- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਪਰਾਲੀ ਨੂੰ ਅੱਗ ਲਗਾਉਣ ਤੋਂ ਕਰਨ ਗੁਰੇਜ਼ : ਐੱਸਡੀਐੱਮ ਵਿਕਰਮਜੀਤ ਬਾਂਸਲ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਉਪ ਮੰਡਲ ਮੈਜਿਸਟਰੇਟ ਜੈਤੋ ਵਿਕਰਮਜੀਤ ਬਾਂਸਲ (ਪੀ.ਸੀ.ਐੱਸ.) ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਵਾਤਾਵਰਨ ਦੀ ਸ਼ੁੱਧਤਾ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਧੂੰਆਂ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਮਨੁੱਖੀ ਸਿਹਤ ਲਈ ਵੀ ਗੰਭੀਰ ਖ਼ਤਰਾ ਬਣਦਾ ਹੈ। ਇਸ ਲਈ ਕਿਸਾਨ ਵਾਤਾਵਰਨ ਦੀ ਸੰਭਾਲ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ। ਐੱਸਡੀਐੱਮ ਵਿਕਰਮਜੀਤ ਬਾਂਸਲ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਵਿੱਚ ਵੱਡੀ ਮਾਤਰਾ ਵਿੱਚ ਧੂੰਆਂ ਅਤੇ ਹਾਨੀਕਾਰਕ ਪ੍ਰਦੂਸ਼ਕ ਫੈਲਦੇ ਹਨ, ਜਿਸ ਕਾਰਨ ਸਾਹ ਲੈਣ ਵਿੱਚ ਦਿੱਕਤ, ਦਮੇ ਅਤੇ ਸਾਹ ਪ੍ਰਣਾਲੀ ਨਾਲ ਸਬੰਧਤ ਹੋਰ ਬਿਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ। ਇਸ ਦਾ ਸਭ ਤੋਂ ਵੱਧ ਅਸਰ ਬੱਚਿਆਂ, ਬਜ਼ੁਰਗਾਂ ਅਤੇ ਪਹਿਲਾਂ ਤੋਂ ਸਾਹ ਦੀਆਂ ਬਿਮਾਰੀਆਂ ਨਾਲ ਪੀੜਤ ਲੋਕਾਂ ਉੱਪਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਸਿਹਤਮੰਦ ਸਮਾਜ ਦੀ ਬੁਨਿਆਦ ਹੈ ਅਤੇ ਇਸ ਦੀ ਸੰਭਾਲ ਕਰਨਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉੱਪਰਲੀ ਪਰਤ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਅਤੇ ਸੂਖਮ ਜੀਵ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਕੁਦਰਤੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਇਸ ਤੋਂ ਇਲਾਵਾ ਅੱਗ ਬੇਕਾਬੂ ਹੋ ਕੇ ਨੇੜਲੇ ਖੇਤਾਂ ਵਿੱਚ ਖੜ੍ਹੀ ਫ਼ਸਲ, ਦਰੱਖਤਾਂ ਅਤੇ ਰਿਹਾਇਸ਼ੀ ਇਲਾਕਿਆਂ ਤੱਕ ਫੈਲ ਸਕਦੀ ਹੈ, ਜਿਸ ਕਾਰਨ ਜਾਨੀ ਅਤੇ ਮਾਲੀ ਨੁਕਸਾਨ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੇ ਕਿਨਾਰਿਆਂ ਅਤੇ ਖੁੱਲ੍ਹੀਆਂ ਥਾਵਾਂ ਵਿੱਚ ਪਈ ਪਰਾਲੀ ਨੂੰ ਅੱਗ ਲਗਾਉਣ ਨਾਲ ਉੱਠਣ ਵਾਲਾ ਧੂੰਆਂ ਆਵਾਜਾਈ ਵਿੱਚ ਵੀ ਵੱਡੀ ਰੁਕਾਵਟ ਪੈਦਾ ਕਰਦਾ ਹੈ। ਧੂੰਏਂ ਕਾਰਨ ਵਾਹਨ ਚਾਲਕਾਂ ਨੂੰ ਸੜਕ ਉੱਪਰ ਦਿਖਾਈ ਦੇਣ ਦੀ ਸਮਰੱਥਾ ਘਟ ਜਾਂਦੀ ਹੈ, ਜਿਸ ਨਾਲ ਸੜਕ ਹਾਦਸਿਆਂ ਦਾ ਖ਼ਤਰਾ ਵਧ ਜਾਂਦਾ ਹੈ। ਅਜਿਹੀਆਂ ਘਟਨਾਵਾਂ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਲਈ ਵੀ ਚੁਣੌਤੀ ਬਣ ਸਕਦੀਆਂ ਹਨ। ਐੱਸਡੀਐੱਮ ਵਿਕਰਮਜੀਤ ਬਾਂਸਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਦਿੱਤੇ ਜਾਂਦੇ ਸੁਝਾਵਾਂ ਦੀ ਪਾਲਣਾ ਕਰਨ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਨ ਪੱਖੀ ਤਰੀਕੇ ਅਪਣਾਉਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਰਗਰਮ ਸਹਿਯੋਗ ਨਾਲ ਹੀ ਹਵਾ ਪ੍ਰਦੂਸ਼ਣ ਦੀ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਝੋਨੇ ਦੀ ਖ਼ਰੀਦ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਐੱਸਡੀਐੱਮ ਵਿਕਰਮਜੀਤ ਬਾਂਸਲ ਨੇ ਕਿਹਾ ਕਿ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਸਰਕਾਰ ਦੁਆਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਹੀ ਝੋਨੇ ਦੀ ਖ਼ਰੀਦ ਕੀਤੀ ਜਾਂਦੀ ਹੈ। ਇਸ ਲਈ ਕਿਸਾਨ ਆਪਣੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਅਤੇ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਹੀ ਮੰਡੀਆਂ ਵਿੱਚ ਲੈ ਕੇ ਆਉਣ। ਉਨ੍ਹਾਂ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਲਿਆਉਣ ਤੋਂ ਗੁਰੇਜ਼ ਕਰਨ ਦੀ ਸਲਾਹ ਵੀ ਦਿੱਤੀ। ਉਨ੍ਹਾਂ ਕਿਹਾ ਕਿ ਸੁੱਕੀ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਤਿਆਰ ਕੀਤੀ ਫ਼ਸਲ ਮੰਡੀ ਵਿੱਚ ਲਿਆਉਣ ਨਾਲ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇਗੀ। ਇਸ ਨਾਲ ਮੰਡੀਆਂ ਵਿੱਚ ਬੇਲੋੜੀ ਭੀੜ ਤੋਂ ਬਚਣ ਦੇ ਨਾਲ-ਨਾਲ ਕਿਸਾਨਾਂ ਦੀ ਖੱਜਲ-ਖੁਆਰੀ ਵੀ ਘਟੇਗੀ ਅਤੇ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਸਹੂਲਤ ਮਿਲੇਗੀ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਮੰਡੀਕਰਨ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ।