- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਰਫ਼ ਪੜ੍ਹਾਈ ਹੀ ਨਹੀਂ, ਕਰਮਚਾਰੀਆਂ ਦੇ ਸਨਮਾਨ ਨੂੰ ਵੀ ਤਰਜੀਹ ਦਿੰਦਾ ਹੈ ਇੰਟਰਨੈਸ਼ਨਲ ਮਿਲੇਨੀਅਮ ਸਕੂਲ

ਜਗਮੀਤ ਸਿੰਘ, ਪੰਜਾਬੀ ਜਾਗਰਣ ਫ਼ਰੀਦਕੋਟ : ਕਿਸੇ ਵੀ ਸੰਸਥਾ ਦੀ ਪਛਾਣ ਸਿਰਫ਼ ਉਸ ਦੀਆਂ ਪ੍ਰਾਪਤੀਆਂ ਨਾਲ ਨਹੀਂ, ਸਗੋਂ ਉਨ੍ਹਾਂ ਪ੍ਰਾਪਤੀਆਂ ਪਿੱਛੇ ਕੰਮ ਕਰਨ ਵਾਲੇ ਲੋਕਾਂ ਦੇ ਸਨਮਾਨ ਨਾਲ ਵੀ ਬਣਦੀ ਹੈ। ਇਸੇ ਸੋਚ ਨੂੰ ਅਮਲੀ ਰੂਪ ਦਿੰਦਿਆਂ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਪ੍ਰਬੰਧਕਾਂ ਵੱਲੋਂ ਦੀਵਾਲੀ ਮੌਕੇ ਸਮੂਹ ਸਟਾਫ਼ ਮੈਂਬਰਾਂ ਨੂੰ ਵਿਸ਼ੇਸ਼ ਤੋਹਫ਼ੇ ਭੇਟ ਕਰਕੇ ਉਨ੍ਹਾਂ ਦੀ ਮਿਹਨਤ ਅਤੇ ਯੋਗਦਾਨ ਦੀ ਕਦਰ ਕੀਤੀ ਗਈ। ਇਸ ਮੌਕੇ ਸਕੂਲ ਵਿੱਚ ਖੁਸ਼ੀ ਅਤੇ ਆਪਸੀ ਸਾਂਝ ਵਾਲਾ ਮਾਹੌਲ ਦੇਖਣ ਨੂੰ ਮਿਲਿਆ। ਸਕੂਲ ਦੇ ਪ੍ਰਧਾਨ ਵਾਸੂ ਸ਼ਰਮਾ ਨੇ ਕਿਹਾ ਕਿ ਕਿਸੇ ਵੀ ਵਿੱਦਿਅਕ ਸੰਸਥਾ ਦੀ ਤਰੱਕੀ ਇਕੱਲੇ ਪ੍ਰਬੰਧਕਾਂ ਦੇ ਯਤਨਾਂ ਨਾਲ ਸੰਭਵ ਨਹੀਂ ਹੁੰਦੀ, ਬਲਕਿ ਇਸ ਪਿੱਛੇ ਅਧਿਆਪਕਾਂ ਅਤੇ ਸਮੁੱਚੇ ਕਰਮਚਾਰੀਆਂ ਦੀ ਸਾਂਝੀ ਮਿਹਨਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦਾ ਹਰ ਕਰਮਚਾਰੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਇਸ ਦੀ ਬਿਹਤਰੀ ਵਿੱਚ ਯੋਗਦਾਨ ਪਾਉਂਦਾ ਹੈ। ਇਸ ਲਈ ਸਟਾਫ਼ ਮੈਂਬਰਾਂ ਦੀ ਮਿਹਨਤ ਨੂੰ ਮਾਨਤਾ ਦੇਣਾ ਅਤੇ ਉਨ੍ਹਾਂ ਨੂੰ ਸਨਮਾਨ ਦੇਣਾ ਪ੍ਰਬੰਧਕਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਤੋਹਫ਼ੇ ਦੇਣ ਦਾ ਇਹ ਉਪਰਾਲਾ ਸਿਰਫ਼ ਇੱਕ ਰਸਮ ਨਹੀਂ, ਸਗੋਂ ਕਰਮਚਾਰੀਆਂ ਪ੍ਰਤੀ ਧੰਨਵਾਦ ਅਤੇ ਸਤਿਕਾਰ ਦਾ ਪ੍ਰਗਟਾਵਾ ਹੈ। ਸਕੂਲ ਦੀ ਡਾਇਰੈਕਟਰ ਰਕਸ਼ੰਦਾ ਸ਼ਰਮਾ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਉਦੋਂ ਵਧਦੀ ਹੈ, ਜਦੋਂ ਇਨ੍ਹਾਂ ਨੂੰ ਇਕੱਲਿਆਂ ਮਨਾਉਣ ਦੀ ਬਜਾਏ ਸਾਰਿਆਂ ਨਾਲ ਸਾਂਝਾ ਕੀਤਾ ਜਾਂਦਾ ਹੈ। ਦੀਵਾਲੀ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਸਿਰਫ਼ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਾਂਝਾ ਮੰਚ ਹੀ ਨਹੀਂ, ਸਗੋਂ ਇੱਕ ਪਰਿਵਾਰ ਹੈ, ਜਿਸ ਵਿੱਚ ਹਰੇਕ ਮੈਂਬਰ ਦੀ ਆਪਣੀ ਅਹਿਮੀਅਤ ਹੈ। ਪ੍ਰਬੰਧਕਾਂ ਦਾ ਯਤਨ ਰਹੇਗਾ ਕਿ ਸਟਾਫ਼ ਮੈਂਬਰਾਂ ਦੀ ਮਿਹਨਤ ਨੂੰ ਬਣਦਾ ਮਾਣ-ਸਤਿਕਾਰ ਮਿਲਦਾ ਰਹੇ ਅਤੇ ਉਨ੍ਹਾਂ ਵਿੱਚ ਕੰਮ ਪ੍ਰਤੀ ਉਤਸ਼ਾਹ ਬਣਿਆ ਰਹੇ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਸਮੂਹ ਸਟਾਫ਼ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਤੋਹਫ਼ਿਆਂ ਦੀ ਇਸ ਸਾਂਝ ਨੇ ਸੰਸਥਾ ਅਤੇ ਕਰਮਚਾਰੀਆਂ ਵਿਚਕਾਰ ਆਪਸੀ ਸਤਿਕਾਰ ਤੇ ਅਪਣੱਤ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ।