ਹਾਲੇ ਵੀ ਨਹੀਂ ਰੁਕ ਰਿਹਾ ਪਰਾਲੀ ਸਾੜਨ ਦਾ ਰੁਝਾਨ ਅਜੇ ਵੀ ਨਹੀਂ ਰੁਕ ਰਿਹਾ ਪਰਾਲੀ ਸਾੜਨ ਦਾ ਰੁਝਾਨਧੂੰਏਂ ਕਾਰਨ ਵਾਤਾਵਰਨ ਤੇ ਸਿਹਤ ਪ੍ਰਭਾਵਿਤ,
Publish Date: Mon, 09 Nov 2026 03:40 PM (IST)
Updated Date: Mon, 09 Nov 2026 03:41 PM (IST)
ਧੂੰਏਂ ਕਾਰਨ ਵਾਤਾਵਰਨ ਤੇ ਸਿਹਤ ਪ੍ਰਭਾਵਿਤ, ਕਿਸਾਨਾਂ ਨੇ ਹੋਰ ਪ੍ਰਦੂਸ਼ਣ ਸਰੋਤਾਂ ਵੱਲ ਵੀ ਧਿਆਨ ਦੇਣ ਦੀ ਕੀਤੀ ਮੰਗ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਬਚੀ ਪਰਾਲੀ ਦਾ ਨਿਪਟਾਰਾ ਕਰਨਾ ਪੰਜਾਬ ਦੇ ਕਿਸਾਨਾਂ ਲਈ ਹਰ ਸਾਲ ਵੱਡੀ ਚੁਣੌਤੀ ਬਣਦਾ ਜਾ ਰਿਹਾ ਹੈ। ਸਰਕਾਰਾਂ ਵੱਲੋਂ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਯਤਨਾਂ, ਕਿਸਾਨਾਂ ਨੂੰ ਸਬਸਿਡੀ ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਅਤੇ ਪਿੰਡ-ਪਿੰਡ ਜਾਗਰੂਕਤਾ ਮੁਹਿੰਮਾਂ ਚਲਾਉਣ ਦੇ ਬਾਵਜੂਦ ਪਰਾਲੀ ਸਾੜਨ ਦਾ ਰੁਝਾਨ ਪੂਰੀ ਤਰ੍ਹਾਂ ਠੱਲ੍ਹਣ ਦਾ ਨਾਂ ਨਹੀਂ ਲੈ ਰਿਹਾ। ਰੋਜ਼ਾਨਾ ਹੀ ਸੂਬੇ ਦੇ ਕਿਸੇ ਨਾ ਕਿਸੇ ਇਲਾਕੇ ਵਿੱਚ ਖੇਤਾਂ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਕਾਰਨ ਵਾਤਾਵਰਨ ਵਿੱਚ ਪ੍ਰਦੂਸ਼ਣ ਦਾ ਪੱਧਰ ਵਧਣ ਦੇ ਨਾਲ-ਨਾਲ ਮਨੁੱਖੀ ਸਿਹਤ, ਖੇਤੀਬਾੜੀ ਅਤੇ ਕੁਦਰਤੀ ਸਰੋਤਾਂ ਤੇ ਵੀ ਮਾੜੇ ਪ੍ਰਭਾਵ ਪੈ ਰਹੇ ਹਨ। ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲਾ ਧੂੰਆਂ ਸਿਰਫ਼ ਹਵਾ ਨੂੰ ਹੀ ਦੂਸ਼ਿਤ ਨਹੀਂ ਕਰਦਾ, ਸਗੋਂ ਇਸ ਦਾ ਸਿੱਧਾ ਅਸਰ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਵੀ ਪੈਂਦਾ ਹੈ। ਖੇਤੀਬਾੜੀ ਮਾਹਿਰਾਂ ਅਨੁਸਾਰ ਪਰਾਲੀ ਸਾੜਨ ਸਮੇਂ ਪੈਦਾ ਹੋਣ ਵਾਲੀ ਗਰਮੀ ਮਿੱਟੀ ਦੀ ਉੱਪਰਲੀ ਪਰਤ ਤੱਕ ਪਹੁੰਚਦੀ ਹੈ, ਜਿਸ ਨਾਲ ਇਸ ਵਿੱਚ ਮੌਜੂਦ ਲਾਭਕਾਰੀ ਸੂਖ਼ਮ ਜੀਵਾਂ ਨੂੰ ਨੁਕਸਾਨ ਪਹੁੰਚਦਾ ਹੈ। ਇਸ ਤੋਂ ਇਲਾਵਾ ਮਿੱਟੀ ਦੇ ਜੈਵਿਕ ਗੁਣ ਵੀ ਪ੍ਰਭਾਵਿਤ ਹੁੰਦੇ ਹਨ। ਲੰਮੇ ਸਮੇਂ ਤੱਕ ਅਜਿਹਾ ਹੁੰਦੇ ਰਹਿਣ ਨਾਲ ਜ਼ਮੀਨ ਦੀ ਕੁਦਰਤੀ ਉਪਜਾਊ ਸ਼ਕਤੀ ਘਟਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਜਿਹੜੀ ਪਰਾਲੀ ਜ਼ਮੀਨ ਵਿੱਚ ਮਿਲਾ ਕੇ ਖਾਦ ਵਜੋਂ ਵਰਤੀ ਜਾ ਸਕਦੀ ਹੈ, ਉਸ ਨੂੰ ਅੱਗ ਲਗਾ ਕੇ ਕਿਸਾਨ ਆਪਣੇ ਖੇਤਾਂ ਦੀ ਕੀਮਤੀ ਜੈਵਿਕ ਸੰਪਤੀ ਵੀ ਨਸ਼ਟ ਕਰ ਦਿੰਦੇ ਹਨ। ਖੇਤਾਂ ਅਤੇ ਸੜਕਾਂ ਦੇ ਕਿਨਾਰਿਆਂ ਤੇ ਲਗਾਈ ਜਾਂਦੀ ਅੱਗ ਤੋਂ ਉੱਠਣ ਵਾਲਾ ਸੰਘਣਾ ਸਫ਼ੈਦ ਧੂੰਆਂ ਕਈ-ਕਈ ਕਿਲੋਮੀਟਰ ਤੱਕ ਫੈਲ ਜਾਂਦਾ ਹੈ। ਇਸ ਨਾਲ ਆਸ-ਪਾਸ ਦੇ ਪਿੰਡਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਅੱਖਾਂ ਵਿੱਚ ਜਲਣ, ਖੰਘ, ਗਲੇ ਦੀ ਖ਼ਰਾਸ਼ ਅਤੇ ਸਾਹ ਸਬੰਧੀ ਸਮੱਸਿਆਵਾਂ ਵੀ ਪੈਦਾ ਹੋ ਸਕਦੀਆਂ ਹਨ। ਖ਼ਾਸ ਕਰਕੇ ਦਮੇ ਅਤੇ ਸਾਹ ਦੀਆਂ ਹੋਰ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਲਈ ਇਹ ਧੂੰਆਂ ਹੋਰ ਵੀ ਖ਼ਤਰਨਾਕ ਸਾਬਤ ਹੁੰਦਾ ਹੈ। ਇਸ ਦਾ ਅਸਰ ਸਿਰਫ਼ ਮਨੁੱਖਾਂ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਪਸ਼ੂਆਂ, ਪੰਛੀਆਂ ਅਤੇ ਹੋਰ ਜੀਵ-ਜੰਤੂਆਂ ਦੀ ਸਿਹਤ ਵੀ ਪ੍ਰਭਾਵਿਤ ਹੁੰਦੀ ਹੈ। ਪਰਾਲੀ ਸਾੜਨ ਦਾ ਇੱਕ ਹੋਰ ਗੰਭੀਰ ਪੱਖ ਸੜਕ ਹਾਦਸਿਆਂ ਨਾਲ ਜੁੜਿਆ ਹੋਇਆ ਹੈ। ਖੇਤਾਂ ਵਿੱਚ ਲੱਗੀ ਅੱਗ ਦਾ ਧੂੰਆਂ ਜਦੋਂ ਸੜਕਾਂ ਵੱਲ ਫੈਲਦਾ ਹੈ ਤਾਂ ਦੂਰ ਤੱਕ ਦਿਖਾਈ ਦੇਣਾ ਮੁਸ਼ਕਲ ਹੋ ਜਾਂਦਾ ਹੈ। ਖ਼ਾਸ ਕਰਕੇ ਸ਼ਾਮ ਅਤੇ ਰਾਤ ਸਮੇਂ ਅਜਿਹੇ ਧੂੰਏਂ ਕਾਰਨ ਵਾਹਨ ਚਾਲਕਾਂ ਨੂੰ ਸਾਹਮਣੇ ਆ ਰਹੇ ਵਾਹਨਾਂ ਦਾ ਅੰਦਾਜ਼ਾ ਨਹੀਂ ਲੱਗਦਾ। ਇਸ ਨਾਲ ਕਾਰਾਂ, ਮੋਟਰਸਾਈਕਲਾਂ ਅਤੇ ਬੱਸਾਂ ਸਮੇਤ ਹੋਰ ਵਾਹਨਾਂ ਦੇ ਆਪਸ ਵਿੱਚ ਟਕਰਾਉਣ ਦਾ ਖ਼ਤਰਾ ਵਧ ਜਾਂਦਾ ਹੈ। ਕਈ ਵਾਰ ਅਜਿਹੇ ਹਾਦਸੇ ਜਾਨਲੇਵਾ ਵੀ ਸਾਬਤ ਹੁੰਦੇ ਹਨ। ਇਸ ਤਰ੍ਹਾਂ ਖੇਤਾਂ ਵਿੱਚ ਲਗਾਈ ਗਈ ਅੱਗ ਦਾ ਖ਼ਮਿਆਜ਼ਾ ਸੜਕਾਂ ਤੇ ਸਫ਼ਰ ਕਰਨ ਵਾਲੇ ਬੇਕਸੂਰ ਲੋਕਾਂ ਨੂੰ ਵੀ ਭੁਗਤਣਾ ਪੈਂਦਾ ਹੈ। ਦੂਜੇ ਪਾਸੇ, ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਪਿਛਲੇ ਕਈ ਸਾਲਾਂ ਤੋਂ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ ਨੂੰ ਸਬਸਿਡੀ ਤੇ ਸੁਪਰ ਸੀਡਰ, ਹੈਪੀ ਸੀਡਰ, ਮਲਚਰ ਅਤੇ ਹੋਰ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਫ਼ਾਇਦਿਆਂ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਬਾਰੇ ਜਾਗਰੂਕ ਕਰਨ ਲਈ ਕੈਂਪ ਵੀ ਲਗਾਏ ਜਾਂਦੇ ਹਨ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਰਾਲੀ ਨੂੰ ਅੱਗ ਲਗਾਉਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਵਿਭਾਗ ਵੱਲੋਂ ਇਸ ਵਾਰ ਕਿਸਾਨਾਂ ਨੂੰ ਸਬਸਿਡੀ ਤੇ ਮਸ਼ੀਨਾਂ ਮੁਹੱਈਆ ਕਰਵਾਉਣ ਅਤੇ ਪਿੰਡ ਪੱਧਰ ਤੇ ਜਾਗਰੂਕਤਾ ਕੈਂਪ ਲਗਾਉਣ ਦੇ ਯਤਨਾਂ ਸਦਕਾ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਕਾਫ਼ੀ ਕਮੀ ਆਈ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਸਮੱਸਿਆ ਦਾ ਸਥਾਈ ਹੱਲ ਸਿਰਫ਼ ਜੁਰਮਾਨੇ ਅਤੇ ਸਖ਼ਤੀ ਨਾਲ ਸੰਭਵ ਨਹੀਂ, ਸਗੋਂ ਕਿਸਾਨਾਂ ਨੂੰ ਖੁਦ ਇਸ ਪ੍ਰਤੀ ਜਾਗਰੂਕ ਹੋ ਕੇ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣਾ ਪਵੇਗਾ। ਕਿਸਾਨਾਂ ਨੇ ਇਕੱਲੇ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਉਣ ਤੇ ਜਤਾਇਆ ਇਤਰਾਜ਼ ਇਸ ਦੇ ਉਲਟ ਕਿਸਾਨਾਂ ਦਾ ਕਹਿਣਾ ਹੈ ਕਿ ਵਾਤਾਵਰਨ ਵਿੱਚ ਵਧ ਰਹੇ ਪ੍ਰਦੂਸ਼ਣ ਲਈ ਸਿਰਫ਼ ਕਿਸਾਨਾਂ ਨੂੰ ਹੀ ਜ਼ਿੰਮੇਵਾਰ ਠਹਿਰਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਅਨੁਸਾਰ ਪਰਾਲੀ ਸਾੜਨ ਦਾ ਮਸਲਾ ਕਿਸਾਨਾਂ ਦੀ ਮਜਬੂਰੀ, ਖੇਤੀਬਾੜੀ ਦੇ ਵਧਦੇ ਖ਼ਰਚੇ, ਸਮੇਂ ਦੀ ਘਾਟ ਅਤੇ ਪਰਾਲੀ ਦੇ ਸੁਚੱਜੇ ਨਿਪਟਾਰੇ ਲਈ ਢੁਕਵੇਂ ਪ੍ਰਬੰਧਾਂ ਦੀ ਘਾਟ ਨਾਲ ਵੀ ਜੁੜਿਆ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ, ਸਮਾਂ ਅਤੇ ਆਰਥਿਕ ਸਹਾਇਤਾ ਸਮੇਂ ਸਿਰ ਮਿਲੇ ਤਾਂ ਇਸ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਹੱਲ ਕੀਤਾ ਜਾ ਸਕਦਾ ਹੈ। ਕਿਸਾਨਾਂ ਨੇ ਹੋਰ ਪ੍ਰਦੂਸ਼ਣ ਫੈਲਾਉਣ ਵਾਲੇ ਸਰੋਤਾਂ ਵੱਲ ਵੀ ਪ੍ਰਸ਼ਾਸਨ ਦਾ ਧਿਆਨ ਦਿਵਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੌਮੀ ਸ਼ਾਹ ਮਾਰਗਾਂ ਅਤੇ ਹੋਰ ਸੜਕਾਂ ਦੇ ਕਿਨਾਰਿਆਂ ਤੇ ਗੰਨੇ ਦੇ ਰਸ ਤੋਂ ਗੁੜ ਤਿਆਰ ਕਰਨ ਵਾਲੇ ਵੇਲਣਿਆਂ, ਇੱਟਾਂ ਦੇ ਭੱਠਿਆਂ ਅਤੇ ਵੱਖ-ਵੱਖ ਕਾਰਖਾਨਿਆਂ ਵਿੱਚੋਂ ਨਿਕਲਣ ਵਾਲਾ ਧੂੰਆਂ ਵੀ ਹਵਾ ਨੂੰ ਦੂਸ਼ਿਤ ਕਰ ਰਿਹਾ ਹੈ। ਇਨ੍ਹਾਂ ਥਾਵਾਂ ਤੋਂ ਨਿਕਲਣ ਵਾਲੇ ਧੂੰਏਂ ਅਤੇ ਪ੍ਰਦੂਸ਼ਿਤ ਤੱਤਾਂ ਦਾ ਵਾਤਾਵਰਨ ਤੇ ਪੈਣ ਵਾਲਾ ਅਸਰ ਵੀ ਘੱਟ ਗੰਭੀਰ ਨਹੀਂ ਹੈ। ਕਿਸਾਨਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਬੰਧਿਤ ਵਿਭਾਗਾਂ ਦੀ ਕਾਰਗੁਜ਼ਾਰੀ ਤੇ ਸਵਾਲ ਉਠਾਉਂਦਿਆਂ ਕਿਹਾ ਕਿ ਅਜਿਹੇ ਪ੍ਰਦੂਸ਼ਣ ਫੈਲਾਉਣ ਵਾਲੇ ਅਦਾਰਿਆਂ ਵਿਰੁੱਧ ਵੀ ਬਰਾਬਰ ਦੀ ਕਾਰਵਾਈ ਹੋਣੀ ਚਾਹੀਦੀ ਹੈ। ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਵਲ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਵਾਤਾਵਰਨ ਦੀ ਸੁਰੱਖਿਆ ਦੇ ਨਾਂ ਤੇ ਸਿਰਫ਼ ਕਿਸਾਨਾਂ ਤੇ ਹੀ ਸਖ਼ਤੀ ਕਰਨ ਦੀ ਬਜਾਏ ਪ੍ਰਦੂਸ਼ਣ ਫੈਲਾਉਣ ਵਾਲੇ ਸਾਰੇ ਸਰੋਤਾਂ ਦੀ ਨਿਰਪੱਖ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੋਣਾ ਚਾਹੀਦਾ ਹੈ ਅਤੇ ਜਿਹੜੇ ਵੀ ਵਿਅਕਤੀ, ਅਦਾਰੇ ਜਾਂ ਉਦਯੋਗ ਵਾਤਾਵਰਨ ਨੂੰ ਨੁਕਸਾਨ ਪਹੁੰਚਾ ਰਹੇ ਹਨ, ਉਨ੍ਹਾਂ ਨੂੰ ਵੀ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ। ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ’ਚ ਹੀ ਸੰਭਾਲਣਾ ਸਮੇਂ ਦੀ ਲੋੜ : ਓਮੇਂਦਰ ਦੱਤ ਇਸ ਸਬੰਧੀ ਖੇਤੀ ਵਿਰਾਸਤ ਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਓਮੇਂਦਰ ਦੱਤ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਵਾਤਾਵਰਨ ਦੀ ਸੰਭਾਲ ਕਰਨਾ ਸਮੁੱਚੀ ਮਾਨਵਤਾ ਦੀ ਸਾਂਝੀ ਜ਼ਿੰਮੇਵਾਰੀ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਜਗਤ ਗੁਰੂ ਬਾਬਾ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਕੁਦਰਤ ਦੀ ਮਹੱਤਤਾ ਅਤੇ ਪੌਣ-ਪਾਣੀ ਦੀ ਸੰਭਾਲ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਮਲੀ ਰੂਪ ਵਿੱਚ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਅਨੁਸਾਰ ਸ਼ੁੱਧ ਹਵਾ, ਸਾਫ਼ ਪਾਣੀ ਅਤੇ ਸਿਹਤਮੰਦ ਵਾਤਾਵਰਨ ਤੋਂ ਬਿਨਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਓਮੇਂਦਰ ਦੱਤ ਨੇ ਕਿਹਾ ਕਿ ਕੁਦਰਤੀ ਅਤੇ ਜ਼ਹਿਰ-ਮੁਕਤ ਖੇਤੀ ਨੂੰ ਉਤਸ਼ਾਹਿਤ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਹੈ। ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਉਸ ਦਾ ਸੁਚੱਜਾ ਪ੍ਰਬੰਧਨ ਕਰਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਾਈ ਜਾ ਸਕਦੀ ਹੈ। ਪਰਾਲੀ ਦੇ ਖੇਤਾਂ ਵਿੱਚ ਗਲਣ-ਸੜਨ ਨਾਲ ਮਿੱਟੀ ਨੂੰ ਜੈਵਿਕ ਪਦਾਰਥ ਮਿਲਦੇ ਹਨ, ਜਿਸ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਅਤੇ ਰਸਾਇਣਕ ਖਾਦਾਂ ਤੇ ਨਿਰਭਰਤਾ ਘਟਾਉਣ ਵਿੱਚ ਵੀ ਮਦਦ ਮਿਲ ਸਕਦੀ ਹੈ। ਇਸ ਦੇ ਨਾਲ ਹੀ ਹਵਾ ਵਿੱਚ ਪ੍ਰਦੂਸ਼ਣ ਦੀ ਮਾਤਰਾ ਘਟਾਉਣ ਅਤੇ ਕੁਦਰਤੀ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿੱਚ ਵੀ ਸਹਾਇਤਾ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਖੇਤੀ ਵਿਰਾਸਤ ਮਿਸ਼ਨ ਵੱਲੋਂ ਲੰਮੇ ਸਮੇਂ ਤੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਕੁਦਰਤ ਪੱਖੀ ਖੇਤੀ ਪ੍ਰਣਾਲੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਹੜੇ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਸੰਭਾਲਦੇ ਹਨ, ਉਨ੍ਹਾਂ ਨੂੰ ਸੰਸਥਾ ਵੱਲੋਂ ਸਮੇਂ-ਸਮੇਂ ਤੇ ਮਾਣ-ਸਨਮਾਨ ਦੇ ਕੇ ਉਤਸ਼ਾਹਿਤ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਲਚਿੰਗ ਵਿਧੀ ਰਾਹੀਂ ਕਣਕ ਦੀ ਬਿਜਾਈ ਨੂੰ ਤਰਜੀਹ ਦੇਣ ਅਤੇ ਪਰਾਲੀ ਨੂੰ ਖੇਤਾਂ ਲਈ ਬੋਝ ਸਮਝਣ ਦੀ ਬਜਾਏ ਕੁਦਰਤੀ ਖਾਦ ਅਤੇ ਜ਼ਮੀਨ ਦੀ ਸਿਹਤ ਸੁਧਾਰਨ ਵਾਲੇ ਸਰੋਤ ਵਜੋਂ ਵਰਤਣ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਸਿਰਫ਼ ਸਰਕਾਰ ਜਾਂ ਕਿਸੇ ਇੱਕ ਵਰਗ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਪਵੇਗਾ। ਜੇਕਰ ਕਿਸਾਨ, ਸਰਕਾਰ, ਉਦਯੋਗਪਤੀ ਅਤੇ ਆਮ ਲੋਕ ਮਿਲ ਕੇ ਪ੍ਰਦੂਸ਼ਣ ਵਿਰੁੱਧ ਸਾਂਝੇ ਯਤਨ ਕਰਨ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਯਕੀਨੀ ਬਣਾਇਆ ਜਾ ਸਕਦਾ ਹੈ।