- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੀਵਾਲੀ ਮਗਰੋਂ ਫਰੀਦਕੋਟ ਦੀ ਹਵਾ ਹੋਈ ਜ਼ਹਿਰੀਲੀ, ਏਅਰ ਕੁਆਲਿਟੀ ਇੰਡੈਕਸ 204 ’ਤੇ ਪੁੱਜਿਆ

ਪਰਾਲੀ ਸਾੜਨ ਤੇ ਪਟਾਕਿਆਂ ਦੇ ਧੂੰਏਂ ਨੇ ਵਧਾਇਆ ਪ੍ਰਦੂਸ਼ਣ
ਸ਼ਿਵ ਸ਼ਰਮਾ ਪੰਜਾਬੀ ਜਾਗਰਣ, ਫ਼ਰੀਦਕੋਟ : ਦੀਵਾਲੀ ਤੋਂ ਬਾਅਦ ਫਰੀਦਕੋਟ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਹਵਾ ਦੀ ਗੁਣਵੱਤਾ ਲਗਾਤਾਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਸ਼ਹਿਰ ਦੇ ਅਸਮਾਨ ਵਿੱਚ ਪਿਛਲੇ ਕਈ ਦਿਨਾਂ ਤੋਂ ਧੂੰਏਂ ਦੀ ਸੰਘਣੀ ਪਰਤ ਛਾਈ ਹੋਈ ਹੈ। ਹਵਾ ਵਿੱਚ ਵਧੇ ਪ੍ਰਦੂਸ਼ਣ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਫਰੀਦਕੋਟ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 204 ਦਰਜ ਕੀਤਾ ਗਿਆ ਹੈ। ਪ੍ਰਦੂਸ਼ਣ ਦੇ ਇਸ ਪੱਧਰ ਕਾਰਨ ਆਮ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ, ਅੱਖਾਂ ਵਿੱਚ ਜਲਣ ਅਤੇ ਹੋਰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਵਾ ਦੀ ਵਿਗੜਦੀ ਗੁਣਵੱਤਾ ਪਿੱਛੇ ਖੇਤਾਂ ਵਿੱਚ ਪਰਾਲੀ ਸਾੜਨ ਅਤੇ ਦੀਵਾਲੀ ਮੌਕੇ ਚਲਾਏ ਗਏ ਪਟਾਕਿਆਂ ਤੋਂ ਨਿਕਲਣ ਵਾਲੇ ਧੂੰਏਂ ਨੂੰ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਹਵਾ ਵਿੱਚ ਮੌਜੂਦ ਧੂੰਏਂ ਅਤੇ ਪ੍ਰਦੂਸ਼ਿਤ ਕਣਾਂ ਕਾਰਨ ਵਾਤਾਵਰਨ ਵਿੱਚ ਧੁੰਦ ਵਰਗਾ ਮਾਹੌਲ ਬਣਿਆ ਹੋਇਆ ਹੈ। ਇਸ ਦਾ ਸਭ ਤੋਂ ਵੱਧ ਅਸਰ ਬੱਚਿਆਂ, ਬਜ਼ੁਰਗਾਂ ਅਤੇ ਪਹਿਲਾਂ ਤੋਂ ਸਾਹ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਦੀ ਸਿਹਤ ’ਤੇ ਪੈਣ ਦਾ ਖ਼ਦਸ਼ਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸੇਵਾਮੁਕਤ ਸਿਵਲ ਸਰਜਨ ਡਾ. ਚੰਦਨ ਸ਼ਿਖਰ ਕੱਕੜ ਨੇ ਦੱਸਿਆ ਕਿ ਹਵਾ ਵਿੱਚ ਫੈਲੇ ਧੂੰਏਂ ਕਾਰਨ ਅੱਖਾਂ ਵਿੱਚ ਜਲਣ ਅਤੇ ਸਾਹ ਲੈਣ ਵਿੱਚ ਤਕਲੀਫ਼ ਦੀਆਂ ਸ਼ਿਕਾਇਤਾਂ ਲੈ ਕੇ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਅਤੇ ਪਟਾਕਿਆਂ ਤੋਂ ਨਿਕਲਣ ਵਾਲਾ ਧੂੰਆਂ ਹਵਾ ਦੀ ਗੁਣਵੱਤਾ ਨੂੰ ਖ਼ਰਾਬ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।
ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮਿਲਣ ਬਦਲਵੇਂ ਪ੍ਰਬੰਧ : ਡਾ. ਕੱਕੜ
ਡਾ. ਕੱਕੜ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਲੋਕਾਂ ਨੂੰ ਜਾਗਰੂਕ ਕਰਨਾ ਹੀ ਕਾਫ਼ੀ ਨਹੀਂ, ਸਗੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਲੋੜੀਂਦੀਆਂ ਸਹੂਲਤਾਂ ਅਤੇ ਬਦਲਵੇਂ ਪ੍ਰਬੰਧ ਮੁਹੱਈਆ ਕਰਵਾਉਣੇ ਵੀ ਜ਼ਰੂਰੀ ਹਨ। ਸਰਕਾਰ ਨੂੰ ਅਜਿਹੇ ਪ੍ਰਬੰਧ ਕਰਨੇ ਚਾਹੀਦੇ ਹਨ, ਜਿਸ ਨਾਲ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਲੋੜ ਨਾ ਪਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਮੌਕੇ ਪਟਾਕਿਆਂ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੇਕਰ ਪਟਾਕੇ ਚਲਾਉਣੇ ਹੋਣ ਤਾਂ ਗਰੀਨ ਪਟਾਕਿਆਂ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਾਫ਼ ਹਵਾ ਹਰ ਵਿਅਕਤੀ ਦੀ ਮੁੱਢਲੀ ਲੋੜ ਹੈ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਸਮਾਜ ਦੇ ਹਰੇਕ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ।