ਘਰ ’ਚੋਂ 15 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਚੋਰੀ ਸਤਿਸੰਗ ਲਈ ਗਿਆ ਪਰਿਵਾਰ, ਪਿੱਛੋਂ ਘਰ 'ਚ ਵੜੇ ਚੋਰ; 15 ਤੋਲੇ ਸੋਨਾ ਤੇ 6 ਲੱਖ ਦੀ ਨਕਦੀ ਲੈ ਕੇ ਫ਼ਰਾਰ
Publish Date: Mon, 09 Nov 2026 04:13 PM (IST)
Updated Date: Mon, 09 Nov 2026 04:14 PM (IST)
ਜਗਮੀਤ ਸਿੰਘ, ਪੰਜਾਬੀ ਜਾਗਰਣ, ਕੋਟਕਪੂਰਾ : ਕੋਟਕਪੂਰਾ ਵਿੱਚ ਚੋਰਾਂ ਨੇ ਦਿਨ-ਦਿਹਾੜੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਜੈਤੋ ਚੁੰਗੀ ਨੇੜੇ ਸਥਿਤ ਫਤਿਹ ਚੰਦ ਛਾਬੜਾ ਦੇ ਘਰੋਂ ਅਣਪਛਾਤੇ ਚੋਰ 15 ਤੋਲੇ ਸੋਨੇ ਦੇ ਗਹਿਣੇ ਅਤੇ 6 ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਘਟਨਾ ਸਮੇਂ ਪਰਿਵਾਰ ਦੇ ਸਾਰੇ ਮੈਂਬਰ ਪਿੰਡ ਸੰਧਵਾਂ ਸਥਿਤ ਡੇਰਾ ਰਾਧਾ ਸੁਆਮੀ ਵਿਖੇ ਦੀਵਾਲੀ ਦੇ ਸਤਿਸੰਗ ਵਿੱਚ ਸ਼ਾਮਲ ਹੋਣ ਲਈ ਗਏ ਹੋਏ ਸਨ। ਜਾਣਕਾਰੀ ਅਨੁਸਾਰ ਪਰਿਵਾਰ ਐਤਵਾਰ ਸਵੇਰੇ ਕਰੀਬ 9 ਵਜੇ ਘਰੋਂ ਸਤਿਸੰਗ ਲਈ ਰਵਾਨਾ ਹੋਇਆ ਸੀ। ਕਰੀਬ 11 ਵਜੇ ਜਦੋਂ ਪਰਿਵਾਰਕ ਮੈਂਬਰ ਵਾਪਸ ਪਰਤੇ ਤਾਂ ਘਰ ਅੰਦਰ ਸਾਮਾਨ ਖਿੱਲਰਿਆ ਦੇਖ ਕੇ ਉਨ੍ਹਾਂ ਨੂੰ ਚੋਰੀ ਹੋਣ ਦਾ ਪਤਾ ਲੱਗਾ। ਜਾਂਚ ਕਰਨ ਤੇ ਅਲਮਾਰੀਆਂ ਵਿੱਚ ਰੱਖੇ ਸੋਨੇ ਦੇ ਗਹਿਣੇ ਅਤੇ ਨਕਦੀ ਗਾਇਬ ਮਿਲੀ। ਦੱਸਿਆ ਜਾ ਰਿਹਾ ਹੈ ਕਿ ਚੋਰ ਘਰ ਦੀ ਛੱਤ ਰਾਹੀਂ ਅੰਦਰ ਦਾਖਲ ਹੋਏ। ਉਨ੍ਹਾਂ ਨੇ ਰਸੋਈ ਦੇ ਸ਼ੀਸ਼ੇ ਤੋੜ ਕੇ ਕਮਰਿਆਂ ਤੱਕ ਪਹੁੰਚ ਬਣਾਈ ਅਤੇ ਅਲਮਾਰੀਆਂ ਦੀ ਫਰੋਲਾ-ਫਰਾਲੀ ਕਰਦਿਆਂ ਕੀਮਤੀ ਸਾਮਾਨ ਚੋਰੀ ਕਰ ਲਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਚੋਰੀ ਦੀ ਸੂਚਨਾ ਮਿਲਣ ਤੇ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਵਿਜੇ ਨਰੂਲਾ ਨੇ ਦੱਸਿਆਂ। ਘਟਨਾ ਸਮੇਂ ਪਰਿਵਾਰ ਦੇ ਸਾਰੇ ਮੈਂਬਰ ਡੇਰੇ ਵਿਖੇ ਸਤਿਸੰਗ ਵਿੱਚ ਸ਼ਾਮਲ ਹੋਣ ਗਏ ਹੋਏ ਸਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਚੋਰੀ ਹੋਇਆ ਸਾਮਾਨ ਬਰਾਮਦ ਕਰਵਾਇਆ ਜਾਵੇ। ਇਸ ਸਬੰਧੀ ਥਾਣਾ ਸਿਟੀ ਦੇ ਏਐੱਸਆਈ ਦਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਚੋਰਾਂ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਯਤਨ ਕੀਤੇ ਜਾ ਰਹੇ ਹਨ। ਚੋਰੀ ਦੀ ਵਾਰਦਾਤ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਘਟਨਾ ਸਥਾਨ ਤੇ ਪਹੁੰਚੇ। ਉਨ੍ਹਾਂ ਨੇ ਮੌਕੇ ਦੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਪੁਲਿਸ ਨੂੰ ਮਾਮਲੇ ਨੂੰ ਜਲਦੀ ਟਰੇਸ ਕਰਨ ਅਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਜਲਦੀ ਕਾਬੂ ਕਰਨ ਦੇ ਨਿਰਦੇਸ਼ ਦਿੱਤੇ।