- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2027 ’ਚ ਕਾਂਗਰਸ ਨੂੰ ਮਿਲੇਗਾ ਵੱਡਾ ਫਤਵਾ : ਕੈਪਟਨ ਸੰਦੀਪ ਸੰਧੂ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿੱਚ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਭਵਨ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸੂਬੇ ਵਿੱਚ ਸੱਤਾ ਤਬਦੀਲੀ ਦਾ ਮਨ ਬਣਾ ਚੁੱਕੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਵੱਡਾ ਫਤਵਾ ਦੇਣਗੇ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਕੈਪਟਨ ਸੰਦੀਪ ਸਿੰਘ ਸੰਧੂ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਸਰਕਾਰ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਦੇ ਵੱਡੇ-ਵੱਡੇ ਐਲਾਨਾਂ ਦੇ ਬਾਵਜੂਦ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਮੈਡੀਕਲ ਨਸ਼ਿਆਂ ਤੋਂ ਲੈ ਕੇ ਚਿੱਟੇ ਤੱਕ ਦਾ ਫੈਲਾਅ ਨੌਜਵਾਨ ਪੀੜ੍ਹੀ ਦੇ ਭਵਿੱਖ ਲਈ ਵੱਡੀ ਚੁਣੌਤੀ ਬਣਿਆ ਹੋਇਆ ਹੈ। ਉਨ੍ਹਾਂ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਗੋਲੀਬਾਰੀ ਅਤੇ ਹੋਰ ਅਪਰਾਧਿਕ ਘਟਨਾਵਾਂ ਕਾਰਨ ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਇਸੇ ਤਰ੍ਹਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਸੜਕਾਂ ’ਤੇ ਸੰਘਰਸ਼ ਕਰਨ ਅਤੇ ਅਦਾਲਤਾਂ ਦੇ ਚੱਕਰ ਲਗਾਉਣੇ ਪੈ ਰਹੇ ਹਨ। ਕੈਪਟਨ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਦੀ ਬਜਾਏ ਸਰਕਾਰ ਵੱਲੋਂ ਸੁਪਰੀਮ ਕੋਰਟ ਤੱਕ ਪਹੁੰਚ ਕਰਨਾ ਉਸ ਦੀ ਮੁਲਾਜ਼ਮਾਂ ਪ੍ਰਤੀ ਨੀਤੀ ’ਤੇ ਸਵਾਲ ਖੜ੍ਹੇ ਕਰਦਾ ਹੈ। ਸਰਕਾਰ ਦੀ ਇਸ਼ਤਿਹਾਰਬਾਜ਼ੀ ਨੀਤੀ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਦੇ ਟੈਕਸਾਂ ਦਾ ਪੈਸਾ ਜਨਤਕ ਥਾਵਾਂ ’ਤੇ ਇਸ਼ਤਿਹਾਰ ਲਗਾਉਣ ਅਤੇ ਦੂਜੇ ਸੂਬਿਆਂ ਵਿੱਚ ਪ੍ਰਚਾਰ ਕਰਨ ਲਈ ਖਰਚਿਆ ਜਾ ਰਿਹਾ ਹੈ, ਜਦਕਿ ਪੰਜਾਬ ਦੇ ਬੁਨਿਆਦੀ ਮਸਲੇ ਅਜੇ ਵੀ ਹੱਲ ਦੀ ਉਡੀਕ ਕਰ ਰਹੇ ਹਨ। ਕੈਪਟਨ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਅਤੇ ਵਰਕਰ ਲਗਾਤਾਰ ਲੋਕਾਂ ਤੱਕ ਪਹੁੰਚ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਜਾਣੂ ਕਰਵਾ ਰਹੇ ਹਨ। ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਰਾਖੀ ਲਈ ਵਚਨਬੱਧ ਲੋਕ 2027 ਦੀਆਂ ਚੋਣਾਂ ਵਿੱਚ ਕਾਂਗਰਸ ਦੇ ਹੱਕ ਵਿੱਚ ਫਤਵਾ ਦੇਣਗੇ। ਇਸ ਮੌਕੇ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਪ੍ਰਧਾਨ ਮਨਜਿੰਦਰ ਸਿੰਘ ‘ਹੈਪੀ ਧਾਲੀਵਾਲ’ ਰੋਮਾਣਾ ਅਜੀਤ ਸਿੰਘ ਵੀ ਹਾਜ਼ਰ ਸਨ।