- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਤੇ ਖੁਸ਼ੀਆਂ ਨਾਲ ਮਨਾਇਆ

ਵਿਦਿਆਰਥੀਆਂ ਲਈ ਰਚਨਾਤਮਕ, ਸੱਭਿਆਚਾਰਕ ਤੇ ਸਮਾਜਿਕ ਗਤੀਵਿਧੀਆਂ ਕਰਵਾਈਆਂ
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼ਿਵਾਲਿਕ ਕਿਡਜ਼ ਸਕੂਲ, ਸ੍ਰੀ ਹਨੂੰਮਾਨ ਮੰਦਰ ਦੇ ਸਾਹਮਣੇ, ਸ੍ਰੀ ਪੰਚਾਇਤੀ ਗਊਸ਼ਾਲਾ ਰੋਡ, ਜੈਤੋ ਵਿਖੇ ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਦੀਵਾਲੀ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਸਭਾ ਦੇ ਨਾਲ-ਨਾਲ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਕ, ਸੱਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਕਰਵਾਈਆਂ ਗਈਆਂ। ਸਮੁੱਚਾ ਸਕੂਲ ਤਿਉਹਾਰੀ ਰੰਗ ਵਿੱਚ ਰੰਗਿਆ ਨਜ਼ਰ ਆਇਆ ਅਤੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਇਨ੍ਹਾਂ ਗਤੀਵਿਧੀਆਂ ਵਿੱਚ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਐਕੇਡਮਿਕ ਹੈੱਡ ਸਾਨੀਆ ਨਰੂਲਾ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸਿਰਜਣਾਤਮਕ ਸੋਚ ਅਤੇ ਕਲਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਮੋਮਬੱਤੀ ਸਜਾਵਟ, ਦੀਵਾ ਸਜਾਵਟ, ਗ੍ਰੀਟਿੰਗ ਕਾਰਡ ਬਣਾਉਣ, ਲਾਲਟੈਨ ਤਿਆਰ ਕਰਨ, ਸਜਾਵਟੀ ਵਸਤਾਂ ਬਣਾਉਣ, ਥਾਲੀ ਸਜਾਵਟ, ਰੰਗੋਲੀ ਮੁਕਾਬਲੇ ਅਤੇ ਡਿਸਪਲੇ ਬੋਰਡ ਸਜਾਵਟ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੇ ਵੱਖ-ਵੱਖ ਰੰਗਾਂ ਅਤੇ ਮਨਮੋਹਕ ਡਿਜ਼ਾਈਨਾਂ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਦੀਵਾਲੀ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਸਭਾ ਕਰਵਾਈ ਗਈ, ਜਿਸ ਦੌਰਾਨ ਦੀਵਾਲੀ ਅਤੇ ਰਾਮਾਇਣ ਨਾਲ ਸਬੰਧਤ ਪ੍ਰਸ਼ਨੋਤਰੀ ਮੁਕਾਬਲਾ ਵੀ ਹੋਇਆ। ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ 'ਵਾਤਾਵਰਨ ਅਨੁਕੂਲ ਦੀਵਾਲੀ ਜਾਂ ਸ਼ੋਰ ਰਹਿਤ ਦੀਵਾਲੀ' ਵਿਸ਼ੇ ’ਤੇ ਬਹਿਸ ਮੁਕਾਬਲਾ ਵੀ ਕਰਵਾਇਆ ਗਿਆ। ਇਸ ਵਿੱਚ ਬੱਚਿਆਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਪਟਾਕਿਆਂ ਤੋਂ ਹੋਣ ਵਾਲੇ ਹਵਾ ਅਤੇ ਆਵਾਜ਼ ਪ੍ਰਦੂਸ਼ਣ ਤੋਂ ਬਚਣ ਦਾ ਸੁਨੇਹਾ ਦਿੱਤਾ। ਵਿਦਿਆਰਥੀਆਂ ਵੱਲੋਂ ਤਿਉਹਾਰੀ ਗੀਤਾਂ ’ਤੇ ਪੇਸ਼ ਕੀਤੇ ਸੁੰਦਰ ਨਾਚ ਨੇ ਸਮਾਗਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਗਰੀਨ ਦੀਵਾਲੀ ਰੈਲੀ ਰਹੀ। ਇਸ ਰਾਹੀਂ ਵਿਦਿਆਰਥੀਆਂ ਨੇ ਲੋਕਾਂ ਨੂੰ ਪਟਾਕਿਆਂ ਤੋਂ ਦੂਰ ਰਹਿਣ ਅਤੇ ਸਾਫ਼-ਸੁਥਰੀ, ਸੁਰੱਖਿਅਤ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਬੱਚਿਆਂ ਨੇ ਇਹ ਸੰਦੇਸ਼ ਦਿੱਤਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਵਾਤਾਵਰਨ ਦੀ ਸੰਭਾਲ ਅਤੇ ਦੂਜਿਆਂ ਦੀਆਂ ਖੁਸ਼ੀਆਂ ਦਾ ਖ਼ਿਆਲ ਰੱਖਣ ਵਿੱਚ ਹੈ। ਇਸ ਮੌਕੇ ਸਕੂਲ ਵੱਲੋਂ ਚਲਾਈ ਗਈ ਦਾਨ ਮੁਹਿੰਮ ਵੀ ਵਿਸ਼ੇਸ਼ ਸ਼ਲਾਘਾ ਦਾ ਵਿਸ਼ਾ ਬਣੀ। ਵਿਦਿਆਰਥੀਆਂ ਨੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਆਪਣੀ ਇੱਛਾ ਅਨੁਸਾਰ ਖਾਣ-ਪੀਣ ਦੀਆਂ ਵਸਤਾਂ, ਕੱਪੜੇ ਅਤੇ ਖਿਡੌਣੇ ਦਾਨ ਕੀਤੇ, ਤਾਂ ਜੋ ਉਹ ਵੀ ਦੀਵਾਲੀ ਦੀਆਂ ਖੁਸ਼ੀਆਂ ਮਨਾ ਸਕਣ। ਇਸ ਉਪਰਾਲੇ ਰਾਹੀਂ ਬੱਚਿਆਂ ਨੂੰ ਦਇਆ, ਸੇਵਾ, ਸਹਿਯੋਗ ਅਤੇ ਮਨੁੱਖਤਾ ਦੀ ਭਾਵਨਾ ਦਾ ਮਹੱਤਵ ਸਮਝਾਇਆ ਗਿਆ। ਉਨ੍ਹਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਤਿਉਹਾਰਾਂ ਦੀ ਸਾਰਥਕਤਾ ਦੂਜਿਆਂ ਦੇ ਜੀਵਨ ਵਿੱਚ ਖੁਸ਼ੀਆਂ ਲਿਆਉਣ ਨਾਲ ਹੋਰ ਵਧ ਜਾਂਦੀ ਹੈ। ਸਕੂਲ ਪ੍ਰਬੰਧਨ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਇਨ੍ਹਾਂ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ), ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ 'ਲੱਕੀ ਗਰਗ', ਮੈਂਬਰ ਜਗਮੇਲ ਸਿੰਘ ਬਰਾੜ, ਮੈਂਬਰ ਘਨੱਈਆ ਲਾਲ ਗਰਗ, ਮੈਂਬਰ ਮੈਡਮ ਹਰਜੀਤ ਕੌਰ ਬਰਾੜ, ਮੈਂਬਰ ਅੰਕੁਰ ਗਰਗ ਆਦਿ ਮੌਜੂਦ ਸਨ। ਇਸ ਤਰ੍ਹਾਂ ਸਕੂਲ ਵਿੱਚ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ ਵਿਦਿਆਰਥੀਆਂ ਲਈ ਯਾਦਗਾਰੀ ਬਣਿਆ। ਇਸ ਸਮਾਗਮ ਨੇ ਬੱਚਿਆਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਵਾਂ ਨਾਲ ਜੋੜਨ ਦੇ ਨਾਲ-ਨਾਲ ਆਪਸੀ ਪਿਆਰ, ਭਾਈਚਾਰਕ ਸਾਂਝ, ਦਇਆ, ਸੇਵਾ ਅਤੇ ਵਾਤਾਵਰਨ ਦੀ ਸੰਭਾਲ ਦਾ ਮਹੱਤਵਪੂਰਨ ਸੰਦੇਸ਼ ਵੀ ਦਿੱਤਾ।