ਕਿਸ਼ੋਰਾਂ ਨੂੰ ਸਹੀ ਸੇਧ ਦੇਣ ਲਈ ਸਕੂਲਾਂ ਦੀ ਭੂਮਿਕਾ ਅਹਿਮ : ਅੰਜਨਾ ਕੌਸ਼ਲ ਕਿਸ਼ੋਰਾਂ ਨੂੰ ਸਹੀ ਸੇਧ ਦੇਣ ਲਈ ਸਕੂਲਾਂ ਦੀ ਭੂਮਿਕਾ ਅਹਿਮ : ਅੰਜਨਾ ਕੌਸ਼ਲ
Publish Date: Thu, 12 Nov 2026 03:33 PM (IST)
Updated Date: Thu, 12 Nov 2026 03:36 PM (IST)
ਕਿਸ਼ੋਰ ਸਿੱਖਿਆ ਤੇ ਐੱਚਆਈਵੀ/ਏਡਜ਼ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਕਿਸ਼ੋਰ ਅਵਸਥਾ ਦੌਰਾਨ ਬੱਚਿਆਂ ਦੇ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਜੀਵਨ ਵਿੱਚ ਆਉਣ ਵਾਲੀਆਂ ਤਬਦੀਲੀਆਂ ਨੂੰ ਸਮਝਣਾ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨਾ ਸਿੱਖਿਆ ਪ੍ਰਣਾਲੀ ਦੀ ਅਹਿਮ ਜ਼ਿੰਮੇਵਾਰੀ ਹੈ। ਇਸੇ ਉਦੇਸ਼ ਤਹਿਤ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਐੱਸ.ਐੱਸ.ਬੀ.ਪੀ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਨੋਡਲ ਅਧਿਆਪਕਾਂ ਲਈ ਕਿਸ਼ੋਰ ਸਿੱਖਿਆ ਪ੍ਰੋਗਰਾਮ (ਏਈਪੀ) ਅਤੇ ਐੱਚਆਈਵੀ/ਏਡਜ਼ ਜਾਗਰੂਕਤਾ ਵਿਸ਼ੇ ’ਤੇ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਐਡਵੋਕੇਸੀ ਵਰਕਸ਼ਾਪ ਕਰਵਾਈ ਗਈ। ਇਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਅੰਜਨਾ ਕੌਸ਼ਲ ਨੇ ਕਿਹਾ ਕਿ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਤੇ ਐੱਚਆਈਵੀ/ਏਡਜ਼ ਸਬੰਧੀ ਜਾਗਰੂਕਤਾ ਵਿਦਿਆਰਥੀਆਂ ਨੂੰ ਸੁਰੱਖਿਅਤ, ਸਿਹਤਮੰਦ ਅਤੇ ਜ਼ਿੰਮੇਵਾਰ ਜੀਵਨ ਜਿਊਣ ਲਈ ਤਿਆਰ ਕਰਨ ਦਾ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਵਿੱਚ ਪ੍ਰਾਈਵੇਟ ਸਕੂਲਾਂ ਦੀ ਭੂਮਿਕਾ ਵੀ ਸਰਕਾਰੀ ਸਕੂਲਾਂ ਦੇ ਬਰਾਬਰ ਅਹਿਮ ਹੈ। ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਵਿਦਿਆਰਥੀਆਂ ਨਾਲ ਸੰਵੇਦਨਸ਼ੀਲ ਵਿਸ਼ਿਆਂ ’ਤੇ ਖੁੱਲ੍ਹ ਕੇ ਗੱਲਬਾਤ ਕਰਨ ਅਤੇ ਉਨ੍ਹਾਂ ਦੇ ਮਨਾਂ ਵਿੱਚ ਪੈਦਾ ਹੋਣ ਵਾਲੇ ਸਵਾਲਾਂ ਤੇ ਭੁਲੇਖਿਆਂ ਦਾ ਸਹੀ ਜਵਾਬ ਦੇਣ। ਉਨ੍ਹਾਂ ਸਮੂਹ ਸਕੂਲ ਮੁਖੀਆਂ ਨੂੰ ਆਪਣੇ ਅਦਾਰਿਆਂ ਵਿੱਚ ਏਈਪੀ ਦੀਆਂ ਗਤੀਵਿਧੀਆਂ ਨਿਯਮਤ ਤੌਰ ’ਤੇ ਲਾਗੂ ਕਰਨ ਦੀ ਅਪੀਲ ਕੀਤੀ। ਜ਼ਿਲ੍ਹਾ ਨੋਡਲ ਅਫ਼ਸਰ ਮਨਿੰਦਰ ਕੌਰ ਨੇ ਵਰਕਸ਼ਾਪ ਦੀ ਸ਼ੁਰੂਆਤ ਕਰਦਿਆਂ ਭਾਗੀਦਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਕਿਸ਼ੋਰ ਅਵਸਥਾ ਬੱਚਿਆਂ ਦੇ ਜੀਵਨ ਦਾ ਅਜਿਹਾ ਪੜਾਅ ਹੈ, ਜਦੋਂ ਉਨ੍ਹਾਂ ਨੂੰ ਸਹੀ ਜਾਣਕਾਰੀ, ਭਰੋਸੇਮੰਦ ਮਾਰਗਦਰਸ਼ਨ ਅਤੇ ਉਸਾਰੂ ਮਾਹੌਲ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ। ਉਨ੍ਹਾਂ ਵਿਹਾਰਕ ਗਤੀਵਿਧੀਆਂ ਰਾਹੀਂ ਸਕੂਲਾਂ ਵਿੱਚ ਕਿਸ਼ੋਰ ਸਿੱਖਿਆ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਵਰਕਸ਼ਾਪ ਦੇ ਮੁੱਖ ਬੁਲਾਰੇ ਕਲੱਸਟਰ ਪ੍ਰੋਗਰਾਮ ਮੈਨੇਜਰ ਡਾ. ਅੰਮ੍ਰਿਤਪਾਲ ਸਿੰਘ ਨੇ ਕਿਸ਼ੋਰਾਂ ਨੂੰ ਦਰਪੇਸ਼ ਸਮੱਸਿਆਵਾਂ, ਨਸ਼ਿਆਂ ਤੋਂ ਬਚਾਅ, ਸਿਹਤ ਸਬੰਧੀ ਜਾਗਰੂਕਤਾ ਅਤੇ ਐੱਚਆਈਵੀ/ਏਡਜ਼ ਵਰਗੀਆਂ ਬਿਮਾਰੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਆਪਣੇ ਵਿਚਾਰਾਂ ਅਤੇ ਵਿਹਾਰਕ ਉਦਾਹਰਨਾਂ ਰਾਹੀਂ ਅਧਿਆਪਕਾਂ ਨੂੰ ਸਮਝਾਇਆ ਕਿ ਵਿਦਿਆਰਥੀਆਂ ਤੱਕ ਸਹੀ ਜਾਣਕਾਰੀ ਪਹੁੰਚਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਅਧਿਆਪਕਾਂ ਦਾ ਸੰਵੇਦਨਸ਼ੀਲ ਹੋਣਾ ਕਿੰਨਾ ਜ਼ਰੂਰੀ ਹੈ। ਇਸ ਮੌਕੇ ਟੀਬੀ ਵਿਭਾਗ ਤੋਂ ਡਾ. ਹਰਮੀਤ ਸਿੰਘ ਨੇ ਸਕੂਲ ਹੈਲਥ ਪ੍ਰੋਗਰਾਮ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਸਿਹਤ ਦਾ ਮਤਲਬ ਸਿਰਫ਼ ਸਰੀਰਕ ਤੰਦਰੁਸਤੀ ਨਹੀਂ, ਸਗੋਂ ਉਨ੍ਹਾਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਵੀ ਇਸ ਦਾ ਅਹਿਮ ਹਿੱਸਾ ਹੈ। ਉਨ੍ਹਾਂ ਸਕੂਲਾਂ ਵਿੱਚ ਸਿਹਤ ਜਾਗਰੂਕਤਾ ਗਤੀਵਿਧੀਆਂ, ਨਿਯਮਤ ਸਿਹਤ ਜਾਂਚ ਅਤੇ ਚੈੱਕਅੱਪ ਕੈਂਪ ਲਗਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਕੂਲੀ ਪੱਧਰ ’ਤੇ ਸਿਹਤਮੰਦ ਜੀਵਨ ਸ਼ੈਲੀ ਅਤੇ ਬਿਮਾਰੀਆਂ ਤੋਂ ਬਚਾਅ ਬਾਰੇ ਦਿੱਤੀ ਜਾਣ ਵਾਲੀ ਜਾਣਕਾਰੀ ਬੱਚਿਆਂ ਦੇ ਭਵਿੱਖ ਲਈ ਲਾਹੇਵੰਦ ਸਾਬਤ ਹੋ ਸਕਦੀ ਹੈ। ਮੇਜ਼ਬਾਨ ਸਕੂਲ ਦੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨਾਲ ਜੁੜੇ ਵਿਸ਼ਿਆਂ ’ਤੇ ਅਜਿਹੀਆਂ ਵਰਕਸ਼ਾਪਾਂ ਸਮੇਂ ਦੀ ਲੋੜ ਹਨ। ਉਨ੍ਹਾਂ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਸਕੂਲ ਨੂੰ ਇਸ ਮਹੱਤਵਪੂਰਨ ਪ੍ਰੋਗਰਾਮ ਦੀ ਮੇਜ਼ਬਾਨੀ ਦਾ ਮੌਕਾ ਦੇਣ ਲਈ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਅਜਿਹੇ ਵਿਦਿਅਕ ਤੇ ਸਮਾਜਿਕ ਉਪਰਾਲਿਆਂ ਵਿੱਚ ਸਹਿਯੋਗ ਜਾਰੀ ਰੱਖਣ ਦਾ ਭਰੋਸਾ ਦਿੱਤਾ। ਵਰਕਸ਼ਾਪ ਦੌਰਾਨ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਇਸ ਨੂੰ ਜਾਣਕਾਰੀ ਭਰਪੂਰ ਅਤੇ ਵਿਹਾਰਕ ਪੱਖੋਂ ਲਾਹੇਵੰਦ ਕਰਾਰ ਦਿੰਦਿਆਂ ਕਿਹਾ ਕਿ ਇਸ ਰਾਹੀਂ ਉਨ੍ਹਾਂ ਨੂੰ ਸਕੂਲਾਂ ਵਿੱਚ ਕਿਸ਼ੋਰ ਸਿੱਖਿਆ ਪ੍ਰੋਗਰਾਮ ਨੂੰ ਲਾਗੂ ਕਰਨ ਸਬੰਧੀ ਨਵੀਂ ਜਾਣਕਾਰੀ ਪ੍ਰਾਪਤ ਹੋਈ ਹੈ। ਉਨ੍ਹਾਂ ਜ਼ਿਲ੍ਹਾ ਸਿੱਖਿਆ ਦਫ਼ਤਰ ਨੂੰ ਭਰੋਸਾ ਦਿਵਾਇਆ ਕਿ ਵਰਕਸ਼ਾਪ ਦੌਰਾਨ ਦਿੱਤੀਆਂ ਹਦਾਇਤਾਂ ਅਤੇ ਜਾਣਕਾਰੀ ਨੂੰ ਆਪਣੇ ਸਕੂਲਾਂ ਵਿੱਚ ਲਾਗੂ ਕਰਨ ਲਈ ਯਤਨ ਕੀਤੇ ਜਾਣਗੇ। ਸਮਾਗਮ ਦੇ ਸੁਚਾਰੂ ਪ੍ਰਬੰਧਾਂ ਵਿੱਚ ਸਹਾਇਕ ਨੋਡਲ ਅਫ਼ਸਰ ਜਸਬੀਰ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਵੱਲੋਂ ਰਜਿਸਟ੍ਰੇਸ਼ਨ, ਸਟੇਸ਼ਨਰੀ, ਬੈਠਕ, ਚਾਹ-ਨਾਸ਼ਤੇ ਅਤੇ ਦੁਪਹਿਰ ਦੇ ਖਾਣੇ ਸਮੇਤ ਸਾਰੇ ਪ੍ਰਬੰਧ ਕੀਤੇ ਗਏ। ਅੰਤ ਵਿੱਚ ਜਸਬੀਰ ਸਿੰਘ ਨੇ ਸਮੂਹ ਭਾਗੀਦਾਰਾਂ ਦਾ ਧੰਨਵਾਦ ਕੀਤਾ। ਜ਼ਿਲ੍ਹਾ ਨੋਡਲ ਅਫ਼ਸਰ ਵੱਲੋਂ ਵਰਕਸ਼ਾਪ ਲਈ ਹਾਈਟੈਕ ਹਾਲ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰਿੰਸੀਪਲ ਮਨਪ੍ਰੀਤ ਸਿੰਘ ਅਤੇ ਸਕੂਲ ਸਟਾਫ਼ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ।