- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪ੍ਰਸ਼ਾਸਨ ਨੇ ਦਿਖਾਈ ਸਰਗਰਮੀ, ਵਿਭਾਗਾਂ ਨੂੰ ਸਮਾਂਬੱਧ ਕਾਰਵਾਈ ਦੇ ਨਿਰਦੇਸ਼

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਫ਼ਰੀਦਕੋਟ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਰਗਰਮੀ ਦਿਖਾਉਂਦਿਆਂ ਵੱਖ-ਵੱਖ ਵਿਭਾਗਾਂ ਨੂੰ ਜਵਾਬਦੇਹ ਬਣਾਉਣ ਦੀ ਪਹਿਲ ਕੀਤੀ ਹੈ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਵਪਾਰਕ ਵਰਗ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ਤੋਂ ਲੈ ਕੇ ਵਪਾਰਕ ਕੰਮਕਾਜ ਵਿੱਚ ਆਉਣ ਵਾਲੀਆਂ ਪ੍ਰਸ਼ਾਸਨਿਕ ਦਿੱਕਤਾਂ ਤੱਕ ਵੱਖ-ਵੱਖ ਮੁੱਦੇ ਵਿਚਾਰੇ ਗਏ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਨੂੰ ਸਿਰਫ਼ ਸੁਣਨ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਉਨ੍ਹਾਂ ਦਾ ਗੰਭੀਰਤਾ ਨਾਲ ਜਾਇਜ਼ਾ ਲੈ ਕੇ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਹਿਰ ਦੀ ਆਰਥਿਕ ਤਰੱਕੀ ਵਿੱਚ ਵਪਾਰੀ ਵਰਗ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਲਈ ਵਪਾਰੀਆਂ ਨੂੰ ਸੁਖਾਵਾਂ ਮਾਹੌਲ ਦੇਣਾ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਹੱਲ ਕਰਨਾ ਪ੍ਰਸ਼ਾਸਨ ਦੀ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗੀ ਕਾਰਵਾਈਆਂ ਵਿੱਚ ਬੇਲੋੜੀ ਦੇਰੀ ਨਾ ਕੀਤੀ ਜਾਵੇ ਅਤੇ ਜਿਨ੍ਹਾਂ ਮਾਮਲਿਆਂ ਦਾ ਹੱਲ ਆਪਸੀ ਤਾਲਮੇਲ ਨਾਲ ਸੰਭਵ ਹੈ, ਉਨ੍ਹਾਂ ਨੂੰ ਸਾਂਝੇ ਯਤਨਾਂ ਨਾਲ ਹੱਲ ਕੀਤਾ ਜਾਵੇ। ਸ਼ਹਿਰ ਦੀਆਂ ਨਾਗਰਿਕ ਸਹੂਲਤਾਂ ਦਾ ਮੁੱਦਾ ਵੀ ਮੀਟਿੰਗ ਵਿੱਚ ਪ੍ਰਮੁੱਖਤਾ ਨਾਲ ਉੱਭਰਿਆ। ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਫ਼ਾਈ ਪ੍ਰਬੰਧਾਂ ਵਿੱਚ ਸੁਧਾਰ ਕਰਨ, ਸਟਰੀਟ ਲਾਈਟਾਂ ਚਾਲੂ ਰੱਖਣ, ਪਾਰਕਿੰਗ ਦੀ ਸਮੱਸਿਆ ਵੱਲ ਧਿਆਨ ਦੇਣ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕਿਹਾ। ਇਸੇ ਤਰ੍ਹਾਂ ਪਾਵਰਕਾਮ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਆਪਣੇ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਕੇਸ਼ਵ ਗੋਇਲ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਵਪਾਰੀ ਵਰਗ ਵਿਚਕਾਰ ਲਗਾਤਾਰ ਸੰਪਰਕ ਅਤੇ ਬਿਹਤਰ ਤਾਲਮੇਲ ਨਾਲ ਹੀ ਸ਼ਹਿਰ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੱਢਿਆ ਜਾ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਵਪਾਰੀਆਂ ਵੱਲੋਂ ਦਿੱਤੇ ਜਾਣ ਵਾਲੇ ਉਸਾਰੂ ਸੁਝਾਵਾਂ ਨੂੰ ਵੀ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ, ਤਾਂ ਜੋ ਫ਼ਰੀਦਕੋਟ ਵਿੱਚ ਵਪਾਰਕ ਮਾਹੌਲ ਨੂੰ ਹੋਰ ਸੁਖਾਵਾਂ ਬਣਾਇਆ ਜਾ ਸਕੇ। ਮੀਟਿੰਗ ਵਿੱਚ ਵਪਾਰ ਮੰਡਲ ਦੇ ਚੇਅਰਮੈਨ ਨਰੇਸ਼ ਸਿੰਗਲਾ, ਨਗਰ ਕੌਂਸਲ ਫ਼ਰੀਦਕੋਟ ਦੇ ਈ.ਓ. ਅੰਮ੍ਰਿਤ ਲਾਲ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਵਨ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।