ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਤ ਰਿਸ਼ੀ ਰਾਮ ਜੀ ਤੋਂ ਲਿਆ ਅਸ਼ੀਰਵਾਦ ਵਿਵੇਕ ਆਸ਼ਰਮ ਜੈਤੋ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਤ ਰਿਸ਼ੀ ਰਾਮ ਜੀ ਤੋਂ ਲਿਆ ਅਸ਼ੀਰਵਾਦ
Publish Date: Thu, 12 Nov 2026 03:37 PM (IST)
Updated Date: Thu, 12 Nov 2026 03:39 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਵਿਵੇਕ ਆਸ਼ਰਮ, ਚੈਨਾ ਰੋਡ, ਜੈਤੋ ਵਿਖੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ (ਰਜਿ.), ਚੈਨਾ ਰੋਡ, ਜੈਤੋ ਦੇ ਪ੍ਰਧਾਨ, ਮਾਤਾ ਅਮਰ ਕੌਰ ਅੱਖਾਂ ਦੇ ਹਸਪਤਾਲ ਦੇ ਸੰਚਾਲਕ, ਨਿਊ ਗੰਗਸਰ ਸਪੋਰਟਸ ਕਲੱਬ ਜੈਤੋ ਅਤੇ ਮਾਨਵ ਕਲਿਆਣ ਸੇਵਾ ਸੰਮਤੀ ਜੈਤੋ ਦੇ ਸਰਪ੍ਰਸਤ ਸੰਤ ਰਿਸ਼ੀ ਰਾਮ ਜੀ ਜਲਾਲ ਵਾਲਿਆਂ ਦੀ ਅਗਵਾਈ ਹੇਠ ਇਕੱਤਰ ਹੋਈ ਵੱਡੀ ਗਿਣਤੀ ਵਿੱਚ ਸੰਗਤ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੰਤ ਰਿਸ਼ੀ ਰਾਮ ਜੀ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਤ ਰਿਸ਼ੀ ਰਾਮ ਜੀ ਤੋਂ ਅਸ਼ੀਰਵਾਦ ਵੀ ਪ੍ਰਾਪਤ ਕੀਤਾ। ਉਨ੍ਹਾਂ ਨੇ ਸੰਤ ਰਿਸ਼ੀ ਰਾਮ ਜੀ ਵੱਲੋਂ ਦਿੱਤੇ ਗਏ ਪਿਆਰ, ਸਤਿਕਾਰ ਅਤੇ ਮਾਣ-ਸਨਮਾਨ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਮਿਲਿਆ ਆਪਣਾਪਣ ਅਤੇ ਸਨੇਹ ਹਮੇਸ਼ਾ ਯਾਦ ਰਹੇਗਾ। ਇਸ ਉਪਰੰਤ ਕੁਲਤਾਰ ਸਿੰਘ ਸੰਧਵਾਂ ਨੇ ਵਿਵੇਕ ਆਸ਼ਰਮ ਵਿਖੇ ਲੋਕ ਭਲਾਈ ਲਈ ਚਲਾਏ ਜਾ ਰਹੇ ਵੱਖ-ਵੱਖ ਸੇਵਾ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮਾਤਾ ਅਮਰ ਕੌਰ ਅੱਖਾਂ ਦੇ ਹਸਪਤਾਲ ਦਾ ਦੌਰਾ ਕਰਦਿਆਂ ਉੱਥੇ ਇਲਾਜ ਕਰਵਾ ਰਹੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਆਸ਼ਰਮ ਦੀ ਗਊਸ਼ਾਲਾ ਅਤੇ ਲੰਗਰ ਵਿਵਸਥਾ ਦਾ ਵੀ ਦੌਰਾ ਕੀਤਾ ਅਤੇ ਇਨ੍ਹਾਂ ਸੇਵਾਵਾਂ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਵੇਕ ਆਸ਼ਰਮ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਵਿੱਚ ਅਜਿਹੀਆਂ ਸੰਸਥਾਵਾਂ ਦੀ ਬਹੁਤ ਅਹਿਮ ਭੂਮਿਕਾ ਹੈ, ਜੋ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਹੋ ਕੇ ਲੋੜਵੰਦਾਂ ਦੀ ਸਹਾਇਤਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ, ਗਊਆਂ ਦੀ ਸੇਵਾ-ਸੰਭਾਲ ਕਰਨਾ ਅਤੇ ਲੰਗਰ ਰਾਹੀਂ ਲੋੜਵੰਦਾਂ ਤੇ ਸੰਗਤ ਦੀ ਸੇਵਾ ਕਰਨਾ ਬੇਹੱਦ ਸ਼ਲਾਘਾਯੋਗ ਉਪਰਾਲੇ ਹਨ। ਅਜਿਹੇ ਨਿਸ਼ਕਾਮ ਸੇਵਾ ਕਾਰਜ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਮਾਨਵਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸੰਤ ਰਿਸ਼ੀ ਰਾਮ ਜੀ ਦੀ ਅਗਵਾਈ ਹੇਠ ਆਸ਼ਰਮ ਵੱਲੋਂ ਕੀਤੇ ਜਾ ਰਹੇ ਇਹ ਉਪਰਾਲੇ ਸਮਾਜ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਨੇ ਆਸ਼ਰਮ ਦੇ ਪ੍ਰਬੰਧਕਾਂ ਵੱਲੋਂ ਲੋਕ ਭਲਾਈ ਦੇ ਕਾਰਜਾਂ ਨੂੰ ਸਮਰਪਿਤ ਭਾਵਨਾ ਨਾਲ ਨਿਰੰਤਰ ਚਲਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਅਜਿਹੇ ਨੇਕ ਉਪਰਾਲਿਆਂ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਜੋ ਵੱਧ ਤੋਂ ਵੱਧ ਲੋੜਵੰਦ ਲੋਕਾਂ ਤੱਕ ਸਹਾਇਤਾ ਅਤੇ ਸਹੂਲਤਾਂ ਪਹੁੰਚਾਈਆਂ ਜਾ ਸਕਣ। ਇਸ ਮੌਕੇ ਮਾਤਾ ਰਜਨੀ ਦੇਵੀ ਜੀ, ਜਲ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਧਰਮਜੀਤ ਸਿੰਘ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਅਤੇ ਮੀਤ ਪ੍ਰਧਾਨ ਡਾ. ਲਛਮਣ ਸ਼ਰਮਾ ਭਗਤੂਆਣਾ, ਸਤਵਿੰਦਰਪਾਲ ਸਿੰਘ ਸੱਤੀ ਅੰਗਰੋਈਆ, ਤੇਜਿੰਦਰ ਸਿੰਘ ਬਰਾੜ ਕਰੀਰਵਾਲੀ ਸਮੇਤ ਹੋਰ ਪਤਵੰਤੇ ਸੱਜਣ ਅਤੇ ਸੰਗਤ ਹਾਜ਼ਰ ਸਨ।