- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੌਂਸਲਰ ਪਰਵੀਨ ਗਰਗ ਤੇ ਸੁਰਿੰਦਰ ਗਰਗ ਨੇ ਵਿਧਾਇਕ ਅਮੋਲਕ ਸਿੰਘ ਨੂੰ ਦਿੱਤੀ ਵਧਾਈ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਜੈਤੋ ਤੋਂ ਮੌਜੂਦਾ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੂੰ ਮੁੜ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਨਾਲ ਹਲਕੇ ਦੇ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਹਾਈਕਮਾਂਡ ਦੇ ਇਸ ਫ਼ੈਸਲੇ ਦਾ ਭਰਵਾਂ ਸਵਾਗਤ ਕਰਦਿਆਂ ‘ਆਪ’ ਦੀ ਮਹਿਲਾ ਆਗੂ ਅਤੇ ਨਗਰ ਕੌਂਸਲਰ ਪਰਵੀਨ ਗਰਗ ਅਤੇ ਉਨ੍ਹਾਂ ਦੇ ਪਤੀ ਤੇ ਪਾਰਟੀ ਦੇ ਸੀਨੀਅਰ ਆਗੂ ਸੁਰਿੰਦਰ ਗਰਗ (ਸੇਵਾਮੁਕਤ ਆਰ.ਏ.) ਨੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਕੌਂਸਲਰ ਪਰਵੀਨ ਗਰਗ ਅਤੇ ਸੁਰਿੰਦਰ ਗਰਗ ਨੇ ਕਿਹਾ ਕਿ ਪਾਰਟੀ ਦੀ ਕੌਮੀ ਲੀਡਰਸ਼ਿਪ ਵੱਲੋਂ ਇੰਜੀਨੀਅਰ ਅਮੋਲਕ ਸਿੰਘ ’ਤੇ ਮੁੜ ਭਰੋਸਾ ਪ੍ਰਗਟਾਉਣਾ ਜੈਤੋ ਹਲਕੇ ਦੇ ਸਮੂਹ ਪਾਰਟੀ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਲਈ ਬੇਹੱਦ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਆਗੂ ਨੂੰ ਮੁੜ ਉਮੀਦਵਾਰ ਬਣਾਉਣਾ ਉਸ ਦੀ ਪਿਛਲੀ ਕਾਰਗੁਜ਼ਾਰੀ, ਲੋਕਾਂ ਨਾਲ ਸਾਂਝ ਅਤੇ ਪਾਰਟੀ ਪ੍ਰਤੀ ਸਮਰਪਣ ਵਿੱਚ ਲੀਡਰਸ਼ਿਪ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇੰਜੀਨੀਅਰ ਅਮੋਲਕ ਸਿੰਘ ਆਪਣੇ ਸਿਆਸੀ ਤਜਰਬੇ, ਮਿਲਾਪੜੇ ਸੁਭਾਅ ਅਤੇ ਲੋਕਾਂ ਨਾਲ ਸਿੱਧੇ ਸੰਪਰਕ ਕਰਕੇ ਹਲਕੇ ਵਿੱਚ ਆਪਣੀ ਵਿਸ਼ੇਸ਼ ਪਛਾਣ ਰੱਖਦੇ ਹਨ। ਉਹ ਪਹਿਲਾਂ ਵੀ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਦਰਜ ਕਰਕੇ ਲੋਕਾਂ ਦਾ ਸਮਰਥਨ ਹਾਸਲ ਕਰ ਚੁੱਕੇ ਹਨ ਅਤੇ ਮੌਜੂਦਾ ਸਮੇਂ ਵਿਧਾਇਕ ਵਜੋਂ ਹਲਕੇ ਦੀ ਨੁਮਾਇੰਦਗੀ ਕਰ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਪਾਰਟੀ ਵੱਲੋਂ ਮੁੜ ਸੌਂਪੀ ਗਈ ਇਹ ਜ਼ਿੰਮੇਵਾਰੀ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਇਸ ਫ਼ੈਸਲੇ ਨਾਲ ਜੈਤੋ ਹਲਕੇ ਦੇ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਜਿੱਤ ਲਈ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ, ਇਕਜੁੱਟਤਾ ਅਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਦੀ ਲੋੜ ਹੈ। ਕੌਂਸਲਰ ਪਰਵੀਨ ਗਰਗ ਅਤੇ ਸੁਰਿੰਦਰ ਗਰਗ ਨੇ ਅੱਗੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਵਰਕਰਾਂ ਵੱਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨਾਲ ਸੰਪਰਕ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ, ਸਰਕਾਰ ਦੇ ਪ੍ਰੋਗਰਾਮਾਂ ਅਤੇ ਲੋਕ ਭਲਾਈ ਨਾਲ ਜੁੜੇ ਕਾਰਜਾਂ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਇੰਜੀਨੀਅਰ ਅਮੋਲਕ ਸਿੰਘ ਦੀ ਉਮੀਦਵਾਰੀ ਦੇ ਹੱਕ ਵਿੱਚ ਸਮੂਹ ਪਾਰਟੀ ਵਰਕਰ ਪੂਰੀ ਮਿਹਨਤ, ਲਗਨ ਅਤੇ ਇਕਜੁੱਟਤਾ ਨਾਲ ਆਪਣੀ ਭੂਮਿਕਾ ਨਿਭਾਉਣਗੇ।