- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਰਮਜੀਤ ਰਾਮੇਆਣਾ ਵੱਲੋਂ ਕੇਜਰੀਵਾਲ, ਆਤਿਸ਼ੀ ਤੇ ਮਨੀਸ਼ ਸਿਸੋਦੀਆ ਨਾਲ ਮੁਲਾਕਾਤ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਜਲ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਧਰਮਜੀਤ ਸਿੰਘ ਰਾਮੇਆਣਾ ਨੇ ਦਿੱਲੀ ਵਿਖੇ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਅਹਿਮ ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ, ਵਰਕਰਾਂ ਦੀ ਕਾਰਗੁਜ਼ਾਰੀ ਅਤੇ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਧਰਮਜੀਤ ਸਿੰਘ ਰਾਮੇਆਣਾ ਨੇ ਤਿੰਨਾਂ ਸੀਨੀਅਰ ਆਗੂਆਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਦਿਆਂ ਦੀਵਾਲੀ, ਬੰਦੀ ਛੋੜ ਦਿਵਸ, ਵਿਸ਼ਵਕਰਮਾ ਦਿਵਸ ਅਤੇ ਆਗਾਮੀ ਗੁਰਪੁਰਬ ਦੀਆਂ ਨਿੱਘੀਆਂ ਵਧਾਈਆਂ ਦਿੱਤੀਆਂ। ਮੁਲਾਕਾਤ ਦੌਰਾਨ ਧਰਮਜੀਤ ਸਿੰਘ ਰਾਮੇਆਣਾ ਨੇ ਖ਼ਾਸ ਤੌਰ ’ਤੇ ਜੈਤੋ ਵਿਧਾਨ ਸਭਾ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ ਤੋਂ ਅਰਵਿੰਦ ਕੇਜਰੀਵਾਲ ਨੂੰ ਜਾਣੂ ਕਰਵਾਇਆ। ਉਨ੍ਹਾਂ ਹਲਕੇ ਅੰਦਰ ਪਾਰਟੀ ਦੀਆਂ ਗਤੀਵਿਧੀਆਂ, ਵਰਕਰਾਂ ਦੇ ਉਤਸ਼ਾਹ, ਜਥੇਬੰਦਕ ਮਜ਼ਬੂਤੀ ਅਤੇ ਲੋਕਾਂ ਨਾਲ ਪਾਰਟੀ ਦੇ ਸੰਪਰਕ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਧਰਮਜੀਤ ਸਿੰਘ ਰਾਮੇਆਣਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਨੂੰ ਲੈ ਕੇ ਬੇਹੱਦ ਫ਼ਿਕਰਮੰਦ ਹਨ। ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਅਤੇ ਸੂਬੇ ਦੇ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੀ ਹੈ। ਇਸੇ ਉਦੇਸ਼ ਤਹਿਤ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਦੀਆਂ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੱਲਬਾਤ ਦੌਰਾਨ ਅਰਵਿੰਦ ਕੇਜਰੀਵਾਲ ਨੇ ਭਰੋਸਾ ਪ੍ਰਗਟਾਇਆ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਮੁੜ ਸ਼ਾਨਦਾਰ ਜਿੱਤ ਦਰਜ ਕਰਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀਆਂ ਲੋੜਾਂ ਅਤੇ ਉਮੀਦਾਂ ਅਨੁਸਾਰ ਹੋਰ ਬਿਹਤਰ ਸਹੂਲਤਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਲਿਆਉਣ ਲਈ ਯਤਨ ਜਾਰੀ ਰਹਿਣਗੇ, ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਸਿਆਸੀ ਹਲਕਿਆਂ ਵਿੱਚ ਇਸ ਮੁਲਾਕਾਤ ਨੂੰ ਕਾਫ਼ੀ ਅਹਿਮੀਅਤ ਨਾਲ ਦੇਖਿਆ ਜਾ ਰਿਹਾ ਹੈ। ਖ਼ਾਸ ਤੌਰ ’ਤੇ ਜੈਤੋ ਵਿਧਾਨ ਸਭਾ ਹਲਕੇ ਦੀ ਸਿਆਸੀ ਨਬਜ਼, ਪਾਰਟੀ ਦੀ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਅਤੇ ਜਥੇਬੰਦਕ ਸਰਗਰਮੀਆਂ ਬਾਰੇ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਨਾਲ ਸਿੱਧੀ ਵਿਚਾਰ-ਚਰਚਾ ਹੋਣ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।