- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਕਟਹਿਰੇ ’ਚ ਖੜ੍ਹਾ ਕਰਨਾ ਗ਼ਲਤ: ਸੰਧਵਾਂ

ਜਗਮੀਤ ਸਿੰਘ, ਪੰਜਾਬੀ ਜਾਗਰਣ, ਕੋਟਕਪੂਰਾ : ਦਿੱਲੀ ਵਿੱਚ ਹਰ ਸਾਲ ਗੰਭੀਰ ਹੁੰਦੇ ਹਵਾ ਪ੍ਰਦੂਸ਼ਣ ਦਾ ਠੀਕਰਾ ਪੰਜਾਬ ਦੇ ਕਿਸਾਨਾਂ ਸਿਰ ਭੰਨਣ ਦੀ ਪ੍ਰਵਿਰਤੀ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਿਨਾਂ ਤੱਥਾਂ ਦੀ ਜਾਂਚ ਕੀਤੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਉਣਾ ਨਾ ਸਿਰਫ਼ ਗ਼ਲਤ ਹੈ, ਸਗੋਂ ਦੇਸ਼ ਦੇ ਅੰਨਦਾਤਾ ਦੀ ਮਿਹਨਤ ਅਤੇ ਯੋਗਦਾਨ ਨੂੰ ਵੀ ਅਣਡਿੱਠ ਕਰਨ ਦੇ ਬਰਾਬਰ ਹੈ। ਪਿੰਡ ਵਾੜਾ ਦਰਾਕਾ ਵਿਖੇ ਕਿਸਾਨ ਦੇ ਖੇਤ ਦਾ ਦੌਰਾ ਕਰਨ ਮੌਕੇ ਸੰਧਵਾਂ ਨੇ ਕਿਹਾ ਕਿ ਦਿੱਲੀ ਦੇ ਹਵਾ ਪ੍ਰਦੂਸ਼ਣ ਪਿੱਛੇ ਕਈ ਕਾਰਨ ਕੰਮ ਕਰਦੇ ਹਨ। ਵਾਹਨਾਂ ਵਿੱਚੋਂ ਨਿਕਲਣ ਵਾਲਾ ਧੂੰਆਂ, ਉਦਯੋਗਿਕ ਪ੍ਰਦੂਸ਼ਣ, ਉਸਾਰੀ ਕਾਰਜਾਂ ਕਾਰਨ ਉੱਡਦੀ ਧੂੜ ਅਤੇ ਵੱਡੀ ਆਬਾਦੀ ਦਾ ਦਬਾਅ ਵੀ ਇਸ ਸਮੱਸਿਆ ਦੇ ਪ੍ਰਮੁੱਖ ਕਾਰਕ ਹਨ। ਅਜਿਹੇ ਵਿੱਚ ਪ੍ਰਦੂਸ਼ਣ ਦੀ ਪੂਰੀ ਸਮੱਸਿਆ ਨੂੰ ਪੰਜਾਬ ਵਿੱਚ ਪਰਾਲੀ ਸਾੜਨ ਨਾਲ ਜੋੜ ਦੇਣਾ ਤੱਥਾਂ ਤੋਂ ਪਰੇ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਲਾਕੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵੀ ਬਹੁਤ ਘੱਟ ਸਾਹਮਣੇ ਆਈਆਂ ਹਨ। ਕਈ ਥਾਵਾਂ ’ਤੇ ਖੇਤਾਂ ਵਿੱਚ ਦੂਰ-ਦੂਰ ਤੱਕ ਅੱਗ ਲੱਗੀ ਦਿਖਾਈ ਨਹੀਂ ਦਿੰਦੀ। ਇਸ ਦੇ ਬਾਵਜੂਦ ਹਰ ਸਾਲ ਪੰਜਾਬ ਨੂੰ ਹੀ ਨਿਸ਼ਾਨਾ ਬਣਾਉਣਾ ਸਮਝ ਤੋਂ ਬਾਹਰ ਹੈ। ਸਪੀਕਰ ਸੰਧਵਾਂ ਨੇ ਭਾਜਪਾ ਆਗੂਆਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪ੍ਰਦੂਸ਼ਣ ਦੇ ਅਸਲ ਕਾਰਨਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਪੰਜਾਬ ਦੇ ਕਿਸਾਨ ਦੇਸ਼ ਦੇ ਅੰਨ ਭੰਡਾਰ ਭਰਨ ਵਿੱਚ ਵੱਡੀ ਭੂਮਿਕਾ ਨਿਭਾਉਂਦੇ ਹਨ। ਪੰਜਾਬੀਆਂ ਦਾ ਦੇਸ਼ ਦੀ ਆਜ਼ਾਦੀ ਅਤੇ ਤਰੱਕੀ ਵਿੱਚ ਵੀ ਅਹਿਮ ਯੋਗਦਾਨ ਰਿਹਾ ਹੈ। ਇਸ ਲਈ ਕਿਸਾਨਾਂ ਨੂੰ ਬਦਨਾਮ ਕਰਨ ਦੀ ਥਾਂ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਕੰਮ ਦੀ ਕਦਰ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਇੱਕ ਗੰਭੀਰ ਸਾਂਝੀ ਸਮੱਸਿਆ ਹੈ, ਜਿਸ ਦਾ ਹੱਲ ਵੀ ਸਾਰੇ ਸਬੰਧਤ ਕਾਰਕਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਕੱਢਿਆ ਜਾ ਸਕਦਾ ਹੈ। ਭਾਜਪਾ ਆਗੂਆਂ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਅਤੇ ਇਸ ਦੇ ਕਿਸਾਨਾਂ ਵਿਰੁੱਧ ਬੇਬੁਨਿਆਦ ਦੋਸ਼ ਲਗਾਉਣ ਤੋਂ ਗੁਰੇਜ਼ ਕਰਨ ਅਤੇ ਤੱਥਾਂ ਦੇ ਆਧਾਰ ’ਤੇ ਆਪਣੀ ਗੱਲ ਰੱਖਣ।