- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੂਸ਼ਿਤ ਹਵਾ ਬਣ ਸਕਦੀ ਹੈ ਗੰਭੀਰ ਬਿਮਾਰੀਆਂ ਦਾ ਕਾਰਨ, ਸਾਹ ਦੇ ਮਰੀਜ਼ ਸਵੇਰੇ-ਸ਼ਾਮ ਦੀ ਸੈਰ ਤੋਂ ਕਰਨ ਪਰਹੇਜ਼

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਮੌਸਮ ਵਿੱਚ ਤਬਦੀਲੀ ਦੇ ਨਾਲ ਹੀ ਹਵਾ ਵਿੱਚ ਵਧ ਰਹੇ ਪ੍ਰਦੂਸ਼ਣ ਅਤੇ ਧੂੰਏਂ ਨੇ ਲੋਕਾਂ ਦੀ ਸਿਹਤ ਲਈ ਚਿੰਤਾ ਵਧਾ ਦਿੱਤੀ ਹੈ। ਖ਼ਾਸ ਕਰਕੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਪ੍ਰਦੂਸ਼ਿਤ ਹਵਾ ਮੁਸ਼ਕਲਾਂ ਵਧਾ ਸਕਦੀ ਹੈ। ਇਸ ਦੇ ਮੱਦੇਨਜ਼ਰ ਸਿਹਤ ਵਿਭਾਗ ਫ਼ਰੀਦਕੋਟ ਨੇ ਲੋਕਾਂ ਨੂੰ ਦੂਸ਼ਿਤ ਹਵਾ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿੰਦਿਆਂ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਹਵਾ ਵਿੱਚ ਮੌਜੂਦ ਪ੍ਰਦੂਸ਼ਿਤ ਕਣ ਅਤੇ ਧੂੰਆਂ ਮਨੁੱਖਾਂ ਦੇ ਨਾਲ-ਨਾਲ ਪਸ਼ੂ-ਪੰਛੀਆਂ ਦੀ ਸਿਹਤ ਨੂੰ ਵੀ ਨੁਕਸਾਨ ਪਹੁੰਚਾਉਂਦੇ ਹਨ। ਲੰਮੇ ਸਮੇਂ ਤੱਕ ਪ੍ਰਦੂਸ਼ਿਤ ਵਾਤਾਵਰਣ ਵਿੱਚ ਰਹਿਣ ਨਾਲ ਸਿਰ ਦਰਦ, ਚੱਕਰ ਆਉਣਾ, ਅੱਖਾਂ ਵਿੱਚ ਜਲਣ, ਖੰਘ, ਸਾਹ ਲੈਣ ਵਿੱਚ ਤਕਲੀਫ਼ ਅਤੇ ਚਮੜੀ ਦੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਦਿਲ ਦੇ ਰੋਗਾਂ, ਫੇਫੜਿਆਂ ਦੀਆਂ ਗੰਭੀਰ ਬਿਮਾਰੀਆਂ ਅਤੇ ਫੇਫੜਿਆਂ ਦੇ ਕੈਂਸਰ ਦਾ ਖ਼ਤਰਾ ਵੀ ਵਧ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਪਰਾਲੀ, ਸੁੱਕੇ ਪੱਤਿਆਂ ਅਤੇ ਘਰੇਲੂ ਕੂੜੇ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਦੀ ਬਜਾਏ ਵੱਧ ਤੋਂ ਵੱਧ ਪੌਦੇ ਅਤੇ ਦਰੱਖਤ ਲਗਾਉਣੇ ਚਾਹੀਦੇ ਹਨ। ਬਾਹਰ ਨਿਕਲਣ ਤੋਂ ਪਹਿਲਾਂ ਹਵਾ ਦੀ ਗੁਣਵੱਤਾ ਬਾਰੇ ਜਾਣਕਾਰੀ ਲੈਣੀ ਚਾਹੀਦੀ ਹੈ। ਧੂੰਏਂ ਅਤੇ ਧੁੰਦ ਦੀ ਮਾਤਰਾ ਵਧਣ ਸਮੇਂ ਖ਼ਾਸ ਕਰਕੇ ਸਵੇਰੇ ਅਤੇ ਸ਼ਾਮ ਨੂੰ ਸੈਰ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਸਾਹ ਅਤੇ ਦਿਲ ਦੇ ਰੋਗੀਆਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਇਸ ਦੌਰਾਨ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ। ਡਾ. ਗੁਪਤਾ ਨੇ ਲੋਕਾਂ ਨੂੰ ਤੰਬਾਕੂਨੋਸ਼ੀ ਤੋਂ ਦੂਰ ਰਹਿਣ, ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਜਾਣ ਤੋਂ ਬਚਣ ਅਤੇ ਘਰਾਂ ਦੇ ਦਰਵਾਜ਼ੇ ਤੇ ਖਿੜਕੀਆਂ ਬੰਦ ਰੱਖਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਘਟਾਉਣ ਲਈ ਨਿੱਜੀ ਵਾਹਨਾਂ ਦੀ ਵਰਤੋਂ ਘੱਟ ਕਰਕੇ ਪੈਦਲ ਚੱਲਣ, ਸਾਈਕਲ ਚਲਾਉਣ ਅਤੇ ਜਨਤਕ ਆਵਾਜਾਈ ਦੇ ਸਾਧਨਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਇਸ ਮੌਕੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਸੁਧੀਰ ਧੀਰ ਅਤੇ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣਾ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰੇਕ ਨਾਗਰਿਕ ਦਾ ਫ਼ਰਜ਼ ਹੈ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਵਾਤਾਵਰਣ ਦੀ ਸੰਭਾਲ ਲਈ ਸਾਂਝੇ ਯਤਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਿਹਤ ਸੁਪਰਵਾਈਜ਼ਰ ਧਮਿੰਦਰ ਸਿੰਘ, ਹਰਭਜਨ ਸਿੰਘ, ਮਨਦੀਪ ਸਿੰਘ, ਜਗਵਿੰਦਰ ਸਿੰਘ ਜੱਗਾ ਅਤੇ ਕੌਸ਼ਲ ਕੁਮਾਰ ਵੀ ਹਾਜ਼ਰ ਸਨ।