- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਵਾਨੀ ਸੰਭਾਲ ਸਾਈਕਲ ਯਾਤਰਾ’ 16 ਨਵੰਬਰ ਨੂੰ ਜੈਤੋ ਪਹੁੰਚੇਗੀ : ਰਾਜਦੀਪ ਔਲਖ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਉਭਾਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਪ੍ਰਤੀ ਸਰਕਾਰ ਤੇ ਸਮਾਜ ਦਾ ਧਿਆਨ ਖਿੱਚਣ ਦੇ ਮਕਸਦ ਨਾਲ ਅੱਜ 12 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ ਹੈ। 19 ਨਵੰਬਰ ਤੱਕ ਚੱਲਣ ਵਾਲੀ ਇਹ ਯਾਤਰਾ ਪੰਜਾਬ ਦੇ 23 ਵਿਧਾਨ ਸਭਾ ਹਲਕਿਆਂ ਵਿੱਚੋਂ ਗੁਜ਼ਰੇਗੀ। ਇਸੇ ਲੜੀ ਤਹਿਤ ਇਹ ਯਾਤਰਾ 16 ਨਵੰਬਰ, ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਵਿਧਾਨ ਸਭਾ ਹਲਕਾ ਜੈਤੋ ਵਿਖੇ ਪਹੁੰਚੇਗੀ। ਇਸ ਸਾਈਕਲ ਯਾਤਰਾ ਦਾ ਮੁੱਖ ਉਦੇਸ਼ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਵਰਗੀਆਂ ਗੰਭੀਰ ਸਮਾਜਿਕ ਤੇ ਪ੍ਰਸ਼ਾਸਨਿਕ ਚੁਣੌਤੀਆਂ ਤੋਂ ਬਚਾਉਣ ਲਈ ਜਾਗਰੂਕਤਾ ਪੈਦਾ ਕਰਨਾ ਅਤੇ ਨੌਜਵਾਨਾਂ ਦੇ ਹੱਕਾਂ ਤੇ ਸੁਨਹਿਰੀ ਭਵਿੱਖ ਲਈ ਆਵਾਜ਼ ਬੁਲੰਦ ਕਰਨਾ ਹੈ। ਯਾਤਰਾ ਦੌਰਾਨ ਨੌਜਵਾਨਾਂ ਨੂੰ ਦਰਪੇਸ਼ ਮੁਸ਼ਕਲਾਂ, ਰੁਜ਼ਗਾਰ ਦੇ ਮੌਕਿਆਂ, ਸਿੱਖਿਆ, ਖੇਡਾਂ ਅਤੇ ਸਮਾਜਿਕ ਸੁਰੱਖਿਆ ਵਰਗੇ ਅਹਿਮ ਵਿਸ਼ਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਹਲਕਾ ਜੈਤੋ ਵਿੱਚ ਪਹੁੰਚਣ ਉਪਰੰਤ ਇਹ ਯਾਤਰਾ ਪਿੰਡ ਸਰਾਵਾਂ, ਗੁਰੂਸਰ, ਬਹਿਬਲ ਕਲਾਂ (ਨਿਆਮੀਵਾਲਾ) ਅਤੇ ਬਰਗਾੜੀ ਸਮੇਤ ਵੱਖ-ਵੱਖ ਪਿੰਡਾਂ ਵਿੱਚ ਜਾਵੇਗੀ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਸ਼ਹੀਦ ਹੋਏ ਭਾਈ ਗੁਰਜੀਤ ਸਿੰਘ ਸਰਾਂਵਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਵੀ ਕਰਨਗੇ। ਇਸ ਸਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਟਰੱਕ ਯੂਨੀਅਨ ਜੈਤੋ ਦੇ ਸਾਬਕਾ ਪ੍ਰਧਾਨ, ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ ਅਤੇ ਪਿੰਡ ਰਾਮੇਆਣਾ ਦੇ ਸਰਪੰਚ ਰਾਜਦੀਪ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਸੂਬੇ ਦਾ ਸਭ ਤੋਂ ਕੀਮਤੀ ਸਰਮਾਇਆ ਹੈ ਅਤੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਨਾਲ ਹੀ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਵਧ ਰਿਹਾ ਪ੍ਰਕੋਪ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਕਾਨੂੰਨ ਵਿਵਸਥਾ ਨਾਲ ਜੁੜੀਆਂ ਚੁਣੌਤੀਆਂ ਨੌਜਵਾਨਾਂ ਦੇ ਭਵਿੱਖ ਲਈ ਚਿੰਤਾ ਦਾ ਵਿਸ਼ਾ ਹਨ। ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸਾਂਝੇ ਅਤੇ ਗੰਭੀਰ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਚੰਗੀ ਸਿੱਖਿਆ, ਸਮਾਜ ਸੇਵਾ ਅਤੇ ਉਸਾਰੂ ਗਤੀਵਿਧੀਆਂ ਨਾਲ ਜੁੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮਾਪਿਆਂ, ਅਧਿਆਪਕਾਂ ਅਤੇ ਸਮਾਜ ਦੇ ਹਰ ਵਰਗ ਨੂੰ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਸਰਪੰਚ ਰਾਜਦੀਪ ਸਿੰਘ ਔਲਖ ਨੇ ਦੱਸਿਆ ਕਿ 16 ਨਵੰਬਰ ਨੂੰ ਇਹ ਯਾਤਰਾ ਪਿੰਡ ਰੋਮਾਣਾ ਅਲਬੇਲ ਸਿੰਘ ਵਿਖੇ ਵੀ ਪਹੁੰਚੇਗੀ। ਉਨ੍ਹਾਂ ਜੈਤੋ ਇਲਾਕੇ ਅਤੇ ਫ਼ਰੀਦਕੋਟ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਸ ਯਾਤਰਾ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਅਤੇ ਉਸ ਦੇ ਬਿਹਤਰ ਭਵਿੱਖ ਲਈ ਆਵਾਜ਼ ਉਠਾਉਣਾ ਸਮੇਂ ਦੀ ਮੁੱਖ ਲੋੜ ਹੈ।