- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੜ੍ਹਦੀ ਕਲਾ ਸੇਵਾ ਜਥਾ ਸਿਬੀਆਂ ਵੱਲੋਂ 12 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਲੋੜਵੰਦਾਂ ਦੀ ਮਦਦ ਕਰਨਾ ਅਤੇ ਸਮਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਸਹਾਰਾ ਦੇਣਾ ਹੀ ਸੱਚੀ ਮਨੁੱਖਤਾ ਦੀ ਸੇਵਾ ਹੈ। ਇਸੇ ਸੇਵਾ ਭਾਵਨਾ ਨੂੰ ਮੁੱਖ ਰੱਖਦਿਆਂ ਚੜ੍ਹਦੀ ਕਲਾ ਸੇਵਾ ਜਥਾ ਸਿਬੀਆਂ ਵੱਲੋਂ ਪਿੰਡ ਸਿਬੀਆਂ ਦੇ 12 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਘਰੇਲੂ ਰਾਸ਼ਨ ਵੰਡਿਆ ਗਿਆ। ਜਥੇ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦਾ ਮੁੱਖ ਮਕਸਦ ਲੋੜਵੰਦ ਪਰਿਵਾਰਾਂ ਦੀਆਂ ਮੁੱਢਲੀਆਂ ਘਰੇਲੂ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਸਹਿਯੋਗ ਦੇਣਾ ਅਤੇ ਉਨ੍ਹਾਂ ਦੀਆਂ ਆਰਥਿਕ ਮੁਸ਼ਕਲਾਂ ਨੂੰ ਕੁਝ ਹੱਦ ਤੱਕ ਘਟਾਉਣਾ ਹੈ। ਇਸ ਮੌਕੇ ਚੜ੍ਹਦੀ ਕਲਾ ਸੇਵਾ ਜਥਾ ਸਿਬੀਆਂ ਦੇ ਮੁੱਖ ਸੇਵਾਦਾਰ ਭਾਈ ਗੁਰਵਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਡਾ. ਜਸਵੀਰ ਸਿੰਘ, ਸਤਨਾਮ ਸਿੰਘ ਖਾਲਸਾ, ਬਾਬਾ ਬਿੱਲੂ ਸਿੰਘ ਖਾਲਸਾ, ਸੁਖਦੀਪ ਸਿੰਘ ਢਿੱਲੋਂ ਅਤੇ ਜਸ਼ਨ ਸੱਚਦੇਵਾ ਨੇ ਸੇਵਾ ਕਾਰਜ ਵਿੱਚ ਸ਼ਮੂਲੀਅਤ ਕਰਦਿਆਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ। ਇਸ ਮੌਕੇ ਜਥੇ ਦੇ ਮੁੱਖ ਸੇਵਾਦਾਰ ਭਾਈ ਗੁਰਵਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਤੋਂ ਵੱਡਾ ਕੋਈ ਹੋਰ ਕਾਰਜ ਨਹੀਂ ਹੈ। ਸਮਾਜ ਦੇ ਹਰ ਸਮਰੱਥ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਲੋੜਵੰਦ ਪਰਿਵਾਰ ਦੀ ਰਸੋਈ ਤੱਕ ਰਾਸ਼ਨ ਪਹੁੰਚਾਉਣਾ ਸਿਰਫ਼ ਸਹਾਇਤਾ ਹੀ ਨਹੀਂ, ਸਗੋਂ ਉਸ ਪਰਿਵਾਰ ਦੇ ਦੁੱਖ-ਸੁੱਖ ਵਿੱਚ ਭਾਈਵਾਲ ਬਣਨ ਦੇ ਬਰਾਬਰ ਹੈ। ਉਨ੍ਹਾਂ ਅੱਗੇ ਕਿਹਾ ਕਿ ਮਹਿੰਗਾਈ ਦੇ ਦੌਰ ਵਿੱਚ ਆਰਥਿਕ ਤੰਗੀ ਨਾਲ ਜੂਝ ਰਹੇ ਪਰਿਵਾਰਾਂ ਲਈ ਮਹੀਨਾਵਾਰ ਰਾਸ਼ਨ ਦੀ ਸਹਾਇਤਾ ਕਾਫ਼ੀ ਮਹੱਤਵ ਰੱਖਦੀ ਹੈ। ਅਜਿਹੇ ਉਪਰਾਲਿਆਂ ਨਾਲ ਜਿੱਥੇ ਲੋੜਵੰਦ ਪਰਿਵਾਰਾਂ ਨੂੰ ਰਾਹਤ ਮਿਲਦੀ ਹੈ, ਉੱਥੇ ਹੀ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸਹਿਯੋਗ ਦੀ ਭਾਵਨਾ ਵੀ ਮਜ਼ਬੂਤ ਹੁੰਦੀ ਹੈ। ਚੜ੍ਹਦੀ ਕਲਾ ਸੇਵਾ ਜਥਾ ਸਿਬੀਆਂ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਜਾ ਸਕਦਾ ਹੈ ਕਿ ਅਜਿਹੇ ਸੇਵਾ ਕਾਰਜ ਸਮਾਜ ਦੇ ਹੋਰਨਾਂ ਲੋਕਾਂ ਅਤੇ ਸੰਸਥਾਵਾਂ ਲਈ ਵੀ ਪ੍ਰੇਰਨਾ ਦਾ ਸਰੋਤ ਬਣਦੇ ਹਨ। ਜਥੇ ਦੇ ਸੇਵਾਦਾਰਾਂ ਨੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਦੇ ਇਸ ਉਪਰਾਲੇ ਨੂੰ ਨਿਰੰਤਰ ਜਾਰੀ ਰੱਖਣ ਦੀ ਭਾਵਨਾ ਪ੍ਰਗਟਾਈ।