ਪੰਜਾਬ ਸਰਕਾਰ ਨੇ ਵਾਅਦੇ ਪੂਰੇ ਕਰ ਕੇ ਜਿੱਤਿਆ ਲੋਕਾਂ ਦਾ ਭਰੋਸਾ : ਕੁਲਤਾਰ ਸਿੰਘ ਸੰਧਵਾਂ ਪੰਜਾਬ ਸਰਕਾਰ ਨੇ ਵਾਅਦੇ ਪੂਰੇ ਕਰਕੇ ਜਿੱਤਿਆ ਲੋਕਾਂ ਦਾ ਭਰੋਸਾ : ਕੁਲਤਾਰ ਸਿੰਘ ਸੰਧਵਾਂ
Publish Date: Wed, 11 Nov 2026 05:23 PM (IST)
Updated Date: Wed, 11 Nov 2026 05:24 PM (IST)
ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਤੇ ਕਿਸਾਨੀ ਦੇ ਖੇਤਰ ’ਚ ਹੋਏ ਕੰਮਾਂ ਦਾ ਕੀਤਾ ਜ਼ਿਕਰ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਬੀਤੇ ਦਿਨੀਂ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਰਾਮੇਆਣਾ ਵਿਖੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਧਰਮਜੀਤ ਸਿੰਘ ਰਾਮੇਆਣਾ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਧਰਮਜੀਤ ਸਿੰਘ ਰਾਮੇਆਣਾ ਦੀ ਅਗਵਾਈ ਹੇਠ ਪਾਰਟੀ ਆਗੂਆਂ, ਵਰਕਰਾਂ, ਸਮਰਥਕਾਂ, ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ‘ਪੰਜਾਬੀ ਜਾਗਰਣ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਰਕਾਰ ਦੇ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਨੂੰ ਲੋਕ-ਭਲਾਈ, ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੀ ਦਿਸ਼ਾ ਵਿੱਚ ਅਹਿਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਹਰ ਵਰਗ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਅਜਿਹੇ ਫ਼ੈਸਲੇ ਲਏ ਹਨ, ਜਿਨ੍ਹਾਂ ਦਾ ਲਾਭ ਸੂਬੇ ਦੇ ਲੱਖਾਂ ਪਰਿਵਾਰਾਂ ਤੱਕ ਪਹੁੰਚ ਰਿਹਾ ਹੈ। ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਸਿਰਫ਼ ਐਲਾਨਾਂ ਤੱਕ ਸੀਮਤ ਰੱਖਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਨੂੰ ਸਰਕਾਰ ਦੀ ਵੱਡੀ ਪ੍ਰਾਪਤੀ ਦੱਸਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਜਿੱਤਣਾ ਹੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਹਰ ਪਰਿਵਾਰ ਨੂੰ ਪ੍ਰਤੀ ਮਹੀਨਾ 300 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਦੇਣ ਨਾਲ ਆਮ ਅਤੇ ਮੱਧਵਰਗੀ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਇਸੇ ਤਰ੍ਹਾਂ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਨਾਲ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਸਮੇਂ ਆਰਥਿਕ ਬੋਝ ਤੋਂ ਰਾਹਤ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਸਿਹਤ ਸੇਵਾਵਾਂ ਨੂੰ ਘਰਾਂ ਦੇ ਨੇੜੇ ਪਹੁੰਚਾਉਣ ਲਈ ਸੂਬੇ ਵਿੱਚ 1090 ਆਮ ਆਦਮੀ ਮੁਹੱਲਾ ਕਲੀਨਿਕ ਸਥਾਪਤ ਕੀਤੇ ਗਏ ਹਨ, ਜਿੱਥੇ ਮੁਫ਼ਤ ਜਾਂਚਾਂ, ਦਵਾਈਆਂ ਅਤੇ ਮੁੱਢਲੀਆਂ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਮਹਿਲਾ ਸਸ਼ਕਤੀਕਰਨ ਦਾ ਜ਼ਿਕਰ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ ਹਰ ਮਹੀਨੇ 1000 ਤੋਂ 1500 ਰੁਪਏ ਦੇਣ ਦੀ ਯੋਜਨਾ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਵੱਲ ਅਹਿਮ ਕਦਮ ਹੈ। ਇਸ ਤੋਂ ਇਲਾਵਾ ਸਰਕਾਰੀ ਬੱਸਾਂ ਵਿੱਚ ਮਹਿਲਾਵਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਜਾਰੀ ਹੈ। ਬਜ਼ੁਰਗਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁਫ਼ਤ ਧਾਰਮਿਕ ਯਾਤਰਾ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਕਿਸਾਨਾਂ ਦੇ ਹਿੱਤਾਂ ਬਾਰੇ ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ 20 ਹਜ਼ਾਰ ਰੁਪਏ ਤੱਕ ਮੁਆਵਜ਼ਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਨਹਿਰਾਂ ਦੀ ਸਫ਼ਾਈ, ਮੁਰੰਮਤ ਅਤੇ ਨਹਿਰੀ ਪਾਣੀ ਦੀ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਖੇਤਾਂ ਤੱਕ ਪਾਣੀ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਸਬੰਧੀ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਯੋਗਤਾ ਦੇ ਆਧਾਰ ’ਤੇ ਬਿਨਾਂ ਰਿਸ਼ਵਤ ਅਤੇ ਸਿਫ਼ਾਰਸ਼ ਦੇ ਕਰੀਬ 72 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੇ ਨਾਲ ਨੌਜਵਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਨੂੰ ਰੋਕਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਸੜਕ ਸੁਰੱਖਿਆ ਫੋਰਸ (ਐੱਸ.ਐੱਸ.ਐੱਫ.) ਦਾ ਗਠਨ ਕੀਤਾ ਗਿਆ ਹੈ। ਸੂਬੇ ਵਿੱਚ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਨਾਲ-ਨਾਲ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ 3100 ਨਵੇਂ ਖੇਡ ਸਟੇਡੀਅਮ ਬਣਾਉਣ ਦੀ ਦਿਸ਼ਾ ਵਿੱਚ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨਾਂ ਨੂੰ ਬਿਹਤਰ ਖੇਡ ਸਹੂਲਤਾਂ ਮਿਲ ਸਕਣ। ਅੰਤ ਵਿੱਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਸੂਬੇ ਦੇ ਹਰ ਵਰਗ ਤੱਕ ਵਿਕਾਸ ਅਤੇ ਲੋਕ-ਭਲਾਈ ਦੀਆਂ ਸਹੂਲਤਾਂ ਪਹੁੰਚਾਉਣਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਕੰਮ ਕਰਦਿਆਂ ਪੰਜਾਬ ਨੂੰ ਤਰੱਕੀ, ਖੁਸ਼ਹਾਲੀ ਅਤੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਲਿਜਾਣ ਲਈ ਯਤਨਸ਼ੀਲ ਰਹੇਗੀ। ਇਸ ਮੌਕੇ ਧਰਮਜੀਤ ਸਿੰਘ ਰਾਮੇਆਣਾ ਦੇ ਮਾਤਾ ਬਲਵਿੰਦਰ ਕੌਰ, ਪਤਨੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀਰਪਾਲ ਕੌਰ, ਭਰਾ ਸਰਬਜੀਤ ਸਿੰਘ ਸਰਬਾ , ਭਰਜਾਈ ਕਮਲਜੀਤ ਕੌਰ ਅਤੇ ਭਤੀਜਾ ਰੱਖਣਜੋਤ ਸਿੰਘ ਤੋਂ ਇਲਾਵਾ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ਉਡੀਕ ਸਿੰਘ ਮਲਹੋਤਰਾ, ਨਿਰਮਲ ਸਿੰਘ ਧਾਲੀਵਾਲ, ਅਮਨਦੀਪ ਸਿੰਘ ਅਮਨਾ ਧਾਲੀਵਾਲ , ਗੁਰਪ੍ਰੀਤ ਸਿੰਘ ਮਲਹੋਤਰਾ, ਨੰਬਰਦਾਰ ਰਣਜੀਤ ਸਿੰਘ, ਪਰਮਜੀਤ ਸਿੰਘ ਪੰਮਾ ਧਾਲੀਵਾਲ , ਬਲਦੇਵ ਸਿੰਘ ਸੰਧੂ ਬੇਦਾ ਭਾਉ , ਪੰਚ ਸੰਤ ਰਾਮ, ਪੰਚ ਹਰਜੀਤ ਸਿੰਘ ਸੋਢੀ, ਪੰਚ ਸੁਖਦੇਵ ਸਿੰਘ ਬਰਾੜ, ਪੰਚ ਗੁਰਚੇਤਨ ਸਿੰਘ ਗਿੱਲ, ਪੰਚ ਦੀਪਾ ਸਿੰਘ, ਗੁਰਮੇਲ ਸਿੰਘ ਵਾਂਦਰ, ਬਲਤੇਜ ਸਿੰਘ ਸਰਾਂ, ਸੀਰਾ ਸਿੰਘ ਵਾਂਦਰ, ਦਵਿੰਦਰ ਸਿੰਘ ਵਾਂਦਰ, ਗੁਰਭਜਨ ਸਿੰਘ ਮਾਨ ਰੋੜੀਕਪੂਰਾ ਆਦਿ ਹਾਜ਼ਰ ਸਨ।