ਜੈਤੋ 'ਚ ਕਾਂਗਰਸ ਦੀ 'ਜਵਾਨੀ ਸੰਭਾਲ ਸਾਈਕਲ ਯਾਤਰਾ' ਨੂੰ ਲੈ ਕੇ ਭਾਰੀ ਉਤਸ਼ਾਹ : ਰਾਜਦੀਪ ਔਲਖ ਹਲਕਾ ਜੈਤੋ 'ਚ ਕਾਂਗਰਸ ਦੀ 'ਜਵਾਨੀ ਸੰਭਾਲ ਸਾਈਕਲ ਯਾਤਰਾ' ਨੂੰ ਲੈ ਕੇ ਭਾਰੀ ਉਤਸ਼ਾਹ : ਰਾਜਦੀਪ ਔਲਖ
Publish Date: Sat, 14 Nov 2026 03:38 PM (IST)
Updated Date: Sat, 14 Nov 2026 03:39 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਲੋਕ ਸਭਾ ਹਲਕਾ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਅਤੇ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਜਵਾਨੀ ਸੰਭਾਲ ਸਾਈਕਲ ਯਾਤਰਾ ਦੇ ਹਲਕਾ ਜੈਤੋ ਵਿੱਚ ਪਹੁੰਚਣ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਯਾਤਰਾ ਦੇ ਸਵਾਗਤ ਲਈ ਹਲਕੇ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਟਰੱਕ ਯੂਨੀਅਨ ਜੈਤੋ ਦੇ ਸਾਬਕਾ ਪ੍ਰਧਾਨ, ਯੂਥ ਕਾਂਗਰਸ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ ਅਤੇ ਪਿੰਡ ਰਾਮੇਆਣਾ ਦੇ ਸਰਪੰਚ ਰਾਜਦੀਪ ਸਿੰਘ ਔਲਖ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਅਤੇ ਸਮਾਜ ਨੂੰ ਇਸ ਗੰਭੀਰ ਸਮੱਸਿਆ ਪ੍ਰਤੀ ਜਾਗਰੂਕ ਕਰਨ ਲਈ ਇਹ ਸਾਈਕਲ ਯਾਤਰਾ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਪੇਟ ਵਿੱਚ ਆ ਰਹੀ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਰਾਜਦੀਪ ਸਿੰਘ ਔਲਖ ਨੇ ਦੱਸਿਆ ਕਿ ਇਹ ਸਾਈਕਲ ਯਾਤਰਾ 16 ਨਵੰਬਰ, ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਹਲਕਾ ਜੈਤੋ ਵਿੱਚ ਪਹੁੰਚੇਗੀ। ਪਿੰਡ ਰੋਮਾਣਾ ਅਲਬੇਲ ਸਿੰਘ ਵਿਖੇ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਉਪਰੰਤ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਵੱਡੇ ਕਾਫ਼ਲੇ ਦੀ ਅਗਵਾਈ ਹੇਠ ਯਾਤਰਾ ਨੂੰ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਿਜਾਇਆ ਜਾਵੇਗਾ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਨਾਲ ਨੌਜਵਾਨਾਂ ਨੂੰ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੁੜਨ ਦਾ ਸੁਨੇਹਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਯਾਤਰਾ ਦੀ ਅਗਵਾਈ ਕਰ ਰਹੇ ਚਰਨਜੀਤ ਸਿੰਘ ਚੰਨੀ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਸ਼ਹੀਦ ਹੋਏ ਭਾਈ ਗੁਰਜੀਤ ਸਿੰਘ ਸਰਾਵਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ ਅਤੇ ਦੁੱਖ ਸਾਂਝਾ ਕਰਨਗੇ। ਇਸ ਉਪਰੰਤ ਉਹ ਪਿੰਡ ਦੀ ਸੱਥ ਵਿੱਚ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਨੂੰ ਲੈ ਕੇ ਵੀ ਇਲਾਕੇ ਦੇ ਲੋਕਾਂ ਵਿੱਚ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਅਲਾਮਤ ਦੇ ਖ਼ਾਤਮੇ ਲਈ ਸਰਕਾਰਾਂ ਦੇ ਯਤਨਾਂ ਦੇ ਨਾਲ-ਨਾਲ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਨੌਜਵਾਨਾਂ ਅਤੇ ਮਾਪਿਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਸਰਪੰਚ ਰਾਜਦੀਪ ਸਿੰਘ ਔਲਖ ਨੇ ਦੋਸ਼ ਲਾਇਆ ਕਿ ਸਰਕਾਰ ਦੀ ਨਾਕਾਮੀ ਕਾਰਨ ਸੂਬੇ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਲਪੇਟ ਵਿੱਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਦੀਆਂ ਸਮੱਸਿਆਵਾਂ ਗੰਭੀਰ ਹੋ ਰਹੀਆਂ ਹਨ, ਜਦਕਿ ਸਰਕਾਰ ਲੋਕਾਂ ਦੀਆਂ ਅਸਲ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਬਿਆਨਬਾਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਵਾਨੀ ਨੂੰ ਬਚਾਉਣ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਤੋਰਨ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਕਾਂਗਰਸ ਪਾਰਟੀ ਸਮਰੱਥ ਹੈ। ਉਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਵੀ ਕੀਤੀ। ਅਖੀਰ ਵਿੱਚ ਸਰਪੰਚ ਰਾਜਦੀਪ ਸਿੰਘ ਔਲਖ ਨੇ ਹਲਕਾ ਜੈਤੋ ਦੇ ਸਮੂਹ ਕਾਂਗਰਸੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ 16 ਨਵੰਬਰ ਨੂੰ ਪਹੁੰਚ ਰਹੀ ਜਵਾਨੀ ਸੰਭਾਲ ਸਾਈਕਲ ਯਾਤਰਾ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ।