ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ
Publish Date: Mon, 09 Nov 2026 03:53 PM (IST)
Updated Date: Mon, 09 Nov 2026 03:53 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਦੀਵਾਲੀ ਬੜੇ ਉਤਸ਼ਾਹ, ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਦੀਵਾਲੀ ਪੂਜਾ ਸਮੇਤ ਵੱਖ-ਵੱਖ ਸੱਭਿਆਚਾਰਕ ਅਤੇ ਸਿਰਜਣਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸਕ, ਧਾਰਮਿਕ ਅਤੇ ਅਧਿਆਤਮਿਕ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਤਿਉਹਾਰ ਹਨੇਰੇ ਉੱਤੇ ਚਾਨਣ, ਅਗਿਆਨਤਾ ਉੱਤੇ ਗਿਆਨ, ਬੁਰਾਈ ਉੱਤੇ ਚੰਗਿਆਈ ਅਤੇ ਨਿਰਾਸ਼ਾ ਉੱਤੇ ਉਮੀਦ ਦੀ ਜਿੱਤ ਦਾ ਪ੍ਰਤੀਕ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਮੈਂਬਰ ਦੀਨਵ ਸਿੰਗਲਾ ਅਤੇ ਸਕੂਲ ਐਡਮਿਨਿਸਟ੍ਰੇਟਰ ਮਿਸਟਰ ਸੁਭਾਸ਼ ਬਾਂਸਲ ਵਿਸ਼ੇਸ਼ ਤੌਰ ਤੇ ਪਹੁੰਚੇ। ਸਮੂਹ ਸਕੂਲ ਮੈਂਬਰਾਂ ਨੇ ਸ੍ਰੀ ਗਣੇਸ਼ ਜੀ ਅਤੇ ਮਾਤਾ ਲਕਸ਼ਮੀ ਜੀ ਦੀ ਪੂਜਾ ਕਰਕੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ। ਸਮਾਗਮ ਦੀ ਸ਼ੁਰੂਆਤ ਐਲ.ਕੇ.ਜੀ. ਜਮਾਤ ਤੋਂ ਲੈ ਕੇ ਦੂਜੀ ਜਮਾਤ ਤੱਕ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਵਿਸ਼ੇਸ਼ ਸਭਾ ਨਾਲ ਹੋਈ। ਬੱਚਿਆਂ ਨੇ ਮਨਮੋਹਕ ਭਗਤੀ ਗੀਤਾਂ ਰਾਹੀਂ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਆਪਣੀਆਂ ਪਿਆਰੀਆਂ ਪੇਸ਼ਕਾਰੀਆਂ ਨਾਲ ਹਾਜ਼ਰੀਨ ਦਾ ਮਨ ਮੋਹ ਲਿਆ। ਤੀਜੀ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਤੋਰਨ-ਏ-ਤਿਉਹਾਰ ਗਤੀਵਿਧੀ ਕਰਵਾਈ ਗਈ, ਜਿਸ ਤਹਿਤ ਬੱਚਿਆਂ ਨੇ ਸੁੰਦਰ ਅਤੇ ਆਕਰਸ਼ਕ ਤੋਰਨ ਤਿਆਰ ਕਰਕੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਗਿਆਰ੍ਹਵੀਂ ਜਮਾਤ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਪੈਲੇਟ ਆਫ਼ ਟਰੈਡੀਸ਼ਨਜ਼ ਤਹਿਤ ਰੰਗੋਲੀ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਂ ਅਤੇ ਰਵਾਇਤੀ ਡਿਜ਼ਾਈਨਾਂ ਨਾਲ ਖ਼ੂਬਸੂਰਤ ਰੰਗੋਲੀਆਂ ਸਜਾ ਕੇ ਆਪਣੀ ਸਿਰਜਣਾਤਮਕਤਾ ਦਾ ਲੋਹਾ ਮਨਵਾਇਆ। ਇਨ੍ਹਾਂ ਗਤੀਵਿਧੀਆਂ ਨੇ ਜਿੱਥੇ ਵਿਦਿਆਰਥੀਆਂ ਅੰਦਰ ਛੁਪੀ ਕਲਾ ਨੂੰ ਨਿਖਾਰਿਆ, ਉੱਥੇ ਹੀ ਉਨ੍ਹਾਂ ਨੂੰ ਭਾਰਤੀ ਸੱਭਿਆਚਾਰ ਅਤੇ ਰਵਾਇਤੀ ਵਿਰਸੇ ਨਾਲ ਜੁੜਨ ਦਾ ਸੁਨੇਹਾ ਵੀ ਦਿੱਤਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਅਧਿਆਪਕਾਂ ਅਤੇ ਚੌਥੇ ਦਰਜੇ ਦੇ ਕਰਮਚਾਰੀਆਂ ਨੂੰ ਦੀਵਾਲੀ ਦੇ ਤੋਹਫ਼ੇ ਭੇਟ ਕਰਕੇ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕੀਤੀ ਗਈ। ਮੈਨੇਜਮੈਂਟ ਮੈਂਬਰ ਦੀਨਵ ਸਿੰਗਲਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਸਾਡੇ ਜੀਵਨ ਵਿੱਚ ਚਾਨਣ, ਖ਼ੁਸ਼ਹਾਲੀ ਅਤੇ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦਾ ਹੈ। ਸਕੂਲ ਐਡਮਿਨਿਸਟ੍ਰੇਟਰ ਮਿਸਟਰ ਸੁਭਾਸ਼ ਬਾਂਸਲ ਨੇ ਸਾਰਿਆਂ ਨੂੰ ਵਾਤਾਵਰਣ ਪੱਖੀ ਅਤੇ ਸੁਰੱਖਿਅਤ ਢੰਗ ਨਾਲ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਅੰਤ ਵਿੱਚ ਸਕੂਲ ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਸਭ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਅਤੇ ਸਾਰਿਆਂ ਦੇ ਸੁਖਦ, ਸਿਹਤਮੰਦ ਤੇ ਖ਼ੁਸ਼ਹਾਲ ਭਵਿੱਖ ਦੀ ਕਾਮਨਾ ਕੀਤੀ।