- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਮੁਕਤੀ ਤੇ ਸਿਹਤ ਸੇਵਾਵਾਂ ਦੇ ਮੁੱਦੇ ’ਤੇ ਅਰਸ਼ ਸੱਚਰ ਨੇ ਖਿੱਚੀ ਸਿਆਸੀ ਲਕੀਰ, ਛੇ ਮਹੀਨਿਆਂ ਦੀ ਦਿੱਤੀ ਮੋਹਲਤ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਅਰਸ਼ ਸੱਚਰ ਨੇ ਫ਼ਰੀਦਕੋਟ ਹਲਕੇ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਸਰਕਾਰੀ ਸਿਹਤ ਸੇਵਾਵਾਂ ਨੂੰ ਚੋਣ ਮੁੱਦਿਆਂ ਵਜੋਂ ਉਭਾਰਦਿਆਂ ਲੋਕਾਂ ਨਾਲ ਇੱਕ ਅਹਿਮ ਵਾਅਦਾ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਉਹ ਵਿਧਾਇਕ ਚੁਣੇ ਜਾਂਦੇ ਹਨ ਤਾਂ ਅਹੁਦਾ ਸੰਭਾਲਣ ਦੇ ਪਹਿਲੇ ਛੇ ਮਹੀਨਿਆਂ ਅੰਦਰ ਨਸ਼ਿਆਂ ਦੇ ਖਾਤਮੇ ਅਤੇ ਸਿਹਤ ਸੇਵਾਵਾਂ ਵਿੱਚ ਠੋਸ ਸੁਧਾਰ ਲਈ ਨਿਰਧਾਰਤ ਟੀਚੇ ਪੂਰੇ ਕਰਨਗੇ। ਅਜਿਹਾ ਨਾ ਕਰ ਸਕਣ ਦੀ ਸੂਰਤ ਵਿੱਚ ਉਹ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਅਰਸ਼ ਸੱਚਰ ਨੇ ਆਪਣੇ ਇਸ ਐਲਾਨ ਰਾਹੀਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਿਆਸੀ ਤਰਜੀਹ ਸਿਰਫ਼ ਚੋਣ ਜਿੱਤਣਾ ਜਾਂ ਅਹੁਦਾ ਹਾਸਲ ਕਰਨਾ ਨਹੀਂ, ਸਗੋਂ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਮਾਰ ਨੇ ਨੌਜਵਾਨ ਪੀੜ੍ਹੀ ਅਤੇ ਅਨੇਕਾਂ ਪਰਿਵਾਰਾਂ ਨੂੰ ਪ੍ਰਭਾਵਿਤ ਕੀਤਾ ਹੈ, ਜਦਕਿ ਸਰਕਾਰੀ ਹਸਪਤਾਲਾਂ ਵਿੱਚ ਬਿਹਤਰ ਇਲਾਜ ਅਤੇ ਸਿਹਤ ਸਹੂਲਤਾਂ ਦੀ ਉਪਲਬਧਤਾ ਆਮ ਲੋਕਾਂ ਦੀ ਵੱਡੀ ਲੋੜ ਹੈ। ਇਨ੍ਹਾਂ ਦੋਵਾਂ ਖੇਤਰਾਂ ਵਿੱਚ ਸੁਧਾਰ ਨੂੰ ਉਹ ਆਪਣੀ ਪਹਿਲੀ ਜ਼ਿੰਮੇਵਾਰੀ ਮੰਨਦੇ ਹਨ। ਉਨ੍ਹਾਂ ਆਪਣੇ ਬਿਆਨ ਵਿੱਚ ਕਿਹਾ ਕਿ ਜਨਤਾ ਵੱਲੋਂ ਚੁਣਿਆ ਗਿਆ ਨੁਮਾਇੰਦਾ ਲੋਕਾਂ ਪ੍ਰਤੀ ਜਵਾਬਦੇਹ ਹੁੰਦਾ ਹੈ ਅਤੇ ਉਸ ਨੂੰ ਆਪਣੇ ਵਾਅਦਿਆਂ ਦਾ ਹਿਸਾਬ ਦੇਣ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ। ਇਸੇ ਸੋਚ ਤਹਿਤ ਉਨ੍ਹਾਂ ਛੇ ਮਹੀਨਿਆਂ ਦੀ ਸਮਾਂ-ਸੀਮਾ ਤੈਅ ਕਰਦਿਆਂ ਅਸਫਲ ਰਹਿਣ ’ਤੇ ਅਸਤੀਫ਼ਾ ਦੇਣ ਦੀ ਗੱਲ ਆਖੀ ਹੈ। ਸੱਚਰ ਨੇ ਫ਼ਰੀਦਕੋਟ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਇਸ ਵਾਅਦੇ ਨੂੰ ਯਾਦ ਰੱਖਣ ਅਤੇ ਜੇਕਰ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਮਿਲਦਾ ਹੈ ਤਾਂ ਛੇ ਮਹੀਨਿਆਂ ਬਾਅਦ ਉਨ੍ਹਾਂ ਤੋਂ ਕੀਤੇ ਵਾਅਦਿਆਂ ਦਾ ਹਿਸਾਬ ਜ਼ਰੂਰ ਮੰਗਣ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਕਿਸੇ ਵੀ ਸਿਆਸੀ ਅਹੁਦੇ ਨਾਲੋਂ ਵੱਡਾ ਹੈ ਅਤੇ ਫ਼ਰੀਦਕੋਟ ਦੇ ਲੋਕਾਂ ਪ੍ਰਤੀ ਜਵਾਬਦੇਹ ਰਹਿਣਾ ਉਨ੍ਹਾਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੋਵੇਗੀ।