ਪੰਜਾਬ 'ਚ ਮੁੜ ਅਕਾਲੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ : ਆਗੂ ਪੰਜਾਬ 'ਚ ਮੁੜ ਅਕਾਲੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ : ਅਕਾਲੀ ਆਗੂ
Publish Date: Wed, 11 Nov 2026 03:44 PM (IST)
Updated Date: Wed, 11 Nov 2026 03:45 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲਣ ਦੀ ਉਮੀਦ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਜੈਤੋ ਸ਼ਹਿਰੀ ਦੇ ਪ੍ਰਧਾਨ ਅਮਰਜੀਤ ਸਿੰਘ ਵਿੱਕੀ ਮੱਕੜ , ਯੂਥ ਅਕਾਲੀ ਦਲ (ਬ) ਜੈਤੋ ਸ਼ਹਿਰੀ ਦੇ ਸਾਬਕਾ ਪ੍ਰਧਾਨ ਰਾਕੇਸ਼ ਕੁਮਾਰ ਘੋਚਾ ਅਤੇ ਪਾਰਟੀ ਦੇ ਜੈਤੋ ਸ਼ਹਿਰੀ ਸੋਸ਼ਲ ਮੀਡੀਆ ਪ੍ਰਧਾਨ ਬਲਦੇਵ ਸਿੰਘ ਬੱਲੀ ਢੱਲਾ ਨੇ ਕੀਤਾ। ਅਕਾਲੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਅਨੇਕਾਂ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਦੇ ਕਾਰਜਕਾਲ ਦੌਰਾਨ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਲੋਕਾਂ ਨੂੰ ਨਿਰਾਸ਼ਾ ਹੀ ਹੱਥ ਲੱਗੀ ਹੈ। ਅੱਜ ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ ਅਤੇ ਨੌਜਵਾਨ ਵਰਗ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਉਡੀਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਵਰਗਾਂ ਦੀਆਂ ਮੁਸ਼ਕਲਾਂ ਪ੍ਰਤੀ ਸਰਕਾਰ ਦੀ ਬੇਰੁਖ਼ੀ ਕਾਰਨ ਲੋਕਾਂ ਦਾ ਇਸ ਤੋਂ ਮੋਹ ਭੰਗ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਲੋਕ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਸੀ। ਆਟਾ-ਦਾਲ ਸਕੀਮ, ਸ਼ਗਨ ਸਕੀਮ, ਬੁਢਾਪਾ ਪੈਨਸ਼ਨ, ਕਿਸਾਨਾਂ ਨੂੰ ਮੁਫ਼ਤ ਬਿਜਲੀ ਅਤੇ ਗਰੀਬ ਤੇ ਲੋੜਵੰਦ ਪਰਿਵਾਰਾਂ ਲਈ ਚਲਾਈਆਂ ਗਈਆਂ ਵੱਖ-ਵੱਖ ਭਲਾਈ ਯੋਜਨਾਵਾਂ ਇਸ ਦੀਆਂ ਅਹਿਮ ਉਦਾਹਰਨਾਂ ਹਨ। ਇਨ੍ਹਾਂ ਯੋਜਨਾਵਾਂ ਰਾਹੀਂ ਸਮਾਜ ਦੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਉਪਰਾਲੇ ਕੀਤੇ ਗਏ ਸਨ। ਇਸ ਤੋਂ ਇਲਾਵਾ ਪਿੰਡਾਂ ਦੀਆਂ ਸੜਕਾਂ, ਅਨਾਜ ਮੰਡੀਆਂ ਅਤੇ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਸੀ। ਅਮਰਜੀਤ ਸਿੰਘ ਵਿੱਕੀ ਮੱਕੜ , ਰਾਕੇਸ਼ ਕੁਮਾਰ ਘੋਚਾ ਅਤੇ ਬਲਦੇਵ ਸਿੰਘ ਬੱਲੀ ਢੱਲਾ ਨੇ ਕਿਹਾ ਕਿ ਪੰਜਾਬ ਦੀ ਅਸਲ ਤਰੱਕੀ ਲਈ ਖੇਤੀਬਾੜੀ, ਵਪਾਰ ਅਤੇ ਉਦਯੋਗ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਸੂਬੇ ਦੇ ਹਿੱਤਾਂ ਦੀ ਮਜ਼ਬੂਤੀ ਨਾਲ ਪੈਰਵੀ ਕਰਨ ਦੇ ਸਮਰੱਥ ਹੈ। ਅੰਤ ਵਿੱਚ ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਖੁਸ਼ਹਾਲੀ, ਤਰੱਕੀ ਅਤੇ ਸੁਨਹਿਰੀ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਦਾ ਸਮਰਥਨ ਕਰਨ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।