ਸਪੀਕਰ ਸੰਧਵਾਂ ਨੇ ਪੱਕਾ ਵਿਖੇ ਕੀਤੀ ਲੋਕ ਮਿਲਣੀ ਪਿੰਡ ਪੱਕਾ ਦੇ ਵਿਕਾਸ ਕਾਰਜਾਂ ਦਾ ਲੇਖਾ-ਜੋਖਾ ਲੈ ਕੇ ਲੋਕਾਂ ਵਿਚਾਲੇ ਪੁੱਜੇ ਸਪੀਕਰ ਸੰਧਵਾਂ
Publish Date: Wed, 11 Nov 2026 03:39 PM (IST)
Updated Date: Wed, 11 Nov 2026 03:42 PM (IST)
ਜਗਮੀਤ ਸਿੰਘ/ਪੰਜਾਬੀ ਜਾਗਰਣ, ਕੋਟਕਪੂਰਾ : ਪਿੰਡਾਂ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਜਾਣਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਮਕਸਦ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਵਿਖੇ ਲੋਕ ਮਿਲਣੀ ਕੀਤੀ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਪਿਛਲੇ ਸਮੇਂ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਕਿਹਾ ਕਿ ਸਾਲ 2022 ਵਿੱਚ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਪਿੰਡ ਪੱਕਾ ਵਿੱਚ ਹੁਣ ਤੱਕ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਜਿਸ ਉਮੀਦ ਅਤੇ ਭਰੋਸੇ ਨਾਲ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ, ਉਸ ਤੇ ਖਰਾ ਉਤਰਨ ਲਈ ਉਹ ਪੂਰੀ ਤਨਦੇਹੀ ਨਾਲ ਯਤਨਸ਼ੀਲ ਹਨ। ਉਨ੍ਹਾਂ ਮੁਤਾਬਕ ਵਿਕਾਸ ਦਾ ਮਤਲਬ ਸਿਰਫ਼ ਨਿਰਮਾਣ ਕਾਰਜ ਕਰਵਾਉਣਾ ਨਹੀਂ, ਸਗੋਂ ਆਮ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਅਤੇ ਉਨ੍ਹਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣਾ ਹੈ। ਉਨ੍ਹਾਂ ਕਿਹਾ ਕਿ ਪੀਣ ਵਾਲੇ ਸਾਫ਼ ਪਾਣੀ ਸਮੇਤ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਸਭ ਤੋਂ ਅਹਿਮ ਕਾਰਜਾਂ ਵਿੱਚੋਂ ਇਕ ਹੈ। ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਮਜ਼ਬੂਤੀ ਨਾਲ ਹੀ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਲੋਕ ਮਿਲਣੀ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਦੀਆਂ ਰਹਿੰਦੀਆਂ ਸਮੱਸਿਆਵਾਂ ਅਤੇ ਵਿਕਾਸ ਸਬੰਧੀ ਲੋੜਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਂਦੇ ਰਹਿਣ, ਤਾਂ ਜੋ ਸਬੰਧਤ ਵਿਭਾਗਾਂ ਰਾਹੀਂ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਉਨ੍ਹਾਂ ਮੰਨਿਆ ਕਿ ਸਰਕਾਰੀ ਕੰਮਕਾਜ ਦੀਆਂ ਪ੍ਰਕਿਰਿਆਵਾਂ ਕਾਰਨ ਕਈ ਵਾਰ ਕੰਮਾਂ ਵਿੱਚ ਦੇਰੀ ਹੋ ਜਾਂਦੀ ਹੈ, ਪਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਯਤਨ ਨਿਰੰਤਰ ਜਾਰੀ ਰਹਿਣਗੇ।