2027 ’ਚ ਕਾਂਗਰਸ ਨੂੰ ਵੱਡਾ ਫਤਵਾ ਦੇਣਗੇ ਪੰਜਾਬ ਦੇ ਲੋਕ : ਕੈਪਟਨ ਸੰਦੀਪ ਸੰਧੂ 2027 'ਚ ਕਾਂਗਰਸ ਨੂੰ ਵੱਡਾ ਫਤਵਾ ਦੇਣਗੇ ਪੰਜਾਬ ਦੇ ਲੋਕ : ਕੈਪਟਨ ਸੰਦੀਪ ਸੰਧੂ
Publish Date: Wed, 11 Nov 2026 03:42 PM (IST)
Updated Date: Wed, 11 Nov 2026 03:45 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿੱਚ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਭਵਨ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੇ ਲੋਕ ਇਸ ਵਾਰ ਕਾਂਗਰਸ ਪਾਰਟੀ ਦੇ ਹੱਕ ਵਿੱਚ ਵੱਡਾ ਫਤਵਾ ਦੇਣ ਦਾ ਮਨ ਬਣਾ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨੀ ਤੈਅ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦਾ ਐਲਾਨ ਤਾਂ ਕੀਤਾ ਗਿਆ ਹੈ, ਪਰ ਜ਼ਮੀਨੀ ਪੱਧਰ ਤੇ ਨਸ਼ਿਆਂ ਦੀ ਸਮੱਸਿਆ ਅਜੇ ਵੀ ਗੰਭੀਰ ਬਣੀ ਹੋਈ ਹੈ। ਮੈਡੀਕਲ ਨਸ਼ਿਆਂ ਤੋਂ ਲੈ ਕੇ ਚਿੱਟੇ ਤੱਕ, ਨਸ਼ਿਆਂ ਦਾ ਫੈਲਾਅ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ। ਇਹ ਸਥਿਤੀ ਸਮੁੱਚੇ ਪੰਜਾਬ ਲਈ ਚਿੰਤਾ ਦਾ ਵਿਸ਼ਾ ਹੈ। ਕੈਪਟਨ ਸੰਧੂ ਨੇ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਆਏ ਦਿਨ ਗੋਲੀਆਂ ਚੱਲਣ ਅਤੇ ਅਪਰਾਧਿਕ ਘਟਨਾਵਾਂ ਵਾਪਰਨ ਕਾਰਨ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਜਾਇਜ਼ ਮੰਗਾਂ ਲਈ ਸੜਕਾਂ ਤੇ ਧਰਨੇ ਦੇਣ ਅਤੇ ਅਦਾਲਤਾਂ ਦੇ ਚੱਕਰ ਲਗਾਉਣ ਲਈ ਮਜਬੂਰ ਹਨ। ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਦੀ ਬਜਾਏ ਸੁਪਰੀਮ ਕੋਰਟ ਤੱਕ ਪਹੁੰਚ ਕਰਨਾ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਸਰਕਾਰ ਦੀ ਇਸ਼ਤਿਹਾਰਬਾਜ਼ੀ ਨੀਤੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਖੰਭਿਆਂ, ਦਰੱਖਤਾਂ, ਸੜਕਾਂ ਅਤੇ ਹੋਰ ਜਨਤਕ ਥਾਵਾਂ ਤੇ ਇਸ਼ਤਿਹਾਰ ਲਗਾਉਣ ਦੇ ਨਾਲ-ਨਾਲ ਦੂਜੇ ਸੂਬਿਆਂ ਵਿੱਚ ਪ੍ਰਚਾਰ ਕਰਨ ਲਈ ਖਰਚਿਆ ਜਾ ਰਿਹਾ ਹੈ, ਜਦਕਿ ਸੂਬੇ ਦੇ ਬੁਨਿਆਦੀ ਮਸਲੇ ਅਣਗੌਲੇ ਪਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਅਤੇ ਵਰਕਰ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਲੋਕਾਂ ਤੱਕ ਪਹੁੰਚਾ ਰਹੇ ਹਨ। ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਰਾਖੀ ਕਰਨ ਵਾਲੇ ਵੋਟਰ 2027 ਵਿੱਚ ਕਾਂਗਰਸ ਦੇ ਹੱਕ ਵਿੱਚ ਫਤਵਾ ਦੇ ਕੇ ਸੂਬੇ ਵਿੱਚ ਲੋਕ ਹਿਤੈਸ਼ੀ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਪ੍ਰਧਾਨ ਮਨਜਿੰਦਰ ਸਿੰਘ ਹੈਪੀ ਧਾਲੀਵਾਲ ਰੋਮਾਣਾ ਅਜੀਤ ਸਿੰਘ ਵੀ ਹਾਜ਼ਰ ਸਨ ।