ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
Publish Date: Mon, 09 Nov 2026 03:51 PM (IST)
Updated Date: Mon, 09 Nov 2026 03:53 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਪ੍ਰਿੰਸੀਪਲ ਕੁਸਮ ਕਾਲੜਾ ਦੀ ਯੋਗ ਅਗਵਾਈ ਹੇਠ ਬੜੀ ਧੂਮਧਾਮ, ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੁੱਚੇ ਮਾਹੌਲ ਨੂੰ ਦੀਵਾਲੀ ਦੀਆਂ ਰੌਣਕਾਂ ਨੇ ਖ਼ੂਬਸੂਰਤ ਰੰਗਤ ਬਖ਼ਸ਼ੀ। ਸਮਾਗਮ ਵਿੱਚ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਸ਼੍ਰੀ ਗਣੇਸ਼ ਜੀ, ਮਾਂ ਸਰਸਵਤੀ ਅਤੇ ਮਾਂ ਲਕਸ਼ਮੀ ਜੀ ਦੀ ਆਰਤੀ ਕਰਕੇ ਕੀਤੀ ਗਈ। ਇਸ ਉਪਰੰਤ ਸਕੂਲ ਵਿਖੇ ਨਵੀਂ ਲਾਇਬ੍ਰੇਰੀ ਅਤੇ ਫਿਜ਼ਿਕਸ, ਕੈਮਿਸਟਰੀ ਤੇ ਬਾਇਓਲੋਜੀ ਦੀਆਂ ਲੈਬਾਰਟਰੀਆਂ ਦਾ ਉਦਘਾਟਨ ਕੀਤਾ ਗਿਆ। ਇਸ ਪਹਿਲਕਦਮੀ ਨੂੰ ਸਕੂਲ ਦੇ ਵਿੱਦਿਅਕ ਵਿਕਾਸ ਵੱਲ ਇੱਕ ਅਹਿਮ ਕਦਮ ਦੱਸਿਆ ਗਿਆ। ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਵਿਦਿਆਰਥੀਆਂ ਦੇ ਵੱਖ-ਵੱਖ ਰਚਨਾਤਮਕ ਅਤੇ ਸੱਭਿਆਚਾਰਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿੱਚ ਰੰਗੋਲੀ ਬਣਾਉਣ, ਗ੍ਰੀਟਿੰਗ ਕਾਰਡ ਤਿਆਰ ਕਰਨ, ਦੀਵੇ, ਥਾਲੀਆਂ ਅਤੇ ਮੋਮਬੱਤੀਆਂ ਨੂੰ ਸੁੰਦਰ ਢੰਗ ਨਾਲ ਸਜਾਉਣ ਦੇ ਮੁਕਾਬਲੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇਸ ਤੋਂ ਇਲਾਵਾ ਸੋਲੋ ਡਾਂਸ, ਸੋਲੋ ਗੀਤ ਅਤੇ ਸਮਾਜ ਬਨਾਮ ਨੌਜਵਾਨ ਵਿਸ਼ੇ ਤੇ ਵਾਦ-ਵਿਵਾਦ ਮੁਕਾਬਲਾ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੇ ਆਪਣੀ ਕਲਾ, ਸਿਰਜਣਾਤਮਕਤਾ ਅਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹਾਜ਼ਰੀਨ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਕੇਸ਼ ਰੋਮਾਣਾ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਅਤੇ ਰੀਤੀ-ਰਿਵਾਜਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਦੇ ਸਰਵਪੱਖੀ ਵਿਕਾਸ ਅਤੇ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰਬੰਧਕੀ ਕਮੇਟੀ ਹਮੇਸ਼ਾ ਯਤਨਸ਼ੀਲ ਰਹੇਗੀ। ਪ੍ਰਿੰਸੀਪਲ ਕੁਸਮ ਕਾਲੜਾ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਬੱਚਿਆਂ ਅੰਦਰ ਆਤਮ-ਵਿਸ਼ਵਾਸ, ਰਚਨਾਤਮਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਵੀ ਕੀਤਾ। ਮੁਕਾਬਲਿਆਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੀਤ ਪ੍ਰਧਾਨ ਰਮੇਸ਼ ਵਰਮਾ, ਸਕੱਤਰ ਮਦਨ ਲਾਲ ਗੋਇਲ, ਮੈਨੇਜਰ ਦਿਨੇਸ਼ ਗੋਇਲ, ਖ਼ਜ਼ਾਨਚੀ ਅਨਿਲ ਬਾਂਸਲ, ਸਹਿ-ਸਕੱਤਰ ਪੰਕਜ ਸਿੰਗਲਾ, ਸਾਲਸੀ ਬੋਰਡ ਦੇ ਚੇਅਰਮੈਨ ਪੁਰਸ਼ੋਤਮ ਸਿੰਗਲਾ, ਮੈਂਬਰ ਸਾਹਿਲ ਮਿੱਤਲ ਅਤੇ ਡਾ. ਰਾਜੇਸ਼ ਗਰੋਵਰ ਸਮੇਤ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।