- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਗਰੀਨ ਦੀਵਾਲੀ ਦਾ ਸੁਨੇਹਾ ਦਿੱਤਾ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾ ਰਹੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਖੇਤਰ ਜੈਤੋ ਵੱਲੋਂ ਇਸ ਵਾਰ ਵੀ ਦੀਵਾਲੀ ਮੌਕੇ ਗਰੀਨ ਦੀਵਾਲੀ ਦਾ ਸੁਨੇਹਾ ਦੇਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਤਹਿਤ ਸਥਾਨਕ ਰਾਮਲੀਲਾ ਗਰਾਊਂਡ ਵਿਖੇ ਸਜਾਵਟੀ ਅਤੇ ਫੁੱਲਦਾਰ ਪੌਦਿਆਂ ਦੇ ਨਾਲ-ਨਾਲ ਉਸਾਰੂ ਸਾਹਿਤ ਦੀ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਇਸ ਉਪਰਾਲੇ ਦਾ ਮੁੱਖ ਮੰਤਵ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ, ਹਰਿਆਵਲ ਵਧਾਉਣ, ਚੰਗੇ ਸਾਹਿਤ ਨਾਲ ਜੁੜਨ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਪ੍ਰਤੀ ਜਾਗਰੂਕ ਕਰਨਾ ਸੀ। ਪ੍ਰਦਰਸ਼ਨੀ ਦੌਰਾਨ ਵੱਖ-ਵੱਖ ਕਿਸਮਾਂ ਦੇ ਸਜਾਵਟੀ ਅਤੇ ਫੁੱਲਦਾਰ ਪੌਦੇ ਅਤੇ ਗਿਆਨਵਰਧਕ ਪੁਸਤਕਾਂ ਬਹੁਤ ਹੀ ਵਾਜਬ ਕੀਮਤਾਂ ’ਤੇ ਮੁਹੱਈਆ ਕਰਵਾਈਆਂ ਗਈਆਂ। ਇਲਾਕਾ ਨਿਵਾਸੀਆਂ ਨੇ ਇਸ ਉਪਰਾਲੇ ਵਿੱਚ ਭਰਪੂਰ ਦਿਲਚਸਪੀ ਦਿਖਾਈ ਅਤੇ ਵੱਡੀ ਗਿਣਤੀ ਵਿੱਚ ਪੌਦੇ ਤੇ ਪੁਸਤਕਾਂ ਦੀ ਖਰੀਦ ਕੀਤੀ। ਲੋਕਾਂ ਦੇ ਉਤਸ਼ਾਹ ਨੇ ਸੰਸਥਾ ਦੇ ਇਸ ਯਤਨ ਨੂੰ ਹੋਰ ਵੀ ਸਾਰਥਕ ਬਣਾਇਆ। ਇਸ ਮੌਕੇ ਪੰਜਾਬੀ ਅੱਖਰਕਾਰੀ, ਪੰਜਾਬੀ ਮਾਂ-ਬੋਲੀ ਦੀ ਮਹੱਤਤਾ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਸ਼ੇਸ਼ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਇਨ੍ਹਾਂ ਰਾਹੀਂ ਲੋਕਾਂ ਨੂੰ ਆਪਣੀ ਮਾਂ-ਬੋਲੀ, ਵਿਰਸੇ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਦੇ ਨਾਲ-ਨਾਲ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਬ-ਡਵੀਜ਼ਨ ਜੈਤੋ ਦੇ ਡੀ.ਐੱਸ.ਪੀ. ਇਕਬਾਲ ਸਿੰਘ ਸੰਧੂ ਅਤੇ ਨਗਰ ਕੌਂਸਲ ਜੈਤੋ ਦੀ ਪ੍ਰਧਾਨ ਨਿਰਮਲਾ ਦੇਵੀ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਪ੍ਰਦਰਸ਼ਨੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਵਾਤਾਵਰਨ ਦੀ ਸੰਭਾਲ, ਸਾਹਿਤ ਦੇ ਪ੍ਰਚਾਰ-ਪ੍ਰਸਾਰ ਅਤੇ ਸਮਾਜਿਕ ਜਾਗਰੂਕਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਪ੍ਰਧਾਨ ਅਤੇ ਸਮੂਹ ਰਾਮਲੀਲਾ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸਟੱਡੀ ਸਰਕਲ ਦੇ ਸੇਵਾਦਾਰਾਂ ਮਾਸਟਰ ਰਣਜੀਤ ਸਿੰਘ ਖੱਚੜਾਂ, ਪ੍ਰਕਾਸ਼ ਸਿੰਘ ਜੈਤੋ, ਤੇਜ ਸਿੰਘ, ਕੁਲਵਿੰਦਰ ਸਿੰਘ, ਬਾਬਾ ਵੀਰ ਸਿੰਘ, ਕਰਮਜੀਤ ਸਿੰਘ, ਜਸਵੰਤ ਸਿੰਘ ਧਾਲੀਵਾਲ, ਕਰਨੈਲ ਸਿੰਘ, ਜਰਮਨਦੀਪ ਸਿੰਘ ਅਤੇ ਦਵਿੰਦਰਪਾਲ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਸਹਿਜ, ਸੁਖਮਨੀ, ਜਪੁਜੀਨੂਰ, ਦਿਵਨੀਕ, ਨਿਮਰਤ ਅਤੇ ਕੁਲਦੀਪਕ ਸਮੇਤ ਬੱਚਿਆਂ ਨੇ ਵੀ ਸੇਵਾ ਕਾਰਜਾਂ ਵਿੱਚ ਉਤਸ਼ਾਹ ਨਾਲ ਯੋਗਦਾਨ ਪਾਇਆ। ਇਲਾਕਾ ਨਿਵਾਸੀਆਂ ਨੇ ਸੰਸਥਾ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਦੀਵਾਲੀ ਮੌਕੇ ਪਟਾਕਿਆਂ ਦੀ ਥਾਂ ਪੌਦੇ ਲਗਾਉਣ, ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਅਤੇ ਚੰਗੇ ਸਾਹਿਤ ਨਾਲ ਜੁੜਨ ਦਾ ਦਿੱਤਾ ਗਿਆ ਸੁਨੇਹਾ ਸਮਾਜ ਲਈ ਪ੍ਰੇਰਨਾਦਾਇਕ ਸਾਬਤ ਹੋਇਆ।