- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ-25 ਦੇ ਵਿਕਾਸ ਲਈ ਖਰਚੇ 1.23 ਕਰੋੜ, 58 ਲੱਖ ਦੇ ਨਵੇਂ ਕੰਮਾਂ ਨੂੰ ਮਿਲੀ ਸ਼ੁਰੂਆਤ : ਸੰਧਵਾਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਕੋਟਕਪੂਰਾ ਸ਼ਹਿਰ ਦੇ ਵਾਰਡ ਨੰਬਰ 25 ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਸਰਗਰਮੀ ਤੇਜ਼ ਹੋ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਵਿੱਚ 58 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਦਿਆਂ ਦਾਅਵਾ ਕੀਤਾ ਕਿ ਵਾਰਡ ਦੇ ਵਿਕਾਸ ਲਈ ਹੁਣ ਤੱਕ ਕੁੱਲ 1 ਕਰੋੜ 23 ਲੱਖ ਰੁਪਏ ਦੇ ਕੰਮ ਕਰਵਾਏ ਜਾ ਰਹੇ ਹਨ। ਇਸ ਮੌਕੇ ਸੰਧਵਾਂ ਨੇ ਵਿਕਾਸ ਕਾਰਜਾਂ ਨੂੰ ਸਿਰਫ਼ ਐਲਾਨਾਂ ਤੱਕ ਸੀਮਤ ਨਾ ਰੱਖਣ ਦੀ ਗੱਲ ਕਰਦਿਆਂ ਕਿਹਾ ਕਿ ਸਾਲ 2022 ਵਿੱਚ ਲੋਕਾਂ ਕੋਲੋਂ ਵੋਟਾਂ ਮੰਗਣ ਸਮੇਂ ਉਨ੍ਹਾਂ ਨੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ 2027 ਵਿੱਚ ਮੁੜ ਲੋਕਾਂ ਦੀ ਕਚਹਿਰੀ ਵਿੱਚ ਜਾਣ ਤੋਂ ਪਹਿਲਾਂ ਅਮਲੀ ਰੂਪ ਦੇਣਾ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਅਨੁਸਾਰ ਵਾਰਡ ਵਿੱਚ ਪਹਿਲਾਂ 45 ਲੱਖ ਰੁਪਏ ਦੇ ਵਿਕਾਸ ਕਾਰਜ ਮੁਕੰਮਲ ਕਰਵਾਏ ਜਾ ਚੁੱਕੇ ਹਨ, ਜਦਕਿ ਹੁਣ 58 ਲੱਖ ਰੁਪਏ ਦੇ ਨਵੇਂ ਕੰਮ ਸ਼ੁਰੂ ਕਰਵਾਏ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਲੋੜ ਅਨੁਸਾਰ ਪੜਾਅਵਾਰ ਪੂਰੇ ਕੀਤੇ ਜਾਣਗੇ। ਵਿਕਾਸ ਕਾਰਜਾਂ ਦੀ ਗੁਣਵੱਤਾ ਸਬੰਧੀ ਗੱਲ ਕਰਦਿਆਂ ਸਪੀਕਰ ਨੇ ਕਿਹਾ ਕਿ ਸਰਕਾਰੀ ਪੈਸੇ ਦੀ ਸਹੀ ਵਰਤੋਂ ਅਤੇ ਕੰਮਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਾ ਤਾਂ ਉਹ ਕਿਸੇ ਕੰਮ ਵਿੱਚ ਕਮਿਸ਼ਨ ਲੈਂਦੇ ਹਨ ਅਤੇ ਨਾ ਹੀ ਠੇਕੇਦਾਰਾਂ ਜਾਂ ਅਧਿਕਾਰੀਆਂ ਉੱਤੇ ਨਾਜਾਇਜ਼ ਦਬਾਅ ਪਾਇਆ ਜਾਂਦਾ ਹੈ। ਉਨ੍ਹਾਂ ਮੁਹੱਲਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਗਲੀਆਂ ਦੇ ਨਿਰਮਾਣ ਦੌਰਾਨ ਕੰਮ ਦੀ ਗੁਣਵੱਤਾ ਉੱਤੇ ਨਜ਼ਰ ਰੱਖਣ ਅਤੇ ਕਿਸੇ ਤਰ੍ਹਾਂ ਦੀ ਕਮੀ ਸਾਹਮਣੇ ਆਉਣ ’ਤੇ ਧਿਆਨ ਵਿੱਚ ਲਿਆਉਣ। ਸੰਧਵਾਂ ਨੇ ਵਿਕਾਸ ਦੇ ਨਾਲ ਵਾਤਾਵਰਣ ਦੀ ਸੰਭਾਲ ਨੂੰ ਵੀ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਗਲੀਆਂ ਦੇ ਨਿਰਮਾਣ ਸਮੇਂ ਬੂਟੇ ਲਗਾਉਣ ਲਈ ਢੁਕਵੀਂ ਥਾਂ ਛੱਡੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਦਾ ਮਕਸਦ ਸਿਰਫ਼ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੀ ਨਹੀਂ, ਸਗੋਂ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਦੇਣਾ ਵੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਰਡ ਦੀਆਂ ਰਹਿੰਦੀਆਂ ਗਲੀਆਂ ਅਤੇ ਹੋਰ ਲੋੜੀਂਦੇ ਕੰਮਾਂ ਨੂੰ ਵੀ ਲੋਕਾਂ ਦੀ ਸਲਾਹ ਅਤੇ ਲੋੜ ਅਨੁਸਾਰ ਪੂਰਾ ਕਰਵਾਇਆ ਜਾਵੇਗਾ। ਇਸ ਮੌਕੇ ਨਗਰ ਕੌਂਸਲ ਦੇ ਵਾਈਸ ਪ੍ਰਧਾਨ ਸੁਖਜਿੰਦਰ ਸਿੰਘ ਤੱਖੀ ਸਮੇਤ ਵਾਰਡ ਵਾਸੀ ਹਾਜ਼ਰ ਸਨ।