ਪਰਾਲੀ ਸਾੜਨ ਦੇ ਮਾਮਲੇ ’ਚ ਕਿਸਾਨਾਂ ਤੇ ਪੁਲਿਸ ਵਿਚਾਲੇ ਖੜਕੀ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਕਿਸਾਨ ਅਤੇ ਪੁਲਿਸ "ਚ ਖੜਕੀ
Publish Date: Fri, 06 Nov 2026 09:35 PM (IST)
Updated Date: Fri, 06 Nov 2026 09:38 PM (IST)
ਕਿਸਾਨਾਂ ਨੇ ਥਾਣਾ ਨਿਹਾਲ ਸਿੰਘ ਵਾਲਾ ਦੇ ਗੇਟ ਮੂਹਰੇ ਧਰਨਾ ਲਾ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਗ੍ਰਿਫ਼ਤਾਰ ਕੀਤੇ ਕਿਸਾਨ ਨੂੰ ਰਿਹਾਅ ਕਰਨ ਤੱਕ ਘਿਰਾਓ ਜਾਰੀ ਰੱਖਣ ਦੀ ਦਿੱਤੀ ਚਿਤਾਵਨੀ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਬਾਜ਼ ਅੱਖ ਰੱਖ ਰਿਹਾ ਹੈ। ਸ਼ਨਿਚਰਵਾਰ ਨੂੰ ਖ਼ੁਦ ਮੋਗਾ ਦੇ ਡੀਸੀ ਸਾਗਰ ਸੇਤੀਆ ਨੇ ਜ਼ਿਲ੍ਹੇ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਿਆ। ਓਧਰ, ਪੁਲਿਸ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਵਿਖੇ ਇਕ ਕਿਸਾਨ ਵੱਲੋਂ ਪਰਾਲੀ ਸਾੜਨ ਨੂੰ ਲੈ ਕੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਤੇ ਕਿਸਾਨਾਂ ਵਿਚਾਲੇ ਹੋਈ ਝੜਪ ਦੇ ਮਾਮਲੇ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪੁਲਿਸ ਥਾਣਾ ਘੇਰ ਲਿਆ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਥਾਣੇ ਮੂਹਰੇ ਧਰਨਾ ਲਗਾ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂ ਸੈਦੋਕੇ ਨੇ ਕਿਹਾ ਕਿ ਜਦੋਂ ਪਿੰਡ ਭਾਗੀਕੇ ’ਚ ਇਕ ਕਿਸਾਨ ਆਪਣੇ ਖੇਤ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਾ ਰਿਹਾ ਸੀ ਤਾਂ ਥਾਣਾ ਨਿਹਾਲ ਸਿੰਘ ਵਾਲਾ ਦੇ ਐੱਸਐੱਚਓ ਨੇ ਪੁਲਿਸ ਨਾਲ ਪੁੱਜ ਕੇ ਉਕਤ ਕਿਸਾਨਾਂ ਨੂੰ ਡਾਂਗਾਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਬਾਅਦ ਵਿਚ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੁਲਿਸ ਦੇ ਇਸ ਜਬਰ ਅੱਗੇ ਕਿਸਾਨ ਝੁਕਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਜਾਣਬੁੱਝ ਕੇ ਮਾਹੌਲ ਖਰਾਬ ਕਰ ਰਹੀ ਹੈ। ਧਰਨੇ ਦੌਰਾਨ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਗ੍ਰਿਫਤਾਰ ਕੀਤੇ ਕਿਸਾਨ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਘਿਰਾਓ ਜਾਰੀ ਰਹੇਗਾ। ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਤੇ ਕਿਸਾਨ ਹਾਜ਼ਰ ਸਨ।