦੇ ਸਟਾਫ਼ ਮੈਂਬਰਾਂ ਨੇ ਸਹਿਯੋਗ ਦਿੱਤਾ।