‘ਜਵਾਨੀ ਸੰਭਾਲ ਸਾਈਕਲ ਯਾਤਰਾ’ ਭਲਕੇ ਪਹੁੰਚੇਗੀ ਜੈਤੋ : ਅਵਤਾਰ ਸੰਧਵਾਂ/ਗੁਰਬਿੰਦਰ ਕੌਰ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਭਲਕੇ ਪਹੁੰਚੇਗੀ ਜੈਤੋ : ਅਵਤਾਰ ਸੰਧਵਾਂ/ਗੁਰਬਿੰਦਰ ਕੌਰ
Publish Date: Sat, 14 Nov 2026 03:42 PM (IST)
Updated Date: Sat, 14 Nov 2026 03:45 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਦੀ ਜਵਾਨੀ ਨੂੰ ਦਰਪੇਸ਼ ਗੰਭੀਰ ਸਮੱਸਿਆਵਾਂ, ਨੌਜਵਾਨਾਂ ਦੇ ਭਵਿੱਖ ਅਤੇ ਸੂਬੇ ਦੇ ਸਮਾਜਿਕ ਤੇ ਆਰਥਿਕ ਹਾਲਾਤ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ 16 ਨਵੰਬਰ, ਦਿਨ ਸੋਮਵਾਰ ਨੂੰ ਵਿਧਾਨ ਸਭਾ ਹਲਕਾ ਜੈਤੋ ਵਿਖੇ ਪਹੁੰਚੇਗੀ। 12 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਸ਼ੁਰੂ ਹੋਈ ਇਹ ਯਾਤਰਾ 19 ਨਵੰਬਰ ਤੱਕ ਜਾਰੀ ਰਹੇਗੀ ਅਤੇ ਪੰਜਾਬ ਦੇ 23 ਵਿਧਾਨ ਸਭਾ ਹਲਕਿਆਂ ਵਿੱਚੋਂ ਗੁਜ਼ਰੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਅਵਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਦੀ ਧਰਮਪਤਨੀ, ਸੀਨੀਅਰ ਮਹਿਲਾ ਕਾਂਗਰਸੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਫ਼ਰੀਦਕੋਟ ਐਡਵੋਕੇਟ ਗੁਰਬਿੰਦਰ ਕੌਰ ਨੇ ਦੱਸਿਆ ਕਿ ਇਹ ਸਾਈਕਲ ਯਾਤਰਾ 16 ਨਵੰਬਰ ਨੂੰ ਸਵੇਰੇ 10 ਵਜੇ ਹਲਕਾ ਜੈਤੋ ਦੇ ਪਿੰਡ ਰੋਮਾਣਾ ਅਲਬੇਲ ਸਿੰਘ ਵਿਖੇ ਪਹੁੰਚੇਗੀ। ਇਸ ਮੌਕੇ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਪਿੰਡ ਰੋਮਾਣਾ ਅਲਬੇਲ ਸਿੰਘ ਤੋਂ ਇਲਾਵਾ ਸਰਾਵਾਂ, ਗੁਰੂਸਰ, ਬਹਿਬਲ ਕਲਾਂ (ਨਿਆਮੀਵਾਲਾ) ਅਤੇ ਬਰਗਾੜੀ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾਵੇਗਾ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਨੌਜਵਾਨਾਂ ਅਤੇ ਆਮ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਅਹਿਮ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕਰਨਗੇ। ਇਸੇ ਦੌਰਾਨ ਉਹ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਸ਼ਹੀਦ ਹੋਏ ਭਾਈ ਗੁਰਜੀਤ ਸਿੰਘ ਸਰਾਵਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਵੀ ਕਰਨਗੇ। ਐਡਵੋਕੇਟ ਅਵਤਾਰ ਸਿੰਘ ਸੰਧਵਾਂ ਅਤੇ ਐਡਵੋਕੇਟ ਗੁਰਬਿੰਦਰ ਕੌਰ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਸੂਬੇ ਦਾ ਸਭ ਤੋਂ ਕੀਮਤੀ ਸਰਮਾਇਆ ਹੈ ਅਤੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਨਾਲ ਹੀ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਜੁੜੀ ਹੋਈ ਹੈ। ਪਰ ਅੱਜ ਨਸ਼ਿਆਂ ਦਾ ਵਧਦਾ ਪ੍ਰਕੋਪ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਨੌਜਵਾਨ ਪੀੜ੍ਹੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਰੁਜ਼ਗਾਰ ਦੇ ਢੁੱਕਵੇਂ ਮੌਕੇ ਨਾ ਮਿਲਣ ਕਾਰਨ ਬਹੁਤ ਸਾਰੇ ਨੌਜਵਾਨ ਨਿਰਾਸ਼ਾ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਮੁੱਖ ਉਦੇਸ਼ ਸਿਰਫ਼ ਵੱਖ-ਵੱਖ ਪਿੰਡਾਂ ਤੱਕ ਪਹੁੰਚਣਾ ਹੀ ਨਹੀਂ, ਸਗੋਂ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਆਵਾਜ਼ ਬੁਲੰਦ ਕਰਨਾ ਵੀ ਹੈ। ਯਾਤਰਾ ਦੌਰਾਨ ਰੁਜ਼ਗਾਰ ਦੇ ਮੌਕਿਆਂ, ਮਿਆਰੀ ਸਿੱਖਿਆ, ਖੇਡਾਂ, ਨਸ਼ਾ ਮੁਕਤੀ ਅਤੇ ਨੌਜਵਾਨਾਂ ਦੀ ਸਮਾਜਿਕ ਸੁਰੱਖਿਆ ਵਰਗੇ ਮਹੱਤਵਪੂਰਨ ਵਿਸ਼ਿਆਂ ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ, ਸਮਾਜ ਸੇਵਾ ਅਤੇ ਉਸਾਰੂ ਗਤੀਵਿਧੀਆਂ ਨਾਲ ਜੁੜਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਹੀ ਦਿਸ਼ਾ ਅਤੇ ਬਿਹਤਰ ਮੌਕੇ ਮੁਹੱਈਆ ਕਰਵਾਉਣਾ ਸਰਕਾਰ, ਮਾਪਿਆਂ, ਅਧਿਆਪਕਾਂ ਅਤੇ ਸਮਾਜ ਦੇ ਹਰੇਕ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਅੰਤ ਵਿੱਚ ਕਾਂਗਰਸੀ ਆਗੂਆਂ ਨੇ ਹਲਕਾ ਜੈਤੋ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਨੌਜਵਾਨਾਂ, ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਇਸ ਸਾਈਕਲ ਯਾਤਰਾ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਉਸ ਦੇ ਬਿਹਤਰ ਭਵਿੱਖ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।